ਜ਼ਿਲਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਨੂੰ ਅੱਗ ਲਗਾਉਣ ਤੇ ਪਾਬੰਦੀ

ਜ਼ਿਲਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਨੂੰ ਅੱਗ ਲਗਾਉਣ ਤੇ ਪਾਬੰਦੀ
ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਹੋਵੇਗੀ ਪਾਬੰਦੀ
ਐਸ.ਏ.ਐਸ ਨਗਰ, 26 ਸਤੰਬਰ (ਸ.ਬ.) ਜ਼ਿਲਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ  ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਸੰਘਤਾ 1973 ( 2 ਆਫ 1974 ) ਦੀ ਧਾਰਾ 144 ਅਧੀਨ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ| ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ਤੇ ਜਿੰਮੀਦਾਰ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਨੂੰ  ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਹੁੰਦਾ ਹੈ| ਫਸਲਾਂ ਦੀ ਰਹਿੰਦ ਨੂੰ ਸਾੜਨ ਨਾਲ ਇਸ ਵਿਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਣ ਲਈ ਇਸ ਤੇ ਰੋਕ ਲਗਾਉਣਾ ਜ਼ਰੂਰੀ ਹੈ|
ਇਸਦੇ ਨਾਲ ਹੀ ਇਹ ਹੁਕਮ ਵੀ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਸਥਾਨ ਤੇ ਕਿਸੇ ਵੀ ਹਾਲਤ ਵਿੱਚ ਕੰਬਾਇਨ ਮਾਲਕਾਂ ਵੱਲੋਂ ਸ਼ਾਮ ਸਮੇਂ 7 ਵਜੇ ਤੋਂ ਸਵੇਰੇ 9 ਵਜੇ ਤੱਕ ਝੋਨੇ ਦੀ ਕਟਾਈ ਕਰਨ ਤੇ ਪਾਬੰਦੀ ਹੈ| ਹੁਕਮਾਂ ਵਿੱਚ ਕਿਹਾ ਗਿਆ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਜਿਮੀਦਾਰਾਂ ਵੱਲੋਂ ਜਦੋਂ ਵੀ ਕੰਬਾਇਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ ਭਾਵੇਂ ਉਸ ਵੇਲੇ ਰਾਤ ਹੋਵੇ, ਪਰੰਤੂ ਫਸਲ ਦੀ ਕਟਾਈ ਲਈ ਰਾਤ ਨੂੰ ਕੰਬਾਈਨਾ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ| ਇਸ ਤੋਂ ਇਲਾਵਾ ਝੋਨੇ ਦੀ ਫਸਲ ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋ ਜਾਂਦਾ ਹੈ|
ਜ਼ਿਲਾ ਮੈਜਿਸਟਰੇਟ ਵੱਲੋਂ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਸਮੇਂ ਕੋਈ ਵੀ ਕੰਬਾਇਨ ਹਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤਿਆ              ਜਾਵੇਗਾ| ਇਹ ਹੁਕਮ 23 ਨਵੰਬਰ 2020 ਤੱਕ ਲਾਗੂ ਰਹਿਣਗੇ|

Leave a Reply

Your email address will not be published. Required fields are marked *