ਟ੍ਰੈਫਿਕ ਨਿਯਮਾਂ ਦੀ ਵੱਡੇ ਪੱਧਰ ਤੇ ਹੁੰਦੀ ਉਲੰਘਣਾ ਤੇ ਸਖਤੀ ਨਾਲ ਰੋਕ ਲਗਾਏ ਪੁਲੀਸ

ਸਾਡੇ ਸ਼ਹਿਰ ਨੂੰ ਭਾਵੇਂ ਇੱਕ ਅੰਤਰ ਰਾਸ਼ਟਰੀ ਪੱਧਰ ਦੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਜਿੱਥੇ ਵਿਸ਼ਵ ਦੇ ਵੱਖ ਵੱਖ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਆਪਣੀ ਰਿਹਾਇਸ਼ ਰੱਖਣ ਦਾ ਸੁਫਨਾ ਵੇਖਦੇ ਹਨ ਪਰੰਤੂ ਸਾਡੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਇਸਨੂੰ ਕਿਸੇ ਅਜਿਹੇ ਪੁਰਾਣੇ ਪੁਰਾਣੇ ਸ਼ਹਿਰ ਵਰਗਾ ਬਣਾ ਦਿੰਦੀ ਹੈ ਜਿੱਥੇ ਤੰਗ ਸੜਕਾਂ ਉੱਪਰ ਭਾਰੀ ਭੀੜ ਭੜੱਕਾ ਹੋਣ ਕਾਰਨ ਲਗਣ ਵਾਲੇ ਟ੍ਰੈਫਿਕ ਜਾਮ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕਰਦੇ ਹਨ| ਪਿਛਲੇ ਸਮੇਂ ਦੌਰਾਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਕਾਰਨ ਸਾਡੇ ਸ਼ਹਿਰ ਦੀ ਹਾਲਤ ਵੀ ਕਮੋਬੇਸ਼ ਅਜਿਹੀ ਹੀ ਹੁੰਦੀ ਜਾ ਰਹੀ ਹੈ|
ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਸ਼ਹਿਰਵਾਸੀ ਬੁਰੀ ਤਰ੍ਹਾਂ ਤੰਗ ਵੀ ਦਿਖਦੇ ਹਨ ਅਤੇ ਇਸਦੀ ਹਾਲਤ ਵਿੱਚ ਸੁਧਾਰ ਕਰਨ ਦੀ ਮੰਗ ਵੀ ਕਰਦੇ ਹਨ| ਇਹ ਗੱਲ ਹੋਰ ਹੈ ਕਿ ਹਰ ਵੇਲੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਗੱਲ ਕਰਨ ਵਾਲੇ ਸ਼ਹਿਰ ਦੇ ਜਿਆਦਾਤਰ ਵਸਨੀਕਾਂ ਨੂੰ ਹੀ ਕੁੱਝ ਹੱਦ ਤਕ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਲਈ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ| ਸਾਡੇ ਸ਼ਹਿਰ ਦੇ ਵਸਨੀਕ ਹੋਰਨਾਂ ਵਾਹਨ ਚਾਲਕਾਂ ਦੀਆਂ ਗਲਤੀਆਂ ਤਾਂ ਕੱਢਦੇ ਦਿਖ ਜਾਂਦੇ ਹਨ ਪਰੰਤੂ ਉਹਨਾਂ ਨੂੰ ਖੁਦ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਜਰ ਨਹੀਂ ਆਉਂਦੀ| ਸ਼ਹਿਰ ਵਾਸੀਆਂ ਦਾ ਹਾਲ ਇਹ ਹੈ ਕਿ ਉਹ ਮਜਬੂਰੀ ਵਿੱਚ ਹੀ (ਟ੍ਰੈਫਿਕ ਪੁਲੀਸ ਦੇ ਕਰਮਚਾਰੀਆਂ ਨੂੰ ਵੇਖ ਕੇ) ਟ੍ਰੈਫਿਕ ਨਿਯਮਾਂ ਦੀ ਥੋੜ੍ਹੀ ਬਹੁਤ ਪਾਲਣਾ ਕਰਦੇ ਹਨ, ਵਰਨਾ ਸ਼ਹਿਰ ਵਿੱਚ ਜਿਸ ਪਾਸੇ ਵੀ ਵੇਖੋ ਆਮ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਨਜਰ ਆ ਜਾਂਦੇ ਹਨ ਜਿਹਨਾਂ ਨੂੰ ਰੋਕਣ ਵਾਲਾ ਕੋਈ ਨਹੀਂ ਹੁੰਦਾ|
ਇਸ ਗੱਲ ਨਾਲ ਵੀ ਸਾਰੇ ਹੀ ਸਹਿਮਤ ਹਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਵਿੱਚ ਸਭ ਤੋਂ ਵੱਡਾ ਯੋਗਦਾਨ ਸ਼ਹਿਰ ਵਿੱਚ ਚਲਦੇ ਅਜਿਹੇ ਆਟੋ ਰਿਕਸ਼ਾ ਚਾਲਕਾਂ ਵਲੋਂ ਹੀ ਪਾਇਆ ਜਾਂਦਾ ਹੈ ਜਿਹਨਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕੀਤੀ ਜਾਂਦੀ ਹੈ| ਸੜਕ ਤੇ ਚਲਦੇ ਇਹ ਆਟੋ ਰਿਕਸ਼ਾ ਚਾਲਕ ਅਚਾਨਕ ਕਦੋਂ ਸੜਕ ਦੇ ਵਿਚਕਾਰ ਆਪਣੇ ਵਾਹਨ ਨੂੰ ਬ੍ਰੇਕ ਲਗਾ ਦੇਣਗੇ ਇਸਦਾ ਅੰਦਾਜਾ ਕੋਈ ਨਹੀਂ ਲਗਾ ਸਕਦਾ| ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ ਇਹ ਆਟੋ ਰਿਕਸ਼ਾ ਚਾਲਕ ਆਪਣੇ ਵਾਹਨ ਬਹੁਤ ਤੇਜ ਰਫਤਾਰ ਨਾਲ ਚਲਾਉਂਦੇ ਹਨ ਅਤੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ ਪਰੰਤੂ ਇਸਦੇ ਬਾਵਜੂਦ ਪਤਾ ਨਹੀਂ ਕਿਉਂ ਟ੍ਰੈਫਿਕ ਪੁਲੀਸ ਵਲੋਂ ਇਹਨਾਂ ਆਟੋ ਚਾਲਕਾਂ ਦੀਆਂ ਆਪਹੁਦਰੀਆਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ|
ਇਸੇ ਤਰ੍ਹਾਂ ਸ਼ਹਿਰ ਦੀਆਂ ਸੜਕਾਂ ਤੇ ਦੋਪਹੀਆ ਵਾਹਨਾਂ ਤੇ ਤਿੰਨ ਤਿੰਨ ਦੀ ਗਿਣਤੀ ਵਿੱਚ ਚੜ੍ਹੇ ਨੌਜਵਾਨਾਂ ਦੇ ਟੋਲੇ ਵੀ ਆਮ ਦਿਖਦੇ ਹਨ ਜਿਹੜੇ ਨਾ ਤਾਂ ਹੈਲਮੇਟ ਪਾਉਂਦੇ ਹਨ ਅਤੇ ਨਾ ਹੀ ਇਹਨਾਂ ਨੂੰ ਲਾਲ ਬੱਤੀ ਦੀ ਕੋਈ ਪਰਵਾਹ ਹੁੰਦੀ ਹੈ| ਸ਼ਹਿਰ ਦੀਆਂ ਜਿਹਨਾਂ ਥਾਵਾਂ ਤੇ ਟ੍ਰੈਫਿਕ ਪੁਲੀਸ ਦੇ ਕਰਮਚਾਰੀ ਮੌਜੂਦ ਹੁੰਦੇ ਹਨ, ਉੱਥੋਂ ਜਾਂ ਤਾਂ ਇਹ ਲੰਘਦੇ ਹੀ ਨਹੀਂ ਹਨ ਅਤੇ ਜੇਕਰ ਮਜਬੂਰੀ ਵਿੱਚ ਲੰਘਣਾ ਪਵੇ ਤਾਂ ਇਹ ਦੋ ਪਹੀਆ ਚਾਲਕ ਤੀਜੀ ਸਵਾਰੀ ਨੂੰ ਥੋੜ੍ਹਾ ਪਹਿਲਾਂ ਹੀ ਉਤਾਰ ਦਿੰਦੇ ਹਨ ਅਤੇ ਥੋੜ੍ਹਾ ਅੱਗੇ ਜਾ ਕੇ ਉਹ ਆਪਣੇ ਸਾਥੀ ਨੂੰ ਮੁੜ ਬਿਠਾ ਕੇ ਸ਼ਹਿਰ ਦੀਆਂ ਸੜਕਾਂ ਤੇ ਖਰਮਸਤੀਆਂ ਕਰਦੇ ਹਨ|
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਇਸ ਕਾਰਵਾਈ ਤੇ ਰੋਕ ਲਗਾਉਣਾ ਟ੍ਰੈਫਿਕ ਪੁਲੀਸ ਦੀ ਪਹਿਲ ਹੋਣੀ ਚਾਹੀਦੀ ਹੈ ਪਰੰਤੂ ਟ੍ਰੈਫਿਕ ਪੁਲੀਸ ਇਸ ਸੰਬੰਧੀ ਕਾਫੀ ਹੱਦ ਤਕ ਨਾਕਾਮ ਨਜਰ ਅਉਂਦੀ ਹੈ| ਟ੍ਰੈਫਿਕ ਪੁਲੀਸ ਦੀਆਂ ਇੱਕ ਦੋਂ ਟੀਮਾਂ ਜਰੂਰ ਕਿਤੇ ਨਾ ਕਿਤੇ ਨਾਕਾ ਲਗਾ ਕੇ ਵਾਹਨ ਚਾਲਕਾਂ ਦੇ ਕਾਗਜ ਚੈਕ ਕਰਦੀਆਂ ਅਤੇ ਵਾਹਨ ਚਾਲਕਾਂ ਦੇ ਚਾਲਾਨ ਕਰਦੀਆਂ ਜਰੂਰ ਦਿਖ ਜਾਂਦੀਆਂ ਹਨ ਪਰੰਤੂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਟ੍ਰੈਫਿਕ ਨਿਯਮਾਂ ਦੀ ਉਲੰਘਦਾ ਦੀ ਇਸ ਕਾਰਵਾਈ ਤੇ ਕਾਬੂ ਕਰਨ ਦੀ ਸਮਰਥ ਨਹੀਂ ਹੋ ਪਾ ਰਹੀ ਹੈ|
ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਪੁਲੀਸ ਵਲੋਂ ਅਜਿਹੇ ਵਾਹਨ ਚਾਲਕਾਂ ਵਿਰੁੱਧ ਸਖਤੀ ਕੀਤੀ ਜਾਵੇ ਜਿਹੜੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਕਾਰਨ ਬਣਦੇ ਹਨ| ਜਿਲ੍ਹੇ ਦੇ ਐਸ ਐਸ ਪੀ ਨੂੰ ਚਾਹੀਦਾ ਹੈ ਕਿ ਉਹ ਖੁਦ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਨਜਰਸ਼ਾਨੀ ਕਰਨ ਅਤੇ ਇਸ ਸੰਬੰਧੀ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਹਿਰ ਵਾਸੀਆਂ ਦੀ ਇਹ ਸਮੱਸਿਆ ਹਲ ਹੋਵੇ|

Leave a Reply

Your email address will not be published. Required fields are marked *