ਠੇਕਾ ਕਾਮਿਆਂ ਵਲੋਂ 15 ਦਸੰਬਰ ਨੂੰ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫਤਰ ਅੱਗੇ ਧਰਨਾ ਦੇਣ ਦਾ ਐਲਾਨ
ਐਸ.ਏ.ਐਸ.ਨਗਰ, 8 ਦਸੰਬਰ (ਸ਼ਮਿੰਦਰ ਸਿੰਘ) ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ, ਕੰਟਰੈਕਟ ਵਰਕਰ ਯੂਨੀਅਨ ਅਤੇ ਪੰਜਾਬ 108 ਐਂਬੂਲੈਂਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇਕਿਰਤ ਕਮਿਸ਼ਨਰ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ ਕੀਤੇ ਜਾ ਰਹੇ ਸੰਘਰਸ਼ ਦੌਰਾਨ ਠੇਕਾ ਕਾਮਿਆਂ ਵੱਲੋਂ 15 ਦਸੰਬਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ, ਬਿਜਲੀ ਬਿੱਲ 2020 ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਨੂੰ ਸਰਕਾਰ ਤੋਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ|
ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਗੁਰਪ੍ਰੀਤ ਸਿੰਘ ਗੁਰੀ, ਲਖਵੀਰ ਸਿੰਘ ਕਟਾਰੀਆ, ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਅਤੇ ਮਨਿੰਦਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਰਾਹੀਂ ਕੰਮ ਕਰਦੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ, ਕਿਰਤ ਕਮਿਸ਼ਨਰ ਪੰਜਾਬ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਪਾਵਰਕਾਮ, ਵਾਟਰ ਸਪਲਾਈ ਸੀਵਰੇਜ ਬੋਰਡ, ਸਿਹਤ ਵਿਭਾਗ ਦੀ ਮੈਨੇਜਮੈਂਟ ਨਾਲ ਮੰਗਾਂ ਨੂੰ ਲੈ ਕੇ ਮੰਗਾਂ ਹੱਲ ਕਰਨ ਸੰਬੰਧੀ ਹੋਏ ਫੈਸਲੇ ਜਿਸ ਨੂੰ ਲਾਗੂ ਕਰਨ ਤੋਂ ਕਿਰਤ ਮੰਤਰੀ ਲਗਾਤਾਰ ਪਾਸਾ ਵੱਟਦੇ ਆ ਰਹੇ ਹਨ| ਇਸ ਲਈ 15 ਦਸੰਬਰ ਨੂੰ ਧਰਨਾ ਦੇਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ|