ਗੁ. ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 16 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪੁਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ|
ਬੀਬੀ ਉਤਮਜੀਤ ਕੌਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਚਾਰਨ ਕੀਤੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਧਰਮ ਸਿੰਘ ਮਾਹੀ, ਭਾਈ ਅਮਰਜੀਤ ਸਿੰਘ ਖਾਲਸਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ| ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 21 ਅਪ੍ਰੈਲ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ|

Leave a Reply

Your email address will not be published. Required fields are marked *