ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੂਰ ਕਰਨ ਲਈ ਆਟੋ ਰਿਕਸ਼ਿਆਂ ਵਾਸਤੇ ਹੋਵੇ ਵੱਖਰੀ ਲੇਨ ਦਾ ਪ੍ਰਬੰਧ

ਜੇਕਰ ਸਾਡੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ਵਾਸੀ ਇਸਦੀ ਬਦਹਾਲੀ ਦੀ ਆਮ ਸ਼ਿਕਾਇਤ ਕਰਦੇ ਹਨ| ਇਹ ਇੱਕ ਅਜਿਹੀ ਸਮੱਸਿਆ ਹੈ ਜਿਹੜੀ ਹਰੇਕ ਸ਼ਹਿਰੀ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਟ੍ਰੈਫਿਕ ਵਿਵਸਥਾ ਠੀਕ ਨਾ ਹੋਣ ਕਾਰਨ ਲੋਕਾਂ ਦੀ ਸੁਰਖਿਅਤ ਆਵਾਜਾਈ ਪ੍ਰਭਾਵਿਤ ਹੁੰਦੀ ਹੈ| ਇਸ ਸੰਬੰਧੀ ਸ਼ਹਿਰ ਦੇ ਕਿਸੇ ਵੀ ਵਸਨੀਕ ਨਾਲ ਗੱਲ ਕਰਕੇ ਦੇਖ ਲਉ, ਉਸਦਾ ਜਵਾਬ ਇਹੀ ਹੁੰਦਾ ਹੈ ਕਿ ਜਦੋਂ ਤਕ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧ ਰਹੀ ਆਟੋ ਰਿਕਸ਼ਿਆਂ ਦੀ ਭੀੜ ਤੇ ਕਾਬੂ ਨਹੀਂ ਕੀਤਾ ਜਾਂਦਾ, ਟ੍ਰੈਫਿਕ ਸਮੱਸਿਆ ਦਾ ਹਲ ਨਹੀਂ ਹੋ ਸਕਦਾ| ਸ਼ਹਿਰਵਾਸੀ ਪੁਖਤਾ ਢੰਗ ਨਾਲ ਇਹ ਗੱਲ ਕਹਿੰਦੇ ਹਨ ਕਿ ਸ਼ਹਿਰ ਦੀ ਲਗਾਤਾਰ ਵੱਧਦੀ ਜਾ ਰਹੀ ਟ੍ਰੈਫਿਕ ਦੀ ਸਮੱਸਿਆ ਦਾ ਮੁੱਖ ਕਾਰਨ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਆਟੋ ਰਿਕਸ਼ੇ ਹੀ ਹਨ ਜਿਹਨਾਂ ਵਲੋਂ ਇੱਕ ਦੂਜੇ ਤੋਂ ਅੱਗੇ ਵੱਧ ਕੇ ਅਤੇ ਵੱਧ ਤੋਂ ਵੱਧ ਸਵਾਰੀਆਂ ਬਿਠਾਉਣ ਦੀ ਹੋੜ ਵਿੱਚ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕੀਤੀ ਜਾਂਦੀ ਹੈ|
ਹਾਲਾਤ ਇਹ ਹਨ ਕਿ ਇੱਕ ਪਾਸੇ ਤਾਂ ਇਹ ਆਟੋ ਰਿਕਸ਼ੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭਤੋਂ ਵੱਡਾ ਕਾਰਨ ਬਣੇ ਹੋਏ ਹਨ ਅਤੇ ਦੂਜੇ ਪਾਸੇ ਪ੍ਰਸ਼ਾਸ਼ਨ ਵਲੋਂ ਇਹਨਾਂ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਕੁੱਝ ਨਹੀਂ ਕੀਤਾ ਜਾਂਦਾ| ਸ਼ਹਿਰ ਦੀਆਂ ਸੜਕਾਂ ਤੇ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਸੜਕ ਤੇ ਹਰ ਵੇਲੇ ਆਟੋ ਵਾਲਿਆਂ ਦੀ ਹੀ ਭੀੜ ਦਿਸਦੀ ਹੈ ਅਤੇ ਆਮ ਵਾਹਨ ਚਾਲਕਾਂ ਲਈ ਸ਼ਹਿਰ ਦੀਆਂ ਸੜਕਾਂ ਤੇ ਆਪਣਾ ਵਾਹਨ ਚਲਾਉਣਾ ਤਕ ਔਖਾ ਹੁੰਦਾ ਜਾ ਰਿਹਾ ਹੈ|
ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਜਨਤਕ ਆਵਾਜਾਈ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਆਮ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਜਾਣ ਦਾ ਇੱਕੋਂ ਇੱਕ ਜਰੀਆ ਹਨ ਅਤੇ ਸ਼ਾਇਦ ਇਹ ਵੀ ਇੱਕ ਕਾਰਨ ਹੈ ਕਿ ਸਥਾਨਕ ਪ੍ਰਸ਼ਾਸ਼ਨ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿਰੁੱਧ ਕੋਈ ਸਖਤ ਕਾਰਵਾਈ ਤੋਂ ਪਰਹੇਜ ਕਰਦਾ ਹੈ| ਪਰੰਤੂ ਇਸਦੀ ਸਜਾ ਸ਼ਹਿਰ ਦੇ ਉਹਨਾਂ ਲੋਕਾਂ ਨੂੰ ਬਿਲਕੁਲ ਨਹੀਂ ਦਿੱਤੀ ਜਾ ਸਕਦੀ ਜਿਹੜੇ ਆਪਣੇ ਨਿੱਜੀ ਵਾਹਨਾ ਦੀ ਵਰਤੋਂ ਕਰਦੇ ਹਨ|
ਆਮ ਗੱਲਬਾਤ ਦੌਰਾਨ ਸ਼ਹਿਰ ਦੇ ਵਸਨੀਕ ਇਹ ਵੀ ਸ਼ਿਕਾਇਤ ਕਰਦੇ ਹਨ ਕਿ ਸ਼ਹਿਰ ਦੀ ਦੇਖ ਰੇਖ ਕਰਨ ਵਾਲੇ ਅਦਾਰਿਆਂ ਦੀ ਢਿੱਲੜ ਕਾਰਗੁਜਾਰੀ ਕਾਰਣ ਲੋਕਾਂ ਨੂੰ ਸਾਲਾਂ ਬੱਧੀ ਸਮੱਸਿਆਵਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ| ਸਾਡੇ ਸ਼ਹਿਰ ਵਿੱਚ ਤੈਨਾਤ ਸਰਕਾਰੀ ਅਧਿਕਾਰੀਆਂ ਬਾਰੇ ਤਾਂ ਇਹ ਆਮ ਧਾਰਨਾ ਬਣ ਚੁੱਕੀ ਹੈ ਕਿ ਇਹ ਅਧਿਕਾਰੀ ਮਨਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਉਹਨਾਂ ਉੱਪਰ ਕਿਸੇ ਵੀ ਗੱਲ ਦਾ ਅਸਰ ਘੱਟ ਹੀ ਪੈਂਦਾ ਹੈ| ਇਹ ਅਧਿਕਾਰੀ ਆਮ ਲੋਕਾਂ ਲਈ ਪਰੇਸ਼ਾਨੀਆਂ ਤਾਂ ਪੈਦਾ ਕਰ ਦਿੰਦੇ ਹਨ ਪਰੰਤੂ ਇਹਨਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਥਾਂ ਟਾਲਮਟੋਲ ਵਿੱਚ ਹੀ ਲੱਗੇ ਰਹਿੰਦੇ ਹਨ ਅਤੇ ਸ਼ਹਿਰ ਦੇ ਚੁਣੇ ਹੋਏ ਨੁਮਾਇੰਦਿਆਂ ਤਕ ਨੂੰ ਸ਼ਹਿਰ ਵਾਸੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਹਲ ਕਰਵਾਉਣ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ|
ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਦੇ ਹਲ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਤੇ ਦੋਵੇਂ ਪਾਸੇ ਆਟੋ ਰਿਕਸ਼ਿਆਂ ਲਈ ਵੱਖਰੀ ਸਲਿਪ ਰੋਡ ਬਣਾਈ ਜਾਵੇ ਅਤੇ ਇਹਨਾਂ ਆਟੋ ਚਾਲਕਾਂ ਲਈ ਇਹ ਜਰੂਰੀ ਕੀਤਾ ਜਾਵੇ ਕਿ ਉਹ ਆਪਣਾ ਵਾਹਨ ਇਸ ਸਲਿਪ ਰੋਡ ਤੇ ਹੀ ਚਲਾਉਣ ਤਾਂ ਜੋ ਉਹਨਾਂ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਆਵਾਜਾਈ ਪ੍ਰਭਾਵਿਤ ਨਾ ਹੋਵੇ| ਪ੍ਰਸ਼ਾਸ਼ਨ ਦੀ ਇਹ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਇਸ ਲਈ ਸ਼ਹਿਰ ਦੀਆਂ ਤਮਾਮ ਮੁੱਖ ਸੜਕਾਂ ਦੇ ਕਿਨਾਰੇ ਇਹਨਾਂ ਆਟੋ ਰਿਕਸ਼ਿਆਂ ਜਾਂ ਜਨਤਕ ਆਵਾਜਾਈ ਲਈ ਵਰਤੋਂ ਵਿੱਚ ਆਉਣ ਵਾਲੇ ਹੋਰਨਾ ਵਾਹਨਾਂ ਲਈ ਵੱਖਰੀ ਲੇਨ ਦਾ ਪ੍ਰਬੰਧ ਕਰੇ ਤਾਂ ਜੋ ਇਹਨਾਂ ਵਾਹਨਾਂ ਦੇ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਣ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਨਾ ਕਰਨਾ ਪਵੇ|

Leave a Reply

Your email address will not be published. Required fields are marked *