ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 29 ਨਵੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਬੀਬੀ ਵਰਿੰਦਰ ਕੌਰ ਖਾਲਸਾ ਲੋਹੀਆਂ ਖਾਸ, ਜਲੰਧਰ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਭਾਈ ਸੁੱਖਾ ਸਿੰਘ ਅਤੇ ਮਹਿਤਾਬ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਬੇਅਦਬੀ ਦਾ ਬਦਲਾ ਲੈਣ ਲਈ ਮੱਸੇ ਰੰਘੜ ਦਾ ਸਿਰ ਵੱਢ ਕੇ ਲਿਆਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ| ਭਾਈ ਸੁਰਜੀਤ ਸਿੰਘ ਜੰਡਲੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਭਾਈ ਸਾਹਿਬ ਸਿੰਘ ਮਾਰਕੰਡੇ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਰੂਪਾਲੋਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਮਹਿੰਦਰ ਪਾਲ ਸਿੰਘ, ਭਾਈ ਧਰਮ ਸਿੰਘ ਮਾਹੀ, ਭਾਈ ਬਹਾਦਰ ਸਿੰਘ ਸੇਵਕ, ਭਾਈ ਹਰਪ੍ਰੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਦਸਵੀਂ ਦੇ ਦਿਹਾੜੇ ਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ| ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 3 ਦਸੰਬਰ ਨੂੰ ਅਮਰ ਸ਼ਹੀਦ ਬਾਬਾ ਜੱਥੇਦਾਰ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *