ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐਸ. ਏ. ਐਸ. ਨਗਰ, 10 ਜੁਲਾਈ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਭਾਈ ਮਨੀ ਸਿੰਘ ਜੀ ਦੁਆਰਾ ਧਰਮ ਦੀ ਖਾਤਰ ਬੰਦ ਬੰਦ ਕਟਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਭਾਈ ਸਵਿੰਦਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਗੁਰਦਿਆਲ ਸਿੰਘ ਦਾ ਪੰਥਕ ਜੱਥਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜੁਝਾਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਪ੍ਰਤਾਪ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਨਿਭਾਇਆ| ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ16 ਜੁਲਾਈ ਨੂੰ ਸਿੱਖੀ ਸਿਦਕ  ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ| ਇਸ ਉਪਰੰਤ ਭਾਈ ਗੁਰਦੇਵ ਸਿੰਘ ਮਸੌਲ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਅਤੇ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਓਂਕਾਰ ਸਿੰਘ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ |  ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Leave a Reply

Your email address will not be published. Required fields are marked *