ਜੱਥੇਦਾਰ ਤਲਵੰਡੀ ਸਾਥੀਆਂ ਸਮੇਤ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਐਸ.ਏ.ਐਸ. ਨਗਰ, 23 ਜੁਲਾਈ (ਸ.ਬ.) ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਅਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਵਲੋਂ  ਆਪਣੇ ਸਾਥੀਆਂ ਸਮੇਤ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ|
ਸ੍ਰ. ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਲਈ ਸਥਾਨਕ ਫੇਜ਼-11 ਦੇ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਵਿੱਚ ਪਹੁੰਚੇ                   ਜੱਥੇਦਾਰ ਤਲਵੰਡੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਪਾਰਟੀ ਬਣਾ ਕੇ ਰੱਖ ਦਿੱਤਾ ਹੈ ਜਦੋਂਕਿ ਕੁਰਬਾਨੀਆਂ ਵਾਲੇ ਟਕਸਾਲੀ ਪਰਿਵਾਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ|
ਉਹਨਾਂ ਕਿਹਾ ਕਿ ਉਹਨਾਂ ਵਲੋਂ ਇਸ ਸਬੰਧੀਹੋਰਨਾਂ ਸੀਨੀਅਰ ਆਗੂਆਂ ਸਮੇਤ ਸਮੇਂ-ਸਮੇਂ ਸਿਰ ਵੱਡੇ ਬਾਦਲ ਨੂੰ ਹਾਲਾਤਾਂ ਤੋਂ ਜਾਣੂ ਕਰਵਾਇਆ ਜਾਂਦਾ ਰਿਹਾ ਹੈ ਪਰੰਤੂ ਪੁੱਤਰ ਮੋਹ ਕਾਰਨ ਉਹਨਾਂ ਨੇ ਵੀ ਆਪਣੇ ਪੁਰਾਣੇ ਸਾਥੀਆਂ ਅਤੇ ਟਕਸਾਲੀ ਪਰਿਵਾਰਾਂ ਦੀਆਂ ਉਸਾਰੂ ਦਲੀਲਾਂ ਨੂੰ ਅਣਡਿੱਠ ਕਰ ਦਿੱਤਾ ਜਿਸ ਕਾਰਨ ਉਹ ਪਿਛਲੇ ਇਕ ਸਾਲ ਤੋਂ ਆਪਣੀਆਂ ਸਿਆਸੀ  ਸਰਗਰਮੀਆਂ ਤੋਂ ਕਿਨਾਰਾ ਕਰਕੇ ਘਰ ਬੈਠ ਗਏ ਸਨ ਅਤੇ ਅਕਾਲੀ ਦਲ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਨਹੀਂ  ਹੋਏ| ਉਹਨਾਂ ਕਿਹਾ ਕਿ ਹੁਣ ਸ੍ਰ. ਢੀਂਡਸਾ ਨੇ ਅਸਲ ਅਕਾਲੀ ਦਲ ਦੀ ਹੋਂਦ ਬਚਾਉਣ ਲਈ ਪਹਿਲਕਦਮੀ ਕੀਤੀ ਹੈ|
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਣਦੇਖੀ ਦਾ ਸ਼ਿਕਾਰ ਹੋਏ ਸਾਰੇ ਪੁਰਾਣੇ ਸਾਥੀਆਂ ਅਤੇ ਵਫਾਦਾਰ ਵਰਕਰਾਂ ਨੂੰ ਪੰਥ ਦੀ ਸੇਵਾ ਕਰਨ ਲਈ ਮਨਾਉਣ ਲਈ ਉਹ ਘਰ ਘਰ ਜਾਣਗੇ| ਇਸ ਤੋਂ ਪਹਿਲਾਂ ਬੀਬੀ ਮਹਿੰਦਰ ਕੌਰ ਤਲਵੰਡੀ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਬੀਬੀ ਪਰਮਜੀਤ ਕੌਰ ਗੁਲਸ਼ਨ, ਨਿਧੱੜਕ ਸਿੰਘ ਬਰਾੜ, ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਗੁਰਸੇਵ ਸਿੰਘ ਹਰਪਾਲਪੁਰ, ਗਗਨਪ੍ਰੀਤ ਸਿੰਘ ਬੈਂਸ, ਅਮਨਦੀਪ ਸਿੰਘ ਅਬਿਆਨਾ  ਸਮੇਤ ਹੋਰ ਆਗੂ ਅਤੇ ਵਰਕਰ ਹਾਜਿਰ ਸਨ|

Leave a Reply

Your email address will not be published. Required fields are marked *