ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਜਾ ਕੇ ਮਿੱਥਾ ਟੇਕਿਆ

ਐਸ. ਏ. ਐਸ. ਨਗਰ, 20 ਜਨਵਰੀ (ਸ. ਬ.) ਐਸ. ਏ. ਐਸ. ਨਗਰ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜਨਮ ਦਿਹਾੜਾਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ਅਤੇ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੀਰਤਨੀ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਸਰਬੰਸਦਾਨੀ, ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਜਾਣੂੰ ਕਰਵਾਉਦਿਆਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ।

ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਅੱਜ ਸਵੇਰ ਤੋਂ ਹੀ ਗੁਰਮਤਿ ਸਮਾਗਮਾਂ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜਰੀ ਭਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਦੌਰਾਨ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8, ਗੁਰਦੁਆਰਾ ਸਾਚਾ ਧਨੁ ਸਾਹਿਬ, ਗੁਰਦੁਆਰਾ ਸਾਹਿਬ ਫੇਜ਼ 2, ਗੁਰਦੁਆਰਾ ਸਿੰਘ ਸਭਾ ਫੇਜ਼ 11, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼ 9, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼ 7, ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰਘ ਜੀ, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰਦੁਆਰਾ ਭਾਈ ਜੈਤਾ ਜੀ ਤੋਂ ਇਲਾਵਾ ਇਲਾਕੇ ਦੇ ਹੋਰਨਾਂ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਵਰਤਾਏ ਗਏ।

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਰਣਜੀਤ ਸਿੰਘ ਖਾਲਸਾ ਮੋੜ ਮੰਡੀ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਪਹਿਲਾਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਧਰਮ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਗਿਆਨੀ ਸ਼ੇਰ ਸਿੰਘ, ਭਾਈ ਸੰਦੀਪ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-68 ਦੀ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਭਾਗ ਲਿਆ। ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ, ਸਰਪ੍ਰਸਤ ਬਾਬੂ ਸਿੰਘ, ਜਸਜੀਤ ਸਿੰਘ ਸਕੱਤਰ, ਹਰਕਿਸ਼ਨ ਸਿੰਘ ਆਹਲੂਵਾਲੀਆ, ਦੀਦਾਰ ਸਿੰਘ, ਗੁਰਮੁੱਖ ਸਿੰਘ, ਕਰਨੈਲ ਸਿੰਘ, ਚੰਚਲ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਥਾ, ਕੀਰਤਨ ਸਜਾਏ ਗਏ। ਇਸ ਮੌਕੇ ਉਜਲ ਸਿੰਘ ਨੇ ਗੁਰੂ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਦੀ ਦੇਸ਼ ਪ੍ਰਤੀ ਲਾਸਾਨੀ ਕੁਰਬਾਨੀਆਂ ਬਾਰੇ ਵੇਰਵੇ ਸਹਿਤ ਸੰਗਤਾਂ ਨੂੰ ਜਾਣੂੰ ਕਰਵਾਇਆ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *