ਡਿਪਟੀ ਕਮਿਸ਼ਨਰ ਵਲੋਂ ਬਡੀ ਪ੍ਰੋਗਰਾਮ ਸਬੰਧੀ ਸਿਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਮੀਟਿੰਗ

ਐਸ ਏ ਐਸ ਨਗਰ, 23 ਅਗਸਤ (ਸ.ਬ.) ਸੂਬੇ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਤੇ ਅਧਾਰਿਤ ਬਡੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤੇ ਇਸ ਤਹਿਤ ਵਿਦਿਆਰਥੀਆਂ ਦੀ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਖੇਡ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ| ਇਹਨਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨਾਲ ਬਡੀ ਪ੍ਰੋਗਰਾਮ ਸਬੰਧੀ ਮੀਟਿੰਗ ਕਰਦਿਆਂ ਕੀਤਾ|
ਮੀਟਿੰਗ ਨੂੰ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 6ਵੀਂ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਪ੍ਰਤੀ ਕਲਾਸ ਪੰਜ ਪੰਜ ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾ ਰਹੇ ਹਨ, ਜਿਨ੍ਹਾਂ ਨੂੰ ਬਡੀ ਕਿਹਾ ਜਾਂਦਾ ਹੈ ਇਹ ਸਾਰੇ ਕਲਾਸ ਇੰਚਾਰਜ ਦੀ ਅਗਵਾਈ ਵਿਚ ਗਤੀਵਿਧੀਆ ਕਰਦੇ ਹਨ| ਕਲਾਸ ਇੰਚਾਰਜ ਨੂੰ ਸੀਨੀਅਰ ਬਡੀ ਕਿਹਾ ਜਾਂਦਾ ਹੈ| ਬਡੀ ਪ੍ਰੋਗਰਾਮ ਦੇ ਟੀਚਿਆਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਸੁਰੱਖਿਅਤ ਰੱਖਣਾ, ਗਿਆਨ ਪ੍ਰਦਾਨ ਕਰਨਾ, ਹੁਨਰ ਵਿਕਾਸ ਕਰਨਾ ਅਤੇ ਵਿਦਿਆਰਥੀਆਂ ਵਿਚ ਉਸਾਰੂ ਸੋਚ ਪੈਦਾ ਕਰਨਾ ਸ਼ਾਮਲ ਹੈ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸ਼ਲਾਘਾਯੋਗ ਕੰਮ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ|
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਦਿੱਤੀ ਕਿ ਖੇਡ ਵਿਭਾਗ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਖੇਡ ਮੁਕਾਬਲੇ ਕਰਵਾਏ ਜਾਣ ਅਤੇ ਪੇਂਡੂ ਖੇਡਾਂ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ| ਇਸ ਤੋਂ ਇਲਾਵਾ ਵੱਧ ਤੋਂ ਵੱਧ ਸਭਿਆਚਾਰਕ ਗਤੀਵਿਧੀਆ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਟੇਡੀਅਮ ਅਤੇ ਹੋਰਨਾਂ ਖੁੱਲੀਆ ਥਾਵਾਂ ਤੇ ਸਕਰੀਨਾਂ ਲਗਾ ਕੇ ਫਿਲਮਾਂ ਵਿਖਾਈਆ ਜਾਣ| ਉਹਨਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸਕੂਲਾਂ ਅਤੇ ਕਾਲਜਾਂ ਨੇੜੇ ਚੱਲ ਰਹੇ ਢਾਬਿਆਂ ਅਤੇ ਖਾਣ ਪੀਣ ਦੀ ਚੀਜ਼ਾਂ ਵਾਲੀਆਂ ਹੋਰਨਾਂ ਦੁਕਾਨਾਂ ਤੇ ਲਗਾਤਾਰ ਨਜ਼ਰ ਰੱਖੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਗਲਤ ਚੀਜ ਨਾ ਵੇਚ ਸਕੇ|
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰ. ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬਡੀ ਪ੍ਰੋਗਰਾਮ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਸਕੂਲਾਂ ਦੇ ਪ੍ਰਿੰਸੀਪਲਾ ਦੀਆਂ ਬਲਾਕ ਵਾਈਸ ਡਿਊਟੀਆ ਲਗਾਈਆਂ ਗਈਆ ਹਨ| ਇਸ ਮੌਕੇ ਡਿਪਟੀ ਡੀ.ਓ. ਰਵਿੰਦਰ ਕੌਰ ਅਤੇ ਮਾਸਟਰ ਟਰੇਨਰ ਬਡੀ ਪ੍ਰੋਗਰਾਮ ਹਰਪਾਲ ਸਿੰਘ ਸਮੇਤ ਸਿਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀ ਹਾਜ਼ਰ ਸਨ|

Leave a Reply

Your email address will not be published. Required fields are marked *