ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 42ਵੀਂ ਲੜੀ ਦੀ ਸੰਪੂਰਨਤਾਈ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 42ਵੀਂ ਲੜੀ ਦੇ 4242 ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖੁਸ਼ੀ ਦੇ ਦਿਹਾੜੇ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਮੌਕੇ ਸਵੇਰੇ 4242ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਮਾਨ ਸਿੰਘ ਅਕਾਲੀ ਅਤੇ ਗਲਵੱਟੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਸ਼ਹੀਦੀ ਦਾ ਪੂਰਾ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ| ਭਾਈ ਪਰਮਜੀਤ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਮਾਈ ਭਾਗੋ ਕਵੀਸ਼ਰੀ ਅਤੇ ਪੰਥਕ ਢਾਡੀ ਜੱਥਾ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਮੁਖਤਿਆਰ ਸਿੰਘ ਦਾ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਹਰਦੀਪ ਸਿੰਘ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ| ਦਰਬਾਰ ਸਾਹਿਬ ਨੂੰ ਬਾਹਰੋਂਂ ਅਤੇ ਗੇਟ ਤੱਕ ਦੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ| ਇਸ ਮੌਕੇ ਤੇ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ|  ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ| ਇਸ ਮੌਕੇ ਲੱਡੂ ਜਲੇਬੀਆਂ ਦਾ ਅਤੁੱਟ ਜੱਗ, ਕਈ ਤਰ੍ਹਾਂ ਦੇ ਮਿਸਠਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *