ਟ੍ਰੈਫਿਕ ਸਮੱਸਿਆ ਦੇ ਹਲ ਲਈ ਆਟੋ ਰਿਕਸ਼ਿਆਂ ਵਾਸਤੇ ਰਫਤਾਰ ਦੀ ਹੱਦ ਤੈਅ ਕਰੇ ਪ੍ਰਸ਼ਾਸ਼ਨ

ਸਾਡੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਅਸੀਂ ਸਾਰੇ ਹੀ ਜਾਣੂ ਹਾਂ ਅਤੇ ਸ਼ਹਿਰ ਵਾਸੀ ਅਕਸਰ ਇਸਦੀ ਸ਼ਿਕਾਇਤ ਕਰਦੇ ਹਨ| ਹਾਲਾਂਕਿ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਵਿੱਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਅਤੇ ਟ੍ਰੈਫਿਕ ਪੁਲੀਸ ਵਲੋਂ        ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਵਾਹਨ ਚਾਲਕਾਂ ਦੇ ਚਾਲਾਨ ਕੱਟਣ ਦੀ ਮੁਹਿਮ ਵੀ ਅਕਸਰ ਨਜਰ ਆ ਜਾਂਦੀ ਹੈ ਪਰੰਤੂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਸਿਰਫ ਆਮ ਲੋਕਾਂ ਦੇ ਚਾਲਾਨ ਕੱਟਣ ਤਕ ਹੀ ਸੀਮਿਤ ਰਹਿੰਦੀ ਹੈ ਅਤੇ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਇਸਦਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੇ ਕੋਈ ਅਸਰ ਨਹੀਂ ਪੈਂਦਾ ਅਤੇ ਟ੍ਰੈਫਿਕ ਵਿਵਸਥਾ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਇਹ ਸਮੱਸਿਆ ਪਹਿਲਾ ਵਾਂਗ ਹੀ ਕਾਇਮ ਹੈ|
ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਲਈ ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਨੂੰ ਕਾਫੀ ਹੱਦ ਤਕ  ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ| ਲੋਕਾਂ ਦੀ ਇਹ ਆਮ ਸ਼ਿਕਾਇਤ ਹੈ ਕਿ ਇਹਨਾਂ ਆਟੋ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਬਿਲਕੁਲ ਪਰਵਾਹ ਨਹੀਂ ਕੀਤੀ ਜਾਂਦੀ ਅਤੇ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ ਇਹ ਆਟੋ ਚਾਲਕ ਟ੍ਰੈਫਿਕ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਕਰਦੇ ਹਨ ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਅਕਸਰ ਸੜਕ ਹਾਦਸੇ ਵੀ ਵਾਪਰਦੇ ਹਨ| ਵੇਖਿਆ ਜਾਵੇ ਤਾਂ ਇਹ ਸ਼ਿਕਾਇਤ ਕਾਫੀ ਹੱਦ ਤਕ ਜਾਇਜ ਵੀ ਹੈ| ਅਸਲੀਅਤ ਇਹੀ ਹੈ ਕਿ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਵਿੱਚੋਂ ਜ਼ਿਆਦਾਤਰ ਦੇ ਚਾਲਕ ਆਪਣੇ ਵਾਹਨ ਬਹੁਤ ਤੇਜ ਰਫਤਾਰ ਨਾਲ ਚਲਾਉਂਦੇ ਹਨ ਅਤੇ ਕਈ ਵਾਰ ਤਾਂ ਸੜਕ ਤੇ ਇਹ ਹਾਲਾਤ ਬਣ ਜਾਂਦੇ ਹਨ ਕਿ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਵਿੱਚ ਇਹਨਾਂ ਆਟੋ ਰਿਕਸ਼ਿਆਂ ਵਲੋਂ ਪੂਰੀ ਸੜਕ ਦਾ ਟ੍ਰੈਫਿਕ ਪ੍ਰਭਾਵਿਤ ਕਰ ਦਿੱਤਾ ਜਾਂਣਾ ਹੈ| ਇਹ ਆਟੋ ਚਾਲਕ ਵਾਹਨ ਚਲਾਉਣ ਵੇਲੇ ਇਸ ਗੱਲ ਵੱਲ ਵੀ ਧਿਆਨ ਨਹੀਂ ਦਿੰਦੇ ਕਿ ਉਹਨਾਂ ਦੀਆਂ ਅਜਿਹੀਆਂ ਹਰਕਤਾਂ ਹੋਰਨਾਂ ਵਾਹਨ ਚਾਲਕਾਂ ਲਈ ਭਾਰੀ ਪਰੇਸ਼ਾਨੀ ਦਾ ਕਾਰਨ ਬਣਦੀਆਂ ਹਨ| ਹੋਰ ਤਾਂ ਹੋਰ ਇਸ ਤਰੀਕੇ ਨਾਲ ਤੇਜ ਰਫਤਾਰ ਨਾਲ ਚਲਦੇ ਇਹ ਥ੍ਰੀ ਵਹੀਲਰ ਕਈ ਵਾਰ ਸੜਕ ਤੇ ਹੀ ਕਿਸੇ ਹਾਦਸੇ ਦਾ ਸ਼ਿਕਾਰ ਵੀ ਹੋ ਚੁੱਕੇ ਹਨ ਅਤੇ ਇਹਨਾਂ ਹਾਦਸਿਆਂ ਦੌਰਾਨ ਇਹਨਾਂ ਆਟੋ ਰਿਕਸ਼ਿਆਂ ਵਿੱਚ ਬੈਠੀਆਂ ਸਵਾਰੀਆਂ ਵੀ ਜਖਮੀ ਹੋ ਚੁੱਕੀਆਂ ਹਨ|
ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਭਾਵੇਂ ਸ਼ਹਿਰ ਵਾਸੀਆਂ ਦੀ ਮੁੱਢਲੀ ਲੋੜ ਬਣ ਚੁੱਕੇ ਹਨ ਅਤੇ ਆਮ ਲੋਕ ਇੱਕ ਥਾਂ ਤੋਂ ਦੂਜੀ ਥਾਂ ਤਕ ਪਹੁੰਚਣ ਲਈ ਕਾਫੀ ਹੱਦ ਤਕ ਇਹਨਾਂ ਆਟੋ ਰਿਕਸ਼ਿਆਂ ਤੇ ਨਿਰਭਰ ਕਰਦੇ ਹਨ ਪਰੰਤੂ ਇਸਦੇ ਬਾਵਜੂਦ ਇਹਨਾਂ ਆਟੋ ਚਾਲਕਾਂ ਨੂੰ ਸੜਕਾਂ ਤੇ ਆਪਹੁਦਰੀਆਂ ਕਰਨ ਦੀ ਇਜਾਜ਼ਤ ਤਾਂ ਨਹੀਂ ਦਿੱਤੀ ਜਾ ਸਕਦੀ| ਸ਼ਹਿਰ ਦੀਆਂ ਸੜਕਾਂ ਤੇ ਭੜਥੂ ਪਾਉਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਕਾਰਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਭਾਰੀ ਨੁਕਸਾਨ ਹੁੰਦਾ ਹੈ ਜਿਸਤੇ ਕਾਬੂ ਕਰਨ ਲਈ ਇਹ ਜ਼ਰੂਰੀ ਹੈ ਕਿ ਇਹਨਾਂ ਆਟੋ ਰਿਕਸ਼ਾ ਚਾਲਕਾਂ ਵਲੋਂ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੇ ਰੁਝਾਨ ਤੇ ਰੋਕ ਲਗਾਉਣ ਲਈ ਇਹਨਾਂ ਵਾਸਤੇ ਰਫਤਾਰ ਦੀ ਹੱਦ ਕਾਇਮ ਕੀਤੀ ਜਾਵੇ ਅਤੇ ਇਹਨਾਂ ਆਟੋ ਰਿਕਸ਼ਿਆਂ ਵਿੱਚ ਅਜਿਹੇ ਯੰਤਰ ਫਿਟ ਕੀਤੇ ਜਾਣ ਜਿਸ ਨਾਲ ਇਹ ਥ੍ਰੀ ਵਹੀਲਰ ਇੱਕ ਮਿੱਥੀ ਰਫਤਾਰ ਤੋਂ ਵੱਧ ਤੇਜ਼ ਚਲ ਹੀ ਨਾ ਸਕਣ| ਇਹ ਆਟੋ ਚਾਲਕ ਆਪਣੀ ਇਸ ਤੇਜ ਰਫਤਾਰ ਕਾਰਨ ਆਮ ਸਵਾਰੀਆਂ ਲਈ ਵੀ ਖਤਰਾ ਬਣਦੇ ਹਨ ਇਸ ਲਈ ਇਹਨਾਂ ਦੀ ਰਫਤਾਰ ਤੇ ਕਾਬੂ ਕੀਤਾ ਜਾਣਾ ਬਹੁਤ ਜ਼ਰੂਰੀ ਹੈ|
ਸਥਾਨਕ ਪ੍ਰਸ਼ਾਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਇਹਨਾਂ ਆਟੋ ਰਿਕਸ਼ਿਆਂ ਦੀ ਰਫਤਾਰ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਏ| ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸੁਰਖਿਅਤ ਆਵਾਜਾਈ ਦੀ ਸਹੂਲੀਅਤ ਮਿਲਣ ਦੇ ਨਾਲ ਨਾਲ ਲਗਾਤਾਰ ਵੱਧਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਵੀ ਰਾਹਤ ਹਾਸਿਲ ਹੋਵੇ|

Leave a Reply

Your email address will not be published. Required fields are marked *