ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 49ਵੀਂ ਲੜੀ ਦੀ 4949ਵੇਂ ਸ੍ਰੀ ਅਖੰਡ ਪਾਠ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 25 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 49ਵੀਂ ਲੜੀ ਦੇ 4949ਵੇਂ ਸ੍ਰੀ ਅਖੰਡ ਪਾਠ ਸੰਪੂਰਨ ਹੋਣ ਦੀ ਖੁਸ਼ੀ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਗਿਆ। ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਸ਼ਹੀਦੀ ਦਾ ਪੂਰਾ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ । ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬਾਣੀ ਬਾਰੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਚਰਨਜੀਤ ਸਿੰਘ ਚੰਨੀ ਹਜੂਰੀ ਰਾਗੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ।

ਇਸ ਤੋਂ ਇਲਾਵਾ ਭਾਈ ਤੇਜਿੰਦਰ ਸਿੰਘ ਗੁਰਦਾਸਪੁਰ ਵਾਲੇ, ਭਾਈ ਸੰਦੀਪ ਸਿੰਘ ,ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਹਰਸਿਮਰਨ ਸਿੰਘ, ਭਾਈ ਜੋਗਿੰਦਰ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਖਾਲਸਾ, ਭਾਈ ਦਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜਗ ਦਾ ਆਯੋਜਨ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *