ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਆਪ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਵਲੋਂ ਲੋਕਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਣ ਦਾ ਐਲਾਨ

ਚੰਡੀਗੜ੍ਹ, 22 ਫਰਵਰੀ (ਸ.ਬ.) ਆਮ ਆਦਮੀ ਪਾਰਟੀ ਵੱਲੋਂ ਵੱਧਦੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਅੱਜ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਤੇਲ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ ਹੇਠਾਂ ਲਿਆਂਦੀਆਂ ਜਾਣ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਇੰਚਾਰਜਾਂ ਵੱਲੋਂ ਕੀਤੀ ਗਈ, ਪ੍ਰਰਦਸ਼ਨਾਂ ਵਿੱਚ ਜ਼ਿਲ੍ਹਾ ਆਗੂਆਂ ਅਤੇ ਵਲੰਟੀਅਰਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹਰ ਆਦਮੀ ਦੀ ਰੋਜ਼ਮਰਾਂ ਦੀ ਜ਼ਿੰਦਗੀ ਉਤੇ ਪ੍ਰਭਾਵ ਪੈ ਰਿਹਾ ਹੈ।

ਇਸ ਸੰਬੰਧੀ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਪੰਜਾਬ ਇਕ ਅਜਿਹਾ ਸੂਬਾ ਹੈ ਜਿੱਥੇ ਤੇਲ ਦੀਆਂ ਕੀਮਤਾਂ ਉੱਤਰ ਭਾਰਤ ਦੇ ਸੂਬਿਆਂ ਵਿੱਚੋਂ ਸਭ ਤੋਂ ਜ਼ਿਆਦਾ ਹਨ। ਉੱਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ।

ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਪਾਰਟੀ ਦਾ ਇਲਜਾਮ ਹੈ ਕਿ ਮੁੱਖ ਮੰਤਰੀ ਸੂਬੇ ਦੀ ਸੰਪਤੀ ਮਾਫੀਆ ਨੂੰ ਲੁਟਾਕੇ ਆਪਣੀ ਅਤੇ ਆਪਣੇ ਚਹੇਤਿਆਂ ਦੀਆਂ ਤਿਜੌਰੀਆਂ ਭਰ ਰਹੇ ਹਨ ਪ੍ਰੰਤੂ ਸਰਕਾਰੀ ਖਜ਼ਾਨਾ ਭਰਨ ਲਈ ਲੋਕਾਂ ਤੋਂ ਤੇਲ ਤੇ ਵਾਧੂ ਟੈਕਸ ਲੈ ਰਹੇ ਹਨ ਜਿਸ ਨਾਲ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ।

ਆਪ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਉੱਤੇ ਦੋਵੇਂ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਤਰ੍ਹਾਂ ਤਰ੍ਹਾਂ ਦੇ ਜ਼ੁਲਮ ਕਰ ਰਹੀ ਹੈ ਅਤੇ ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉੱਤੇ ਲਗਾਏ ਜਾ ਰਹੇ ਵਾਧੂ ਟੈਕਸ ਨਾਲ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ। ਜ਼ਿਲ੍ਹਾ ਪੱਧਰੀ ਹੋਏ ਪ੍ਰਦਰਸ਼ਨਾਂ ਵਿੱਚ ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਲੋਕਾਂ ਦੇ ਮਸਲਿਆਂ ਨੂੰ ਹਰ ਪੱਧਰ ਉੱਤੇ ਚੁੱਕਦੀ ਆ ਰਹੀ ਹੈ ਅਤੇ ਲੋਕ ਮਸਲਿਆਂ ਲਈ ਸੰਘਰਸ਼ ਜਾਰੀ ਰਖੇਗੀ। 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਆਉਣ ਤੇ ਲੋਕਾਂ ਦੀਆਂ ਹਰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਐਸ.ਏ.ਐਸ. ਨਗਰ, 22 ਫਰਵਰੀ (ਸ.ਬ.) ਆਮ ਆਦਮੀ ਪਾਰਟੀ ਵੱਲੋਂ ਦਿਨੋਂ-ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਜ਼ਿਲ੍ਹਾ ਹੈਡਕਵਾਟਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ‘ਆਪ’ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਲੰਟੀਅਰਾਂ ਨੇ ਕਾਂਗਰਸ ਦੀ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋਕਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ। ਲੋਕ ਆਰਥਿਕ ਮਾਰ ਝੱਲ ਰਹੇ ਹਨ। ਇਸ ਦੌਰਾਨ ਪੰਜਾਬ ਦੀ ਸੂਬਾ ਕੈਪਟਨ ਸਰਕਾਰ ਆਪਣੇ ਖਜ਼ਾਨੇ ਭਰਨ ਲਈ ਤੇਲ ਉੱਤੇ ਵਾਧੂ ਟੈਕਸ ਲਗਾ ਕੇ ਲੋਕਾਂ ਉੱਤੇ ਹੋਰ ਆਰਥਿਕ ਬੋਝ ਪਾ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧਣ ਨਾਲ ਹਰ ਆਦਮੀ ਦੀ ਰੋਜ਼ਮਰਾ ਦੀ ਜ਼ਿੰਦਗੀ ਉੱਤੇ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਤੇਲ ਉੱਤੇ ਟੈਕਸ ਲਗਾ ਕੇ ਉਨ੍ਹਾਂ ਨੂੰ ਹੋਰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਭਾਰਤ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੈਟਰੋਲ 4.1 ਰੁਪਏ ਮਹਿੰਗਾ ਅਤੇ ਡੀਜ਼ਲ ਦੀ ਕੀਮਤ 3.1 ਸਭ ਤੋਂ ਜ਼ਿਆਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਰਿਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਹੇਠ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰਦੇ ਹੋਏ ਲੋਕਾਂ ਉੱਤੇ ਵਾਧੂ ਟੈਕਸ ਲਗਾ ਕੇ ਆਰਥਿਕ ਬੋਝ ਪਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੈਕਸ ਘੱਟ ਕਰਕੇ ਤੇਲ ਦੀਆਂ ਕੀਮਤਾਂ ਘੱਟ ਕਰੇ। ਇਸ ਮੌਕੇ ਜਿਲ੍ਹਾ ਸਕੱਤਰ ਪ੍ਰਭਜੋਤ ਕੌਰ, ਰਾਜ ਗਿੱਲ, ਬਹਾਦਰ ਸਿੰਘ ਚਾਹਲ, ਗੋਵਿੰਦਰ ਮਿੱਤਲ, ਅਮਰਦੀਪ ਕੌਰ, ਕੁਲਜੀਤ ਸਿੰਘ ਰੰਧਾਵਾ, ਨਵਜੋਤ ਸੈਣੀ, ਸਵਰਨਜੀਤ ਕੌਰ ਬਲਟਾਣਾ, ਸਵੀਟੀ ਸ਼ਰਮਾ, ਹਰਜੀਤ ਬੰਟੀ, ਗੁਰਤੇਜ ਸਿੰਘ ਪੰਨੂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਰਾਮ ਸਰੂਪ ਸ਼ਰਮਾ(ਐਮ.ਸੀ. ਖਰੜ), ਅਰੁਨਾ ਸ਼ਰਮਾ (ਐਮ.ਸੀ. ਮੁਹਾਲੀ), ਕਸ਼ਮੀਰ ਕੌਰ, ਹਰੀਸ਼ ਕੌਸ਼ਲ, ਇਕਬਾਲ ਸਿੰਘ, ਯੋਧਾ ਸਿੰਘ ਮਾਨ, ਗੱਜਣ ਸਿੰਘ, ਮਨਦੀਪ ਮਟੌਰ, ਅਜੀਤ ਕਾਂਸਲ ਵੀ ਹਾਜਿਰ ਸਨ।

