ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ| ਉਨ੍ਹਾਂ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ| ਭਾਈ ਸਵਿੰਦਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਜੁਝਾਰ ਸਿੰਘ, ਭਗਡਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਬਲਜੀਤ ਸਿੰਘ, ਬੀਬੀ ਰੁਪਿੰਦਰਜੀਤ ਕੌਰ ਦੇ ਜੱਥਿਆਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ| ਇਸ ਦਿਹਾੜੇ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *