ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਐਸ ਏ ਐਸ ਨਗਰ, 19 ਨਵੰਬਰ (ਸ. ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਰਣਜੀਤ ਸਿੰਘ ਖਾਲਸਾ ਮੌੜ ਮੰਡੀ (ਬਠਿੰਡਾ) ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ| ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵਲੋਂ ਆਪਣੇ ਪ੍ਰਵਚਨਾਂ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲਂੋ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਗਈਆਂ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਵਾਇਆ|
ਭਾਈ ਨਿਸ਼ਾਨ ਸਿੰਘ ਪਟਿਆਲਾ ਵਾਲਿਆਂ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਮਲਕੀਤ ਸਿੰਘ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਧਰਮ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਹਰਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|

Leave a Reply

Your email address will not be published. Required fields are marked *