ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 16 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਹਰਜਿੰਦਰ ਸਿੰਘ ਫ਼ਕਰ ਸੁਲਤਾਨਪੁਰ ਲੋਧੀ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ| ਸਿੰਘ ਸਾਹਿਬ ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਾਲਿਆਂ ਵਲੋ ਆਪਣੇ ਪ੍ਰਵਚਨਾਂ ਰਾਹੀ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਭਾਈ ਜਰਨੈਲ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣੇ ਵਾਲਿਆਂ ਨੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਆਪਣੇ ਪੂਰੇ ਸਰਬੰਸ ਦੀ ਦਿਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ| ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ|
ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਸ਼ੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ (ਸ੍ਰੀ ਅਨੰਦਪੁਰ ਸਾਹਿਬ ਵਾਲੇ), ਭਾਈ ਧਰਮ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੰਨੇ ਦੇ ਰਸ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ |
ਬੁਲਾਰੇ ਨੇ ਦੱਸਿਆ ਕਿ 27 ਜਨਵਰੀ ਨੂੰ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ| ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕਰਣਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *