ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ

ਐਸ ਏ ਐਸ ਨਗਰ, 9 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਧਾਰਮਿਕ ਸਮਾਗਮ ਵਿੱਚ ਭਾਈ ਨੌਰੰਗ ਸਿੰਘ ਅਤੇ ਲੁਧਿਆਣੇ ਵਾਲੀਆਂ ਬੀਬੀਆਂ ਗੋਲਡ ਮੈਡਲਿਸਟ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਹਿੰਦੂ ਧਰਮ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਕ ਵਿੱਚ ਦਿਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ|  ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਜਸਮੇਰ ਸਿੰਘ ਖੇੜੀ ਦਾ ਪੰਥਕ ਢਾਡੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਬਲਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਸੈਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ| ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਆਉਣ ਵਾਲੀ 14 ਜਨਵਰੀ ਨੂੰ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *