ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 6 ਫਰਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਪਾਰਸ  ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਹਿੰਦੂ ਧਰਮ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਕ ਵਿੱਚ ਦਿਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਅਤੇ ਪ੍ਰਵਚਨਾਂ ਰਾਹੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਗਿਆਨੀ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਦਾ ਪੰਥਕ ਢਾਡੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਬਲਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ , ਭਾਈ ਮਨਜੀਤ ਸਿੰਘ ਤੀਰਜ , ਭਾਈ ਗੁਰਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ , ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ | ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ | ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਸੈਕੜੇ ਪ੍ਰਾਨੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ| ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਆਉਣ ਵਾਲੀ ਮਿਤੀ 12 ਫਰਵਰੀ ਨੂੰ 42ਵੀ  ਲੜੀ ਦੇ 4242ਵੇ ਸ੍ਰੀ ਅਖੰਡ ਪਾਠ ਸਾਹਿਬ ਸੰਪੁਰਨ ਹੋਣ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਜੱਗ ਦਾ ਆਯੋਜਨ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *