ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ ਵਲੋਂ 6 ਸਤੰਬਰ ਨੂੰ ਕਲਮ-ਛੋੜ ਹੜਤਾਲ ਦਾ ਐਲਾਨ

ਐਸ ਏ ਐਸ ਨਗਰ, 4 ਸਤੰਬਰ (ਸ.ਬ.) ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੋਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰ ਇੰਦਰ ਸਿੰਘ ਫਰੀਦਕੋਟ, ਜਰਨੈਲ ਸਿੰਘ ਬਰਾੜ, ਅਰੁਣ ਕੁਮਾਰ ਆਂਚਲ ਗੁਰਦਾਸਪੁਰ, ਜਸਵੀਰ ਸਿੰਘ ਗੜਾਂਗ, ਮੁਹਾਲੀ, ਯਾਦਵਿੰਦਰ ਸਿੰਘ ਫਤਿਹਗੜ੍ਹ ਸਾਹਿਬ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਦੀਆਂ ਹਾਕਮ ਸਰਕਾਰਾਂ ਜਨਰਲ ਵਰਗ ਦੇ ਲੋਕਾਂ ਨਾਲ ਬੇਇਨਸਾਫੀ ਅਤੇ ਅਨਿਆਂ ਕਰ ਰਹੀਆਂ ਹਨ| ਉਹਨਾਂ ਕਿਹਾ ਕਿ ਮਾਨਯੋਗ ਅਦਾਲਤਾਂ ਵਲੋਂ ਸੁਣਾਏ ਗਏ ਫੈਸਲਿਆਂ ਨੂੰ ਬਿਨਾਂ ਕਿਸੇ ਤਰਕ ਜਾਂ ਦਲੀਲ ਦੇ ਬਦਲਿਆ ਜਾ ਰਿਹਾ ਹੈ| ਕੇਂਦਰ ਦੀ ਭਾਜਪਾ ਸਰਕਾਰ ਨੇ ਐਸ.ਸੀ, ਐਸ.ਟੀ ਐਕਟ ਵਿੱਚ ਦੁਬਾਰਾ ਸੋਧ ਕਰਕੇ ਜਨਰਲ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਕਸੂਰ ਦੇ ਜੇਲ੍ਹ ਵਿੱਚ ਡੱਕਣ ਲਈ ਰਸਤਾ ਸਾਫ ਕਰ ਦਿੱਤਾ ਹੈ, ਜੋ ਕਿ ਜਨਰਲ ਵਰਗ ਦੇ ਲੋਕਾਂ ਨਾਲ ਅਨਿਆਂ ਤਾਂ ਹੈ ਹੀ ਅਤੇ ਨਿਆਂਪਾਲਿਕਾ ਦੀ ਤੌਹੀਨ ਵੀ ਹੈ|
ਉਹਨਾਂ ਕਿਹਾ ਕਿ ਬੁੱਧੀਜੀਵੀਆਂ ਅਤੇ ਕਾਨੂੰਨ ਮਾਹਿਰਾਂ ਵਲੋਂ ਸੁਣਾਏ ਫੈਸਲੇ ਨੂੰ ਬਦਲਣਾ ਆਪਣੇ ਆਪ ਵਿੱਚ ਇੱਕ ਸਵਾਲ ਵੀ ਹੈ ਜੋ ਕਿ ਭਾਰਤੀ ਸਿਸਟਮ ਤੇ ਇੱਕ ਕਲੰਕ ਹੈ| ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਤਰੱਕੀਆਂ ਵਿੱਚ ਰਾਖਵੇਂਕਰਨ ਸਬੰਧੀ ਫੈਸਲੇ ਨੂੰ ਬਦਲ ਕੇ ਜਨਰਲ ਵਰਗ ਦੇ ਮੁਲਾਜਮਾਂ ਨਾਲ ਬੇਇਨਸਾਫੀ ਕੀਤੀ ਹੈ, ਜਿਸ ਨਾਲ ਜਨਰਲ ਵਰਗ ਦੇ ਮੁਲਾਜਮਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ 6 ਸਤੰਬਰ ਨੂੰ ਕਲਮ-ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਭਾਰਤ ਵਿੱਚ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ 6 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ|
ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਤਰੱਕੀਆਂ ਵਿੱਚ ਰਾਖਵੇਂਕਰਨ ਸਬੰਧੀ ਫੈਸਲੇ ਤੇ ਪੁਨਰ-ਵਿਚਾਰ ਕਰੇ ਅਤੇ ਜਨਰਲ ਵਰਗ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਵੱਖਰੇ ਕਮਿਸ਼ਨ ਦਾ ਗਠਨ ਕੀਤਾ ਜਾਵੇ|

Leave a Reply

Your email address will not be published. Required fields are marked *