ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਆਟੋ-ਚਾਲਕਾਂ ਵਿਰੁੱਧ ਕਾਰਵਾਈ ਹੋਵੇ

ਸਾਡੇ ਸ਼ਹਿਰ ਦੇ ਵਸਨੀਕ ਸ਼ਹਿਰ ਦੀ ਬਦਹਾਲ ਟ੍ਰੈਫਿਕ ਵਿਵਸਥਾ ਤੋਂ ਬੁਰੀ ਤਰ੍ਹਾਂ ਤ੍ਰਸਤ ਨਜਰ ਆਉਂਦੇ ਹਨ ਅਤੇ ਉਹ ਹਰ ਵੇਲੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸ਼ਿਕਾਇਤ ਵੀ ਕਰਦੇ ਹਨ| ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਬਾਰੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਨ ਤੇ ਉਹ ਇਸ ਸਮੱਸਿਆ ਲਈ  ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ (ਜਿਹਨਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਖੁੱਲ ਕੇ ਉਲੰਘਣਾ ਕੀਤੀ ਜਾਂਦੀ ਹੈ) ਦੇ ਖਿਲਾਫ ਟ੍ਰੈਫਿਕ ਪੁਲੀਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਹੀ ਜਿੰਮੇਵਾਰ ਠਹਿਰਾਉਂਦੇ ਹਨ| ਸ਼ਹਿਰ ਵਾਸੀਆਂ ਦੀ ਆਮ ਸ਼ਿਕਾਇਤ ਹੈ ਕਿ ਟ੍ਰੈਫਿਕ ਪੁਲੀਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਥ੍ਰੀ ਵਹੀਲਰ ਚਾਲਕ ਹੁਣ ਇਸ ਕਦਰ ਬੇਲਗਾਮ ਹੋ ਚੁੱਕੇ ਹਨ ਕਿ ਜੇਕਰ ਕੋਈ ਹੋਰ ਵਾਹਨ ਚਾਲਕ ਇਹਨਾਂ ਵਲੋਂ ਸੜਕ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਬਾਰੇ ਗੱਲ ਕਰਦਾ ਹੈ ਤਾਂ ਅੱਗੋ ਇਹ ਥ੍ਰੀ ਵਹੀਲਰ ਚਾਲਕ ਉਸ ਨਾਲ ਲੜਣ ਨੂੰ ਪੈਂਦੇ ਹਨ|
ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਪੁਲੀਸ ਤੋਂ ਇਹ ਆਮ ਸ਼ਿਕਾਇਤ ਹੈ ਕਿ ਉਸ ਵਲੋਂ ਸ਼ਹਿਰ ਵਿੱਚ ਆਮ ਵਾਹਨ ਚਾਲਕਾਂ ਵਲੋਂ  ਕੀਤੀ ਜਾਂਦੀ ਕਿਸੇ ਵੀ ਛੋਟੀ ਵੱਡੀ ਉਲੰਘਣਾ ਲਈ ਉਹਨਾਂ ਦਾ ਤੁਰੰਤ ਚਾਲਾਨ ਕਰ ਦਿੱਤਾ ਜਾਂਦਾ ਹੈ ਪਰੰਤੂ ਜਦੋਂ ਗੱਲ ਇਹਨਾਂ ਆਟੋ ਚਾਲਕਾਂ ਦੀ ਆਉਂਦੀ ਹੈ ਤਾਂ ਇਹੀ ਟ੍ਰੈਫਿਕ ਪੁਲੀਸ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੰਦੀ ਹੈ ਜਦੋਂਕਿ ਆਟੋ ਚਾਲਕਾਂ ਵਿੱਚੋਂ ਜਿਆਦਾਤਰ ਕੋਲ ਨਾ ਤਾਂ ਆਟੋ ਚਲਾਉਣ ਸੰਬੰਧੀ ਲਾਈਸੰਸ ਹੁੰਦਾ ਹੈ ਅਤੇ ਹੀ ਇਹਨਾਂ ਆਟੋ ਰਿਕਸ਼ਿਆਂ ਦੇ ਕਾਗਜ ਹੀ ਮੁਕੰਮਲ ਹੁੰਦੇ ਹਨ|
ਇਹਨਾਂ ਆਟੋ ਚਾਲਕਾਂ ਵਿੱਚੋਂ ਜਿਆਦਤਰ ਉਹ ਹਨ ਜਿਹੜੇ ਬਿਹਾਰ ਅਤੇ ਯੂ. ਪੀ. ਵਰਗੇ ਸੂਬਿਆਂ ਤੋਂ ਇੱਥੇ ਰੁਜਗਾਰ ਦੀ ਭਾਲ ਵਿੱਚ ਆਉਂਦੇ ਹਨ ਅਤੇ ਇੱਥੇ ਉਹਨਾਂ ਦੇ ਕਿਸੇ ਜਾਣਕਾਰ ਵਲੋਂ ਉਹਨਾਂ ਨੂੰ ਦੋ ਚਾਰ ਦਿਨ ਆਟੋ ਚਲਾਉਣ ਦੀ ਥੋੜ੍ਹੀ ਬਹੁਤ ਜਾਣਕਾਰੀ ਦੇ ਕੇ ਉਹਨਾਂ ਨੂੰ ਕਿਰਾਏ  ਤੇ ਆਟੋ ਦਿਵਾ ਦਿੱਤਾ ਜਾਂਦਾ ਹੈ ਅਤੇ ਉਹ ਸ਼ਹਿਰ ਦੀਆਂ ਸੜਕਾਂ ਤੇ ਖੜਦੂੰਗ ਪਾਉਂਦੇ ਰਹਿੰਦੇ ਹਨ| ਪੁਲੀਸ ਵਲੋਂ ਖੁੱਲਂੀ ਛੂਟ ਮਿਲਣ ਕਾਰਨ ਇਹ ਆਟੋ ਰਿਕਸ਼ਾ ਚਾਲਕ ਸ਼ਾਇਦ ਇਹ ਸਮਝਣ ਲੱਗ ਪਏ ਹਨ ਕਿ ਸ਼ਹਿਰ ਦੀਆਂ ਸੜਕਾਂ ਸਿਰਫ ਉਹਨਾਂ ਲਈ ਹੀ ਬਣਾਈਆਂ ਗਈਆਂ ਹਨ ਅਤੇ ਹੋਰ ਕਿਸੇ ਵੀ ਵਾਹਨ ਨੂੰ ਸ਼ਹਿਰ ਦੀਆਂ ਸੜਕਾਂ ਤੇ ਚੱਲਣ ਦਾ ਅਧਿਕਾਰ ਹੀ ਨਹੀਂ ਹੈ|
ਇਹਨਾਂ ਵਲੋਂ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ  ਟ੍ਰੈਫਿਕ ਨਿਯਮਾਂ ਦੀ ਬਿਲਕੁਲ ਪ੍ਰਵਾਹ ਨਹੀਂ ਕੀਤੀ ਜਾਂਦੀ ਅਤੇ ਇਹ ਆਟੋ ਚਾਲਕ ਆਏ ਦਿਨ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ| ਆਪਣੇ ਤੋਂ ਪਿੱਛੇ ਆਉਣ ਵਾਲੇ ਵਾਹਨ ਵਲੋਂ ਵਾਰ ਵਾਰ ਹਾਰਨ ਦੇਣ ਦੇ ਬਾਵਜੂਦ ਇਹ ਕਿਸੇ ਨੂੰ ਰਾਹ ਦੇਣ ਲਈ ਤਿਆਰ ਨਹੀਂ ਹੁੰਦੇ ਅਤੇ ਇਸ ਕਾਰਨ  ਆਮ ਲੋਕਾਂ ਨੂੰ ਸੜਕਾਂ ਤੇ ਆਪਣਾ ਵਾਹਨ ਚਲਾਉਣ ਵਿੱਚ ਭਾਰੀ ਪਰੇਸ਼ਾਨੀ ਹੁੰਦੀ ਹੈ| ਹੋਰ ਤਾਂ ਹੋਰ ਇਹ ਆਟੋ ਰਿਕਸ਼ਾ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਆਪਣੀ ਇਸ ਕਾਰਵਾਈ ਨਾਲ ਆਟੋ ਵਿੱਚ ਬੈਠੀਆਂ ਸਵਾਰੀਆਂ ਲਈ ਵੀ ਖਤਰਾ ਪੈਂਦਾ ਕਰਦੇ ਹਨ| ਸ਼ਹਿਰ ਵਿੱਚ ਚਲਦੇ ਅਜਿਹੇ ਥ੍ਰੀ ਵਹੀਲਰ ਕਈ ਵਾਰ ਹਾਦਸਿਆਂ ਦੌਰਾਨ ਸਵਾਰੀਆਂ ਨੂੰ ਜਖਮੀ ਵੀ ਕਰ ਚੁੱਕੇ ਹਨ|
ਇਸ ਸਭ ਦੇ ਬਾਵਜੂਦ ਟ੍ਰੈਫਿਕ ਪੁਲੀਸ ਵਲੋਂ ਇਹਨਾਂ ਆਟੋ ਚਾਲਕਾਂ ਦੀਆਂ ਆਪਹੁਦਰੀਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਦੀ ਕਾਰਵਾਈ ਪੁਲੀਸ ਦੀ ਕਾਰਗੁਜਾਰੀ ਤੇ ਹੀ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ| ਸ਼ਹਿਰ ਵਾਸੀ ਇਹ ਵੀ ਇਲਜਾਮ ਲਗਾਉਂਦੇ ਹਨ ਕਿ ਪੁਲੀਸ ਵਲੋਂ ਸ਼ਹਿਰ ਵਿੱਚ ਚਲਦੇ ਆਟੋ ਚਾਲਕਾਂ ਤੋਂ ਮਹੀਨੇ ਇੱਕ ਬੱਝਵੀਂ ਰਕਮ ਦੀ ਵਸੂਲੀ ਕੀਤੀ ਜਾਂਦੀ ਹੈ ਅਤੇ ਇਹ ਆਟੋ ਚਾਲਕ ਪੁਲੀਸ ਕਰਮਚਾਰੀਆਂ ਨੂੰ ਮੁਫਤ ਸਫਰ ਦੀ ਸਹੂਲੀਅਤ ਵੀ ਦਿੰਦੇ ਹਨ ਇਸ ਲਈ ਹੀ ਪੁਲੀਸ ਵਲੋਂ ਇਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ|
ਟ੍ਰੈਫਿਕ ਪੁਲੀਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਾ ਚਾਲਕਾਂ ਨੂੰ ਸਖਤੀ ਨਾਲ ਕਾਨੂੰਨ ਦਾ ਪਾਠ ਪੜ੍ਹਾਇਆ ਜਾਵੇ ਅਤੇ ਉਹਨਾਂ ਨੂੰ ਕਾਨੂੰਨ ਦੀ ਪਾਲਣਾ ਲਈ ਪਾਬੰਦ ਕੀਤਾ ਜਾਵੇ| ਇਸ ਤੋਂ ਪਹਿਲਾਂ ਕਿ ਇਹਨਾਂ ਆਟੋ ਰਿਕਸ਼ਾ ਚਾਲਕਾਂ ਦੀਆਂ ਆਪਹੁਦਰੀਆਂ ਕਾਰਨ ਸ਼ਹਿਰ ਦੀ ਕਾਨੂੰਨ ਵਿਵਸਥਾ ਦੀ ਹਾਲਤ ਤੇ ਅਸਰ ਪਵੇ, ਪ੍ਰਸ਼ਾਸ਼ਨ ਨੂੰ ਇਸ ਸੰਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਅਤੇ ਇਹਨਾਂ ਆਟੋ ਰਿਕਸ਼ਿਆਂ ਵਾਲਿਆਂ ਵਲੋਂ ਕੀਤੀ ਜਾਣ ਵਾਲੀ  ਕਾਨੂੰਨ ਦੀ ਉਲੰਘਣਾ ਨੂੰ ਸਖਤੀ ਨਾਲ ਰੋਕਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸੜਕਾਂ ਤੇ ਹੁੰਦੀ ਇਸ ਗੁੰਡਾਗਰਦੀ ਤੋਂ ਛੁਟਕਾਰਾ ਹਾਸਿਲ ਹੋਵੇ ਅਤੇ ਦਿਨੋਂ ਦਿਨ ਵੱਧਦੀ ਇਸ ਸਮੱਸਿਆ ਤੇ ਕਾਬੂ ਕੀਤਾ ਜਾ ਸਕੇ|

Leave a Reply

Your email address will not be published. Required fields are marked *