ਤੰਬਾਕੂਨੋਸ਼ੀ ਨੂੰ ਮੁਕੰਮਲ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ

ਪੰਜਾਬ ਸਰਕਾਰ ਵਲੋਂ ਕਾਗਜਾਂ ਵਿੱਚ ਤਾਂ ਭਾਵੇਂ 5 ਸਾਲ ਪਹਿਲਾਂ ਹੀ ਸਾਡੇ ਸ਼ਹਿਰ ਅਤੇ ਜਿਲ੍ਹੇ ਨੂੰ ਤੰਬਾਕੂ ਰਹਿਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਦਿੱਤਾ ਜਾ ਚੁੱਕਿਆ ਹੈ ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵੱਖੋ ਵੱਖਰੀਆਂ ਥਾਵਾਂ ਤੇ ਨਾਜਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਦੀ ਕਾਰਵਾਈ ਆਮ ਨਜਰ ਆ ਜਾਂਦੀ ਹੈ ਅਤੇ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਪੂਰੇ ਖੇਤਰ ਵਿੱਚ ਅਣਅਧਿਕਾਰਤ ਤਰੀਕੇ ਨਾਲ ਸ਼ਰ੍ਹੇਆਮ ਹੁੰਦੀ ਤੰਬਾਕੂ ਉਤਪਾਦਾਂ ਦੀ ਇਸ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ| ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਹੁੰਦੀ ਤੰਬਾਕੂਨੋਸ਼ੀ ਦੀ ਕਾਰਵਾਈ ਅਤੇ ਥਾਂ ਥਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰੰਤੂ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਥਾਂ ਥਾਂ ਤੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਨੇਕਾਂ ਫੜੀਆਂ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਜਨਤਕ ਤੌਰ ਤੇ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਜੋ ਸਾਮਾਨ ਵੇਚਿਆ ਜਾਂਦਾ ਹੈ|
ਕੇਂਦਰ ਸਰਕਾਰ ਵਲੋਂ ਕਈ ਸਾਲ ਪਹਿਲਾਂ ਹੀ ਪੂਰੇ ਦੇਸ਼ ਵਿੱਚ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਲਾਗੂ ਕੀਤਾ ਜਾ ਚੁੱਕਿਆ ਹੈ ਅਤੇ ਕਾਨੂੰਨ ਅਨੁਸਾਰ ਇਸ ਤਰੀਕੇ ਨਾਲ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀ ਹੈ ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਇਸ ਕਾਰਵਾਈ ਨੂੰ ਪੂਰੇ ਧੜਲੇ ਨਾਲ ਅੰਜਾਮ ਦਿੱਤਾ ਜਾਂਦਾ ਹੈ| ਇਸ ਤਰੀਕੇ ਨਾਲ ਜਨਤਕ ਥਾਵਾਂ ਤੇ ਧੜੱਲੇ ਨਾਲ ਹੁੰਦੀ ਤੰਬਾਕੂ ਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਕੀਤੀ ਜਾਣ ਵਾਲੀ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧਦੀ ਹੀ ਜਾ ਰਹੀ ਹੈ|
ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਂਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ ਵੇਚਣ ਵਾਲੇ ਅਜਿਹੇ ਕਈ ਦੁਕਾਨਦਾਰ ਹਨ ਜਿਹੜੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਕਰਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਵੀ ਆਮ ਹਨ| ਇਸੇ ਤਰ੍ਹਾਂ ਮੁੱਖ ਸੜਕਾਂ ਦੇ ਕਿਨਾਰੇ ਵੀ ਪੇੜਾਂ ਥੱਲੇ ਆਪਣੇ ਝੋਲੇ ਰੱਖ ਕੇ ਤੰਬਾਕੂਨੋਸ਼ੀ ਦਾ ਸਾਮਾਨ             ਵੇਚਣ ਵਾਲੇ ਅਜਿਹੇ ਫੜੀਆਂ ਵਾਲੇ ਨਜਰ ਆ ਜਾਂਦੇ ਹਨ| ਹਾਲਾਂਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਗੈਰਕਾਨੂੰਨੀ ਢੰਗ ਨਾਲ ਅੰਜਾਮ ਦਿੱਤੀ ਜਾਣ ਵਾਲੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਬਾਕਾਇਦਾ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਕਮੇਟੀ ਵਲੋਂ ਕਦੇ ਕਦੇ ਇਸ ਸੰਬੰਧੀ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਪ੍ਰਸ਼ਾਸ਼ਨ ਦੀ ਇਹ ਕਾਰਵਾਈ ਸ਼ਹਿਰ ਵਿੱਚ ਵੱਡੇ ਪੱਧਰ ਤੇ ਅੰਜਾਮ ਦਿੱਤੀ ਜਾ ਰਹੀ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਕਾਬੂ ਕਰਨ ਦੀ ਸਮਰਥ ਨਹੀਂ ਹੈ ਅਤੇ ਇਸਦਾ ਕੋਈ ਖਾਸ ਅਸਰ ਵੀ ਨਹੀਂ ਦਿਖਦਾ|
ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਰਹਿਤ ਬਣਾਉਣ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ| ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ| ਇਸ ਸੰਬੰਧੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਅਤੇ ਰੋਕ ਲਗਾਉਣ ਲਈ ਸਮਰਥ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਤਰੀਕੇ ਨਾਲ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਇਸ ਸਸੱਸਿਆ ਨੂੰ ਹਲ ਕੀਤਾ ਜਾ ਸਕੇ|

Leave a Reply

Your email address will not be published. Required fields are marked *