ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਕਸ਼ਨ ਪਲਾਨ ਕਰਨ ਦੀਆਂ ਹਦਾਇਤਾਂ

ਐਸ.ਏ.ਐਸ.ਨਗਰ, 15 ਜੂਨ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਅਧਿਕਾਰੀ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ਦੌਰਾਨ 5 ਸਤੰਬਰ ਤੱਕ ਦਾ ਐਕਸ਼ਨ ਪਲਾਨ ਬਣਾ ਕੇ ਤੁਰੰਤ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਦਿੱਤਾ ਜਾਵੇ| ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ, ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਥਾਨਕ ਸਰਕਾਰਾਂ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਬਾਗਬਾਨੀ, ਜੰਗਲਾਤ, ਖੇਡ ਵਿਭਾਗ, ਸਹਿਕਾਰਤਾ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਦਿੱਤੀਆਂ|
ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰਾਂ ਦੀ ਮੀਟਿੰਗ ਵਿੱਚ ਗੈਰ ਹਾਜਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ| ਸ੍ਰੀਮਤੀ ਸਪਰਾ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਕੁਤਾਹੀ ਬਰਦਾਸਤ ਨਹੀ ਕੀਤੀ ਜਾਵੇਗੀ| ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਕਰੱਸਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਆਪਣੇ ਪੱਧਰ ਤੇ ਕਰੱਸਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਨੂੰ ਯਕੀਨੀ ਬਣਾਉਣ| ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਦੇ ਟਿਊਬਵੈਲਾਂ ਤੇ ਦੋ-ਦੋ ਬੂਟੇ ਲਗਾਉਣ ਲਈ ਜੰਗਲਾਤ ਵਿਭਾਗ ਵੱਲੋਂ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਵਿੱਚ ਇਸ ਵਾਰ ਸਫੈਦਾ ਜੋ ਕਿ ਧਰਤੀ ਵਿਚੋਂ ਵੱਧ ਪਾਣੀ ਸੋਖਦਾ ਹੈ, ਨੂੰ ਛੱਡ ਕੇ ਹੋਰਨਾਂ ਕਿਸਮਾਂ ਦੇ ਬੂਟੇ ਲਗਾਏ ਜਾਣ|
ਉਹਨਾਂ ਨੇ ਇਸ ਮੌਕੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਸਫਾਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੀ ਪੂਰੀ ਤਰ੍ਹਾਂ ਰੋਕਥਾਮ ਲਈ, ਮੁਹਿੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ| ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਅਤੇ ਹੋਰ ਖੁਰਾਕੀ ਪਦਾਰਥਾਂ ਦੀ ਅਚਨਚੇਤੀ ਚੈਕਿੰਗ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਖੋਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ| ਇਸ ਮੌਕੇ ਉਨ੍ਹਾਂ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਦਾਂ, ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਉਪਰੰਤ ਆਪਣੀ ਰਿਪੋਰਟ ਭੇਜਣ ਲਈ ਆਖਿਆ| ਉਨ੍ਹਾਂ ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਵਿਰੁੱਧ ਪੰਚਾਇਤਾਂ ਤੋਂ ਮਤੇ ਪੁਆਉਣ ਅਤੇ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ| ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਪੀਲੇ ਰੰਗ ਦਾ ਡਸਟਬੀਨ ਲਗਾਉਣ ਲਈ ਕਿਹਾ| ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੇ 100 ਸਕੂਲਾਂ ਵਿੱਚ ਰੇਨ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਆਖਿਆ ਤਾਂ ਜੋ ਇਸ ਤੇ ਕੰਮ ਸ਼ੁਰੂ ਹੋ ਸਕੇ| ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਬੂਟੇ ਲਗਾਉਣ ਦੀ ਮੁਹਿੰਮ ਵਿਚ ਲੋਕਾਂ ਦੀ ਸਮੂਲੀਅਤਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ|
ਸ੍ਰੀਮਤੀ ਸਪਰਾ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਹੇਠਲੇ ਪੱਧਰ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਾਉਣ ਲਈ ਆਖਿਆ ਤਾਂ ਜੋ ਬੱਚਿਆਂ ਵਿਚ ਮੁੱਢ ਤੋਂ ਹੀ ਖੇਡਾ ਪ੍ਰਤੀ ਰੂਚੀ ਪੈਦਾ ਹੋ ਸਕੇ| ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਦੇ ਨਾਲ ਨਾਲ ਆਪਣੇ ਪੱਧਰ ਤੇ ਐਸ.ਟੀ.ਪੀ. ਲਗਾਉਣ ਲਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ| ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਣ ਤੋਂ ਹੀ ਝੋਨੇ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਇੱਕ ਵੱਖਰੇ ਤੌਰ ਤੇ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ| ਇਸ ਮੌਕੇ ਜਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਆਰ.ਐਸ.ਕੰਗ, ਸਹਾਇਕ ਕਮਿਸ਼ਨਰ ਨਗਰ ਨਿਗਮ ਸਰਬਜੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ,ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲਵਲੀਨ ਦੂਬੇ, ਐਕਸੀਅਨ ਜਲ ਸਲਪਾਈ ਤੇ ਸੈਨੀਟੇਸ਼ਨ ਨਵਲ ਕਿਸ਼ੋਰ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ|

Leave a Reply

Your email address will not be published. Required fields are marked *