ਤੇਜ ਰਫਤਾਰ ਨਾਲ ਚਲਦੇ ਆਟੋ ਰਿਕਸ਼ਿਆਂ ਵਾਸਤੇ ਸਪੀਡ ਲਿਮਟ ਲਾਗੂ ਕਰੇ ਪ੍ਰਸ਼ਾਸ਼ਨ

ਸਾਡੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਲੋਕ ਬਹੁਤ ਤੰਗ ਹਨ ਅਤੇ ਲੋਕ ਆਮ ਗੱਲਬਾਤ ਦੌਰਾਨ ਸਾਫ ਕਹਿੰਦੇ ਹਨ ਕਿ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ੇ ਹੀ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਦਾ ਸਭ ਤੋਂ ਵੱਡਾ ਕਾਰਨ ਹਨ ਜਿਹਨਾਂ ਵਲੋਂ ਸ਼ਰੇਆਮ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ| ਪਿਛਲੇ ਸਾਲਾਂ ਦੌਰਾਨ ਭਾਵੇਂ ਸਰਕਾਰ ਵਲੋਂ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਸੜਕਾਂ ਨੂੰ ਚੌੜਾ ਕੀਤਾ ਜਾ ਚੁੱਕਿਆ ਹੈ ਅਤੇ ਸ਼ਹਿਰ ਦੀਆਂ ਜਿਆਦਾਤਰ ਸੜਕਾਂ ਆਪਣੇ ਉੱਪਰ ਪੈਣ ਵਾਲੇ ਟ੍ਰੈਫਿਕ ਦੇ ਭਾਰ ਨੂੰ ਸਹਿਣ ਲਈ ਕਾਫੀ ਹੱਦ ਤਕ ਸਮਰਥ ਵੀ ਹੋ ਗਈਆਂ ਹਨ ਪਰੰਤੂ ਇਸ ਗੱਲ ਨਾਲ ਸਾਰੇ ਹੀ ਸਹਿਮਤ ਨਜਰ ਆਉਂਦੇ ਹਨ ਕਿ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕਾਂ ਵਲੋਂ ਕੀਤੀਆਂ ਜਾਂਦੀਆਂ ਆਪ ਹੁਦਰੀਆਂ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਦੀ ਭਾਰੀ ਸਮੱਸਿਆ ਪੇਸ਼ ਆਉਂਦੀ ਹੈ|
ਅਜਿਹੇ ਕਿਸੇ ਆਟੋ ਰਿਕਸ਼ੇ ਦਾ ਚਾਲਕ ਸੜਕ ਤੇ ਚਲਦੇ ਚਲਦੇ ਅਚਾਨਕ ਕਦੋਂ ਸੜਕ ਦੇ ਵਿਚਕਾਰ ਆਪਣਾ ਵਾਹਨ ਰੋਕ ਲਵੇਗਾ ਜਾਂ ਫਿਰ ਹੋਰਨਾਂ ਆਟੋ-ਰਿਕਸ਼ਾ ਚਾਲਕਾਂ ਨਾਲ ਰੇਸ ਲਗਾਉਣੀ ਸ਼ੁਰੂ ਕਰ ਦੇਵੇਗਾ ਇਸ ਬਾਰੇ ਕੁੱਝ ਕਿਹਾ ਨਹੀਂ ਜਾ ਸਕਦਾ| ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਜੇਕਰ ਇਹਨਾਂ ਆਟੋ ਚਾਲਕਾਂ ਦਾ ਵਸ ਚੱਲੇ ਤਾਂ ਇਹ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ ਆਪਣੇ ਥ੍ਰੀ ਵਹੀਲਰਾਂ ਨੂੰ ਜਹਾਜ ਬਣਾ ਕੇ ਉੜਾਉਣਾ ਸ਼ੁਰੂ ਕਰ ਦੇਣ| ਇਹਨਾਂ ਦੀ ਮਾਨਸਿਕਤਾ ਹੀ ਅਜਿਹੀ ਬਣ ਗਈ ਹੈ ਕਿ ਇਹ ਬਾਕੀ ਵਾਹਨ ਚਾਲਕਾਂ ਨੂੰ ਤੁੱਛ ਸਮਝਦੇ ਹਨ ਅਤੇ ਆਪਣੇ ਤੋਂ ਪਿੱਛੇ ਆਉਣ ਵਾਲੇ ਕਿਸੇ ਵਾਹਨ ਨੂੰ ਰਾਹ ਦੇਣ ਲਈ ਤਿਆਰ ਨਹੀਂ ਹੁੰਦੇ ਜਿਸ ਕਾਰਨ ਆਮ ਲੋਕਾਂ ਨੂੰ ਸੜਕਾਂ ਤੇ ਆਪਣਾ ਵਾਹਨ ਚਲਾਉਣ ਵਿੱਚ ਭਾਰੀ ਪਰੇਸ਼ਾਨੀ ਹੁੰਦੀ ਹੈ|