ਪਟਿਆਲਾ, 22 ਫਰਵਰੀ (ਬਿੰਦੂ ਧੌਸੀ) ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੀ ਪਟਿਆਲਾ ਇਕਾਈ ਵੱਲੋਂ ਮੇਘ ਚੰਦ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਤੇ ਜਸਬੀਰ ਗਾਂਧੀ ਜ਼ਿਲ੍ਹਾ ਸ਼ਹਿਰੀ ਦੀ ਅਗਵਾਈ ਵਿੱਚ ਅੱਜ ਮਿੰਨੀ ਸਕੱਤਰੇਤ ਵਿਖੇ ਰੋਸ ਧਰਨਾ ਦਿੱਤਾ ਗਿਆ।

ਇਸ ਸਮੇਂ ਪ੍ਰਿੰਸੀਪਲ ਜੇ.ਪੀ. ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਵਿਰੋਧੀ ਨੀਤੀਆਂ ਕਾਰਨ ਤੇਲ ਅਤੇ ਗੈਸ ਦੀਆਂ ਕੀਮਤਾਂ ਦੇ ਵਾਧੇ ਨੇ ਆਮ ਆਦਮੀ ਦਾ ਲੱਕ ਹੀ ਤੋੜ ਦਿੱਤਾ ਹੈ। ਉਨ੍ਹਾਂ ਤੇਲ, ਗੈਸ ਦੀਆਂ ਕੀਮਤਾਂ ਦੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰੇ ਕੋਰੋਨਾ ਸੰਕਟ ਦੇ ਮਾੜੇ ਸਮੇਂ ਦੌਰਾਨ ਪਹਿਲਾਂ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆਂਦੇ, ਜਿਸ ਨਾਲ ਉਨ੍ਹਾਂ ਦੀ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਜੱਗ ਜਾਹਰ ਹੋਈ।

ਇਸ ਸਮੇਂ ਡਾ. ਬਲਬੀਰ ਸਿੰਘ, ਦੇਵ ਮਾਨ, ਰਵਿੰਦਰ ਸਿੰਘ ਐਮ.ਸੀ., ਦੀਪਕ ਸੂਦ, ਸੁਰਜੀਤ ਸਿੰਘ ਫੌਜੀ, ਤੇਜਿੰਦਰ ਮਹਿਤਾ, ਮੇਜਰ ਮਲਹੋਤਰਾ, ਵੀਰਪਾਲ ਕੌਰ, ਕੇਵਲ ਬਾਵਾ, ਗੁਰਸੇਵਕ ਝਿਲ, ਚਮਕੌਰ ਇਛੇਵਾਲ, ਅਮਰਜੀਤ ਭਾਟੀਆ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *