ਚੋਣ ਕਮਿਸ਼ਨ ਦੀ ਸਖਤੀ ਜਾਰੀ ਰਹੇ

ਪਿਛਲੇ ਹਫਤੇ ਪੰਜਾਬ ਵਿਧਾਨਸਭਾ ਚੋਣਾ ਦਾ ਰਸਮੀ ਐਲਾਨ ਕੀਤੇ ਜਾਣ ਤੋਂ ਬਾਅਦ ਤੋਂ ਹੀ ਚੋਣ ਕਮਿਸ਼ਨ ਵਲੋਂ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਵਾਉਣ ਅਤੇ ਸੂਬੇ ਵਿੱਚ ਨਿਰਪੱਖ ਅਤੇ ਸਾਫ ਸੁਥਰੀਆਂ ਚੋਣਾਂ ਕਰਵਾਉਣ ਦੀ ਮੁਹਿੰਮ ਦੇ ਤਹਿਤ ਅਜਿਹੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਬਾਰੇ ਚੋਣ ਕਮਿਸ਼ਨ ਨੂੰ ਇਹ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਉਹ ਅਧਿਕਾਰੀ ਆਪਣੀ ਸਰਕਾਰੀ ਕੁਰਸੀ ਅਤੇ ਰਸੂਖ ਦੀ ਦੁਰਵਰਤੋਂ ਕਿਸੇ ਖੇਤਰ ਵਿਸ਼ੇਸ਼ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ| ਇਸਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਦਿੱਤੀਆਂ ਹਿਦਾਇਤਾਂ ਨੇ ਵੀ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ|
ਪੰਜਾਬ ਵਿੱਚ ਚੋਣਾਂ ਦਾ ਅਮਲ ਸਾਫ ਸੁਥਰੇ ਅਤੇ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹੇ ਇਸ ਲਈ ਜਰੂਰੀ ਹੈ ਕਿ ਚੋਣ ਕਮਿਸ਼ਨ ਵਲੋਂ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਕੀਤੀ ਜਾ ਰਹੀ ਕਾਰਵਾਈ ਇਸੇ ਤਰ੍ਹਾਂ ਬਰਕਰਾਰ ਰਹੇ ਅਤੇ ਇਸ ਕਿਸੇ ਕਿਸਮ ਦੀ ਢਿੱਲ ਨਾ ਆਊਣ ਦਿੱਤੀ ਜਾਵੇ| ਹੁਣੇ ਤਾਂ ਇਹ ਅਮਲ ਸ਼ੁਰੂ ਹੋਇਆ ਹੈ ਅਤੇ ਅਗਲੇ ਕੁੱਝ ਦਿਨਾਂ ਬਾਅਦ ਜਦੋਂ ਸਾਰੀਆਂ ਪਾਰਟੀਆਂ ਵਲੋਂ ਚੋਣ ਲੜਣ ਵਾਲੇ ਵੱਖ ਵੱਖ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਸ਼ਿਖਰਾਂ ਤੇ ਪਹੁੰਚਾ ਦਿੱਤੀ ਜਾਵੇਗੀ ਉਸ ਵੇਲੇ ਇਸ ਆਦਰਸ਼ ਚੋਣ ਜਾਬਤੇ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਵਾਉਣਾ ਚੋਣ ਕਮਿਸ਼ਨ ਲਈ ਵੱਡੀ ਚੁਣੌਤੀ ਸਾਬਿਤ ਹੋਣਾ ਹੈ ਅਤੇ ਉਸ ਨੂੰ ਇਸ ਸੰਬੰਧੀ ਅਗਾਉਂ ਤਿਆਰੀਆਂ ਕਰਨੀਆਂ ਚਾਹੀਦੀਆਂ ਹਨ|
ਅਸੀਂ ਸਾਰੇ ਹੀ ਜਾਣਦੇ ਹਾਂ ਕਿ ਚੋਣਾਂ ਦੌਰਾਨ ਚੋਣ ਲੜਣ ਵਾਲੇ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਵਲੋਂ ਆਪਣੇ ਸਿਆਸੀ ਫਾਇਦੇ ਲਈ ਆਦਰਸ਼ ਚੋਣ ਜਾਬਤੇ ਦੀਆਂ ਧੱਜੀਆਂ ਉੜਾਈਆਂ ਜਾਂਦੀਆਂ ਹਨ| ਉਮੀਦਵਾਰ ਭਾਵੇਂ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਹੋਣ ਜਾਂ ਆਜਾਦ, ਉਹਨਾਂ ਵਿੱਚੋਂ ਜਿਆਦਾਤਰ ਉਮੀਦਵਾਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਅਤੇ ਉਹਨਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਹਰ ਜਾਇਜ ਨਾਜਾਇਜ ਤਰੀਕਾ ਵਰਤਣ ਲਈ ਤਿਆਰ ਰਹਿੰਦੇ ਹਨ| ਜਾਹਿਰ ਹੈ ਕਿ ਇਸ ਵਾਰ ਵੀ ਇਹਨਾਂ ਉਮੀਦਵਾਰਾਂ ਵਲੋਂ ਆਪਣੀਆਂ ਇਹਨਾਂ ਕਾਰਵਾਈਆਂ ਨੂੰ ਸਿਰੇ ਚੜ੍ਹਾਉਣ ਲਈ ਤਿਆਰੀਆਂ ਕੀਤੀਆਂ ਹੋਈਆਂ ਹਨ ਅਤੇ ਜਿਵੇਂ ਜਿਵੇਂ ਚੋਣ ਮਾਹੌਲ ਭਖਣਾ ਸ਼ੁਰੂ ਹੋਵੇਗਾ, ਚੋਣ ਲੜਣ ਵਾਲੇ ਜਿਆਦਾਤਰ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਵਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸਿੱਧੇ ਅਤੇ ਅਸਿੱਧੇ ਢੰਗ ਨਾਲ ਕੀਤੀਆਂ ਜਾਣ ਵਾਲੀਆਂ ਚੋਣ ਜਾਬਤੇ ਦੀ ਉਲੰਘਣਾ ਦੀਆਂ ਕਾਰਵਾਈਆਂ ਵਿੱਚ ਵੀ ਤੇਜੀ ਆਉਣੀ ਹੈ|
ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੀਆਂ ਇਹਨਾਂ ਕਾਰਵਾਈਆਂ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਚੋਣ ਕਮਿਸ਼ਨ ਵਲੋਂ ਬਿਨਾ ਕਿਸੇ ਪੱਖਪਾਤ ਦੇ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਹਰ ਸੰਭਵ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇ ਤਾਂ ਜੋ ਚੋਣ ਲੜਣ ਵਾਲੇ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਅਜਿਹੀ ਕਿਸੇ ਨਾਜਾਇਜ ਕਾਰਵਾਈ ਨੂੰ ਅੰਜਾਮ ਦੇਣ ਦਾ ਮੌਕਾ ਹੀ ਨਾ ਮਿਲ ਸਕੇ| ਇਹ ਕੰਮ ਇੰਨਾ ਆਸਾਨ ਨਹੀਂ ਹੈ ਅਤੇ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਚੋਣ ਕਮਿਸ਼ਨ ਵੱਲੋਂ ਸਖਤ ਰੁੱਖ ਅਪਣਾਉਂਦਿਆਂ ਚੋਣ ਜਾਬਤੇ ਦੀ ਪਾਲਣਾ ਲਈ ਵੱਖ ਵੱਖ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਮਜਬੂਰ ਕੀਤਾ ਜਾਵੇ|
ਇਸ ਸੰਬੰਧੀ ਵੋਟਰਾਂ ਨੂੰ ਵੀ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਅਜਿਹੀ ਕੋਈ ਵੀ ਕਾਰਵਾਈ ਜਿਹੜੀ ਚੋਣ ਜਾਬਤੇ ਦੀ ਉਲੰਘਣਾ ਦੇ ਦਾਇਰੇ ਵਿੱਚ ਆਉਂਦੀ ਹੈ ਬਾਰੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ| ਸਾਡੇ ਨੁਮਾਇੰਦੇ ਦੀ ਚੋਣ ਦਾ ਅਮਲ ਸਾਫ ਸੁਥਰੇ ਢੰਗ ਨਾਲ ਮੁਕਮੰਲ ਹੋਵੇ ਅਤੇ ਲੋਕ ਆਪਣੇ ਉਮੀਦਵਾਰ ਦੀ ਚੋਣ ਵੇਲੇ ਕਿਸੇ ਕਿਸਮ ਦੇ ਲਾਲਚ ਵਿੱਚ ਆਏ ਬਿਨਾਂ ਵੋਟਾਂ ਪਾਉਣ ਇਹ ਸਾਡੇ ਹੀ ਹੱਕ ਵਿੱਚ ਹੈ, ਇਸ ਲਈ ਚੋਣ ਕਮਿਸ਼ਨ ਵਲੋਂ ਵਰਤੀ ਜਾ ਰਹੀ ਇਸ ਸਖਤੀ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ ਅਤੇ ਵੋਟਰਾਂ ਨੂੰ ਇਸ ਕੰਮ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਾ ਚਾਹੀਦਾ ਹੈ|

Leave a Reply

Your email address will not be published. Required fields are marked *