ਦਲਿਤਾਂ, ਘੱਟ ਗਿਣਤੀ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਅਰੁਨਾ ਚੌਧਰੀ

ਚੰਡੀਗੜ੍ਹ, 1 ਅਗਸਤ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਂਖਵਾਕਰਨ ਬਹਾਲ ਕਰਨ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ|
ਅੱਜ ਇੱਕ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਦਲਿਤਾਂ, ਘੱਟ ਗਿਣਤੀ, ਦੱਬੇ ਕੁਚਲੇ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਵਰਗਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਤਰੱਕੀ ਰਾਹੀਂ ਅਸਾਮੀਆਂ ਭਰਨ ਵਿੱਚ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿੱਚ 14 ਫੀਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿੱਚ 20 ਫੀਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕਰਨ ਦੀ ਮਨਜ਼ੂਰੀ ਦਿੱਤੀ ਹੈ| ਇਹ ਰਾਖਵਾਂਕਰਨ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਪ੍ਰੋਫੋਰਮਾ ਪਦ-ਉਨਤੀ ਅਤੇ ਬਦਲੀ ਰਾਹੀਂ ਨਿਯੁਕਤੀ ਲਈ ਵੀ ਲਾਗੂ ਹੋਵੇਗਾ|
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅਨੁਸੂਚਿਤ ਵਰਗ ਦੇ ਮੁਲਾਜ਼ਮਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਜਿਸ ਨੂੰ ਕੈਪਟਨ ਸਰਕਾਰ ਨੇ ਪੂਰਾ ਕਰ ਕੇ ਇਸ ਵਰਗ ਦਾ ਦਿਲ ਜਿੱਤ ਲਿਆ ਹੈ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਲਿਤਾਂ ਦੀ ਵਸੋਂ ਸੂਬੇ ਦੀ ਵਸੋਂ ਦਾ ਇਕ ਤਿਹਾਈ ਹਿੱਸਾ ਹੈ ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਰਗ ਦੀ ਹਮਾਇਤੀ ਰਹੀ ਹੈ ਅਤੇ ਹੁਣ ਤਰੱਕੀਆਂ ਵਿੱਚ ਰਾਂਖਵਾਂਕਰਨ ਦੀ ਬਹਾਲੀ ਕਰ ਕੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਅਨੁਸੂਚਿਤ ਵਰਗ ਦੇ ਹਿੱਤ ਕੈਪਟਨ ਸਰਕਾਰ ਵਿੱਚ ਸੁਰੱਖਿਅਤ ਹੈ|

Leave a Reply

Your email address will not be published. Required fields are marked *