ਠੇਕਾ ਮੁਲਾਜਮਾਂ ਤੇ ਟੀ.ਐਸ.ਯੂ ਨੇ ਫੂਕਿਆ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਪੁਤਲਾ


ਖਰੜ, 24 ਅਕਤੂਬਰ (ਸ਼ਮਿੰਦਰ ਸਿੰਘ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ  ਦੇ ਬੈਨਰ ਹੇਠ ਜਿਲ੍ਹਾ ਮੁਹਾਲੀ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਦਿਓ ਕੱਦ ਪੁਤਲਾ ਫੂਕਿਆ ਗਿਆ| 
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਮੂਹ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ ਤੇ ਵੱਡੇ ਪੱਧਰ ਤੇ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਰਾਹੀਂ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ|
ਉਹਨਾਂ ਕਿਹਾ ਕਿ  ਠੇਕਾ ਮੁਲਾਜ਼ਮਾਂ ਵੱਲੋਂ ਮੋਰਚੇ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ”ਵੈੱਲਫੇਅਰ ਐਕਟ 2016” ਨੂੰ ਤੋੜਕੇ ਨਵਾਂ ”ਵੈਲਫੇਅਰ ਐਕਟ 2020” ਬਣਾਇਆ ਜਾ ਰਿਹਾ ਹੈ ਅਤੇ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਆਦਿ ਕੈਟਾਗਿਰੀਆਂ ਨੂੰ ਐਕਟ ਵਿੱਚੋਂ ਬਾਹਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਕੰਪਨੀਆਂ, ਇਨਲਿਸਟਮੈਂਟ, ਠੇਕਾ ਪ੍ਰਣਾਲੀ, ਆਊਟਸੋਰਸਿੰਗ ਆਦਿ ਕੈਟਾਗਿਰੀਆਂ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ  ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨ ਲੋਕਾਂ ਸਿਰ ਧੱਕੇ ਨਾਲ ਮੜੇ ਜਾ ਰਹੇ ਹਨ|  
ਉਹਨਾਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ”ਵੈਲਫੇਅਰ ਐਕਟ 2016 ” ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਵੱਖ-ਵੱਖ ਠੇਕੇਦਾਰਾਂ, ਇਨਲਿਸਟਮੈਟ,ਕੰਪਨੀਆਂ,ਠੇਕਾ ਪ੍ਰਣਾਲੀ, ਆਊਟ ਸੋਰਸ਼ ਆਦਿ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ,  ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ, ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,ਦੇਸੀ-ਵਿਦੇਸੀ ਕੰਪਨੀਆਂ ਨੂੰ ਦੇਸ਼ ਵਿੱਚੋਂ ਬਾਹਰ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦਾ ਸਰਕਾਰੀਕਰਨ ਕੀਤਾ ਜਾਵੇ, ਜਨਤਕ ਵੰਡ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤੇ ਅਨਾਜ਼ ਸਮੇਤ ਹੋਰ ਜਰੂਰ ਵਸਤਾਂ ਦਿੱਤੀਆਂ ਜਾਣ| 
ਇਸ ਮੌਕੇ ਸੂਬਾ ਆਗੂ ਬਲਿਹਾਰ ਸਿੰਘ ਜ਼ਿਲਾ ਆਗੂਆਂ ਮੇਜਰ ਸਿੰਘ, ਕੇਸਰ ਸਿੰਘ  ਦਵਿੰਦਰ ਸਿੰਘ ਨਰਿੰਦਰ ਸਿੰਘ ਵਰਿੰਦਰ ਸਿੰਘ ਟੀ.ਐੱਸ.ਯੂ ਸਰਕਲ ਪ੍ਰਧਾਨ ਦਵਿੰਦਰ ਸਿੰਘ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਭਾਗ ਸਿੰਘ,  ਸੇਵਕ ਸਿੰਘ, ਚਰਨਜੀਤ ਸਿੰਘ, ਅਜੇ ਕੁਮਾਰ, ਸੁਖਵਿੰਦਰ ਸਿੰਘ ਵੀ ਮੌਜੂਦ ਸਨ| 

Leave a Reply

Your email address will not be published. Required fields are marked *