ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇਗਾ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) : ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 22 ਫਰਵਰੀ, (ਸ.ਬ.) ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) 24 ਫਰਵਰੀ ਨੂੰ ਪੰਜਾਬ ਦੇ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਿਲਕੇ ਮੰਗ ਪੱਤਰ ਸੌਂਪੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਸz. ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਰਿਕਾਰਡ ਪੱਧਰ ਤੇ ਪਹੁੰਚ ਗਈਆਂ ਹਨ। ਜਿਸ ਕਾਰਨ ਆਮ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਜਿੱਥੇ ਆਮ ਲੋਕ ਦੁੱਖੀ ਹਨ, ਉੱਥੇ ਹੀ ਪੰਜਾਬ ਸਮੇਤ ਹੋਰ ਰਾਜਾਂ ਦੀਆਂ ਸਰਕਾਰਾਂ ਦੇ ਪੱਧਰ ਤੇ ਇਸ ਨੂੰ ਘੱਟ ਕਰਨ ਨੂੰ ਲੈ ਕੇ ਫਿਲਹਾਲ ਕੋਈ ਕਦਮ ਨਹੀਂ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਜਦੋਂ ਵੀ ਤੇਲ-ਗੈਸ ਦੀਆਂ ਕੀਮਤਾਂ ਵੱਧਦੀਆਂ ਸਨ ਤਾਂ ਵਿਰੋਧੀ ਧਿਰ ਵਿਰੋਧ ਕਰਦੀ ਸੀ ਪਰ ਹੁਣ ਕਿਸੇ ਕੋਲ ਲੋਕਾਂ ਦੀ ਆਵਾਜ਼ ਬਣਨ ਦਾ ਸਮਾਂ ਹੀ ਨਹੀਂ ਹੈ। ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸੂਬਾ ਸਰਕਾਰ ਵੀ ਇਸ ਲੱਕ ਤੋੜਵੇਂ ਵਾਧੇ ਤੇ ਚੁੱਪ ਹੈ ਅਤੇ ਵਿਰੋਧੀ ਪਾਰਟੀਆਂ ਵੀ ਚੁੱਪ ਧਾਰੀਂ ਬੈਠੀਆਂ ਹਨ।

ਉਨ੍ਹਾ ਦੱਸਿਆ ਕਿ ਪਾਰਟੀ ਵਲੋਂ 24 ਫਰਵਰੀ ਨੂੰ ਪੰਜਾਬ ਦੇ ਸਮੂਹ ਜਿਲ੍ਹਿਆਂ ਵਿੱਚ ਪਾਰਟੀ ਦੇ 11 ਮੈਂਬਰੀ ਵਫਦ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਿਲਕੇ ਤੇਲ-ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਮੰਗ ਪੱਤਰ ਸੌਂਪ ਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਵਧੀਆਂ ਕੀਮਤਾਂ ਵਾਪਿਸ ਲੈਣ ਦੀ ਅਪੀਲ ਕਰੇਗਾ।

ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਵੀ ਮਹਿੰਗਾਈ ਤੇ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈਆਂ ਹਨ। ਉਹਨਾਂ ਕਿਹਾ ਕਿ ਜੇਕਰ ਸੂਬੇ ਵਿੱਚ ਫਿਰ ਵੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨਹੀਂ ਘਟਾਈਆਂ ਜਾਂਦੀਆਂ ਤਾਂ ਪਾਰਟੀ ਇਸਦੇ ਖਿਲਾਫ ਸੰਘਰਸ਼ ਵਿੱਢੇਗੀ।

Leave a Reply

Your email address will not be published. Required fields are marked *