ਸ਼ਹਿਰਵਾਸੀਆਂ ਨੂੰ ਇਹਨਾਂ ਆਟੋ ਰਿਕਸ਼ਾ ਚਾਲਕਾਂ ਤੋਂ ਢੇਰਾਂ ਸ਼ਿਕਾਇਤਾਂ ਹਨ ਅਤੇ ਉਹ ਅਕਸਰ ਆਟੋ ਚਾਲਕਾਂ ਦੀਆਂ ਆਪਹੁਦਰੀਆਂ ਦੀ ਸ਼ਿਕਾਇਤ ਕਰਦੇ ਹਨ| ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚੱਲਦੇ ਇਹਨਾਂ ਆਟੋ ਚਾਲਕਾਂ ਵਲੋਂ ਹੀ ਪਾਇਆ ਜਾਂਦਾ ਹੈ| ਹੈਰਾਨੀ ਦੀ ਗੱਲ ਇਹ ਵੀ ਹੈ ਕਿ ਇਹਨਾਂ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਦੇ ਬਾਵਜੂਦ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਚਾਲਕਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਹਾਲਾਤ ਕਾਬੂ ਤੋਂ ਲਗਾਤਾਰ ਬਾਹਰ ਹੁੰਦੇ ਜਾ ਰਹੇ ਹਨ|
ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਲੋਂ ਆਮ ਤੋਂ ਵੱਧ ਰਫਤਾਰ ਵਿੱਚ ਵਾਹਨ ਚਲਾਉਣ ਅਤੇ ਤੇਜ ਰਫਤਾਰ ਨਾਲ ਵਾਹਨ ਚਲਾ ਕੇ ਇੱਕ ਦੂਜੇ ਤੋਂ ਅੱਗੇ ਕੱਢਣ ਦੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਇਹ ਜਰੂਰੀ ਹੈ ਕਿ ਇਹਨਾਂ ਆਟੋ ਰਿਕਸ਼ਿਆਂ ਵਾਸਤੇ ਸਪੀਡ ਲਿਮਿਟ ਤੈਅ ਕੀਤੀ ਜਾਵੇ ਤਾਂ ਜੋ ਇਹ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀਆਂ ਚੁੱਕਣ ਦੀ ਹੋੜ ਵਿੱਚ ਸੜਕਾਂ ਤੇ ਖੜਦੂੰਗ ਮਚਾ ਕੇ ਹੋਰਨਾਂ ਵਾਹਨ ਚਾਲਕਾਂ ਲਈ ਪਰੇਸ਼ਾਨੀ ਪੈਦਾ ਨਾ ਕਰ ਸਕਣ| ਵੈਸੇ ਵੀ ਸਵਾਰੀਆਂ ਢੋਣ ਵਾਲੇ ਵਾਹਨਾਂ ਵਾਸਤੇ ਇੱਕ ਸੁਰਖਿਅਤ ਸਪੀਡ ਲਿਮਿਟ ਤੈਅ ਹੋਣੀ ਬਹੁਤ ਜਰੂਰੀ ਹੈ ਤਾਂ ਜੋ ਸਵਾਰੀਆਂ ਨੂੰ ਕੋਈ ਹਾਦਸਾ ਪੇਸ਼ ਨਾ ਆਵੇ| ਇਸ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਕੋਈ ਅਜਿਹਾ ਪ੍ਰਬੰਧ ਕੀਤਾ ਜਾਵੇ ਜਿਸ ਨਾਲ ਇਹ ਥ੍ਰੀ ਵਹੀਲਰ ਇੱਕ ਮਿੱਥੀ ਸਪੀਡ ਤੋਂ ਵੱਧ ਤੇਜ ਚਲ ਹੀ ਨਾ ਸਕਣ|
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਇਸ ਸੰਬੰਧੀ ਜਿਲ੍ਹਾ ਟ੍ਰਾਂਸਪੋਰਟ ਅਧਿਕਾਰੀ ਨੂੰ ਲੋੜੀਂਦੀਆਂ ਹਿਦਾਇਤਾਂ ਜਾਰੀ ਕਰਨ ਅਤੇ ਇਹਨਾਂ ਆਟੋ ਰਿਕਸ਼ਿਆਂ ਦੀ ਰਫਤਾਰ ਨੂੰ ਕਾਬੂ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ| ਇਸਦੇ ਨਾਲ ਨਾਲ ਪ੍ਰਸ਼ਾਸ਼ਨ ਨੂੰ ਸ਼ਹਿਰ ਵਿੱਚ ਲਗਾਤਾਰ ਵੱਧਦੀ ਆਟੋ ਰਿਕਸ਼ਿਆਂ ਦੀ ਗਿਣਤੀ ਤੇ ਕਾਬੂ ਕਰਨ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ| ਇਸ ਤੋਂ ਪਹਿਲਾਂ ਕਿ ਸ਼ਹਿਰ ਦੀਆਂ ਸੜਕਾਂ ਤੇ ਆਮ ਲੋਕਾਂ ਦੀ ਆਵਾਜਾਈ ਲਈ ਕੋਈ ਥਾਂ ਬਾਕੀ ਨਾ ਰਹੇ ਪ੍ਰਸ਼ਾਸ਼ਨ ਨੂੰ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਸ ਸਮੱਸਿਆ ਨੂੰ ਕਾਬੂ ਕੀਤਾ ਜਾ ਸਕੇ|

Leave a Reply

Your email address will not be published. Required fields are marked *