ਡੇਰਾ ਸਿਰਸਾ ਪ੍ਰੇਮੀਆਂ ਤੋਂ ਵੋਟਾਂ ਮੰਗਣ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਪ੍ਰੋ. ਬਡੂੰਗਰ ਗੁਰਦੁਆਰਾ ਅੰਬ ਸਾਹਿਬ ਵੱਲੋਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ, ਬਡੂੰਗਰ ਨੇ ਕੀਤਾ ਰਵਾਨਾ

ਐਸ.ਏ.ਐਸ. ਨਗਰ, 7 ਫਰਵਰੀ (ਸ.ਬ.) ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਫੇਜ਼-8 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ| ਅੱਜ ਪਹਿਲੇ ਦਿਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ| ਜਿਸ ਨੂੰ ਐਸਜੀਪੀਸੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ| ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ| ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ|
ਇਸ ਮੌਕੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਗਿੱਲ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਸਪੱਸ਼ਟ ਆਖਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਵੋਟਾਂ ਮੰਗਣ ਅਤੇ            ਡੇਰੇ ਵਿੱਚ ਜਾਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਅਕਾਲੀ ਆਗੂਆਂ ਨੂੰ ਬਖ਼ਸ਼ਿਆਂ ਨਹੀਂ                  ਜਾਵੇਗਾ| ਉਹ ਭਾਵੇ ਕੋਈ ਵੀ ਹੋਣ| ਉਨ੍ਹਾਂ ਦੱਸਿਆ ਕਿ ਇਸ ਸਬੰਧੀ            ਵਿਸ਼ੇਸ਼ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਇਸ ਕਮੇਟੀ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ ਕਿ ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ| ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਅਤੇ ਸੰਗਤ ਨੂੰ ਗੁੰਮਰਾਹ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਜਾਅਲੀ ਹੁਕਮਨਾਮਾ ਜਾਰੀ ਕਰਨਾ ਬਹੁਤ ਮੰਦਭਾਗੀ ਗੱਲ ਹੈ| ਉਨ੍ਹਾਂ ਕਿਹਾ ਕਿ ਹੁਕਮਨਾਮੇ ‘ਤੇ 3 ਅਪਰੈਲ 2017 ਤਰੀਕ ਲਿਖੀ ਹੋਈ ਹੈ ਅਤੇ ਹੁਕਮਨਾਮੇ ਉੱਤੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਵੀ ਦਸਖ਼ਤ ਕੀਤੇ ਹੋਏ ਹਨ| ਜਦੋਂ ਕਿ ਸਭ ਨੂੰ ਪਤਾ ਹੈ ਕਿ ਮੌਜੂਦਾ ਸਮੇਂ ਵਿੱਚ ਜਥੇਦਾਰ ਨੰਦਗੜ੍ਹ ਕਿਸੇ ਵੀ ਤਖ਼ਤ ਦੇ ਜਥੇਦਾਰ ਨਹੀਂ ਹਨ|
ਪੱਤਰਕਾਰਾਂ ਵੱਲੋਂ ਕਾਨੂੰਨੀ ਕਾਰਵਾਈ ਬਾਰੇ ਪੁੱਛੇ ਜਾਣ ਤੇ                ਜਥੇਦਾਰ ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ| ਬਰਗਾੜੀ                       ਬੇਅਦਬੀ ਮਾਮਲੇ ਵਿੱਚ ਢਿੱਲੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ਤੇ ਬਡੂੰਗਰ ਨੇ ਕਿਹਾ ਕਿ ਪੁਲੀਸ ਵੱਲੋਂ           ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ| ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ| ਪਹਿਲੇ ਪੜਾਅ ਵਿੱਚ ਪਿਛਲੇ ਸਾਲ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਜੋੜ            ਮੇਲੇ ਦੌਰਾਨ ਸਕੂਲੀ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਸੀ ਅਤੇ 10 ਜਨਵਰੀ ਨੂੰ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ ਹਨ| ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ 125 ਸਕੂਲ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਗੁਰਮਤਿ ਦਾ ਪਾਠ ਪੜ੍ਹਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਜਾਂ ਕਾਲਜ ਨੌਜਵਾਨਾਂ ਨੂੰ ਗੁਰਮਤਿ ਦੀ ਸਿੱਖਿਆ ਦੇਵੇਗਾ ਤਾਂ ਐਸਜੀਪੀਸੀ ਵੱਲੋਂ ਸਬੰਧਤ ਸਿੱਖਿਆ ਸੰਸਥਾਨ ਨੂੰ ਅਧਿਆਪਕ ਦੀ ਅੱਧੀ ਤਨਖ਼ਾਹ ਦਿੱਤੀ ਜਾਵੇਗੀ|
ਇਸੇ ਦੌਰਾਨ ਚਲਦੀ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਆਜ਼ਾਦ ਮੈਂਬਰ ਭਾਈ ਹਰਦੀਪ ਸਿੰਘ ਨੇ ਐਸਜੀਪੀਸੀ ਪ੍ਰਧਾਨ ਬਡੂੰਗਰ ਦੇ ਕੋਲ ਕਈ ਪੰਥਕ ਮੁੱਦੇ ਚੁੱਕੇ ਜਿਸ ਤੇ ਪ੍ਰੋ. ਬਡੂੰਗਰ ਨੇ ਇਨ੍ਹਾਂ ਸਾਰੇ ਹੀ ਮਸਲਿਆਂ ਤੇ ਆਪਸ ਵਿੱਚ ਮਿਲ ਬੈਠ ਕੇ ਗੱਲਬਾਤ ਰਾਹੀਂ ਸੁਲਝਾਉਣ ਦਾ ਭਰੋਸਾ ਦਿੱਤਾ|
ਇਸ ਦੌਰਾਨ ਗੁਰਦੁਆਰਾ ਅੰਬ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਤੋਂ ਬਾਅਦ ਸ਼ੁਰੂ ਹੋਏ ਨਗਰ ਕੀਰਤਨ ਫੇਜ਼-8 ਤੇ 9, ਕ੍ਰਿਕਟ                       ਸਟੇਡੀਅਮ ਫੇਜ਼ 10, ਫੇਜ਼ 11 ਗੁਰਦੁਆਰਾ ਸਾਹਿਬ, ਪੁਲਿਸ ਥਾਣਾ                ਫੇਜ਼-11, ਨਾਈਪਰ , ਫੌਰੈਸਟ ਕੰਪਲੈਕਸ, ਪਿਲਸ ਸਟੇਸ਼ਨ ਫੇਜ਼ 8 ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8, ਕੋਸਮੋ ਹਸਪਤਾਲ, ਫੇਜ਼ 7 ਲਾਈਟਾ, ਗੁਰਦੁਆਰਾ ਸਾਚਾ ਧੰਨ, 3-5 ਦੀਆਂ ਲਾਈਟਾਂ, ਗੁਰਦੁਆਰਾ ਸਾਹਿਬਵਾੜਾ ਫੇਜ਼ 5, ਸਵਾਮੀ ਰਾਮ ਤੀਰਥ ਸਕੂਲ, ਗੁਰਦੁਆਰਾ ਕਲਗੀਧਰ ਸਿੰਘ ਸਭਾ              ਫੇਜ਼ 4, ਖੋਖਾ ਮਾਰਕੀਟ, ਗੁਰਦੁਆਰਾ ਸਿੰਘ ਸਭਾ ਫੇਜ਼ 1 ਪੁਰਾਣਾ ਡੀ ਸੀ ਦਫਤਰ, ਫਰੈਂਕੋ ਹੋਟਲ ਫੇਜ਼ 1 ਕੋਲੋਂ ਹੁੰਦਾ ਹੋਇਆ ਸ਼ਾਮ ਨੂੰ ਫੇਜ਼ 2 ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ| ਇਸੇ ਦਿਨ ਸ਼ਾਮ ਨੂੰ ਫੇਜ਼ 8 ਵਿਖੇ ਸ਼ਾਮ 6:30 ਤੋਂ ਰਾਤ 8:30 ਵਜੇ ਤੱਕ ਅਖੰਡ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਜਾਵੇਗਾ| ਦੂਜੇ ਦਿਨ 8 ਫਰਵਰੀ ਨੂੰ           ਸਵੇਰੇ 9 ਵਜੇ ਤੋਂ ਰਾਤ 12 ਵਜੇ ਤੱਕ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰਨਗੇ| ਸਮਾਗਮ ਦੇ ਅਖੀਰਲੇ ਦਿਨ 9 ਫਰਵਰੀ ਨੂੰ ਅੰਮ੍ਰਿਤ ਸੰਚਾਰ                 ਹੋਵੇਗਾ|
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਤੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇਦਾਰ ਅਮਰੀਕ ਸਿੰਘ  ਮੁਹਾਲੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਡੀਸੀ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਕਲਗੀਧਰ ਸਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਫੇਜ਼-9 ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਮਾਨ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਰਛਪਾਲ ਸਿੰਘ ਛੀਨਾ, ਨਰਿੰਦਰ ਸਿੰਘ ਲਾਂਬਾ ਸਮੇਤ ਵੱਡੀ ਗਿਣਤੀ ਆਗੂ ਅਤੇ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ|

Leave a Reply

Your email address will not be published. Required fields are marked *