ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ 40 ਦਿਨਾਂ ਤੋ ਨਿਰੰਤਰ ਚੱਲ ਰਹੇ ਸ੍ਰੀ ਸੁੱਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਐਸ ਏ ਐਸ ਨਗਰ, 11 ਜੂਨ (ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 40 ਦਿਨਾਂ ਤੋਂ ਨਿਰੰਤਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ| ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੇ ਇਨਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿੱਚ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ| ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਤ ਅਤੇ ਉਨਾਂ ਦੁਆਰਾ ਉਚਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ|
ਇਸ ਤੋਂ ਇਲਾਵਾ ਮੀਰੀ ਪੀਰੀ ਪੰਥਕ ਢਾਡੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਓਂਕਾਰ ਸਿੰਘ, ਬਾਬਾ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਿੰਦਰ ਸਿੰਘ, ਭਾਈ ਸੰਦੀਪ ਸਿੰਘ ਜੀ ਸ਼ੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਬੀਬੀ ਤੇਜਿੰਦਰ ਕੌਰ ਖਾਲਸਾ, ਭਾਈ ਜੁਝਾਰ ਸਿੰਘ , ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨਿਭਾਈ|
ਗੁ: ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ (12 ਜੂਨ ਨੂੰ) ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ|

Leave a Reply

Your email address will not be published. Required fields are marked *