ਦਾਖ਼ਲਿਆਂ ਤੋਂ ਵਾਂਝੇ ਨਹੀਂ ਰਹਿਣਗੇ ਐਸ.ਸੀ. ਵਿਦਿਆਰਥੀ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 13 ਜੁਲਾਈ (ਸ.ਬ.) ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਦੀਆਂ ਸਾਰੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਵਿੱਚ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਦਾਖ਼ਲਿਆਂ ਤੋਂ ਵਾਂਝੇ ਨਹੀਂ ਰੱਖਿਆ ਜਾ ਸਕਦਾ| ਉਨ੍ਹਾਂ ਕਿਹਾ ਕਿ ਦਾਖਲਿਆਂ ਸਮੇਂ ਪ੍ਰਾਈਵੇਟ ਸੰਸਥਾਵਾਂ ਯੋਗ ਅਨੁਸੂਚਿਤ ਜਾਤੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਨਹੀਂ ਲੈਣਗੀਆਂ ਕਿਉਂਕਿ ਇਸ ਸਬੰਧੀ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਨੇ ਫੀਸ ਲੈਣ ਸਬੰਧੀ ਆਪਣੇ ਪਹਿਲਾਂ ਜਾਰੀ ਕੀਤੇ ਪੱਤਰ ਸਬੰਧੀ ਸਪੱਸ਼ਟੀਕਰਨ ਜਾਰੀ ਕੀਤਾ ਹੈ|
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਆਪਣੇ ਤਾਜ਼ਾ ਜਾਰੀ ਪੱਤਰ ਵਿੱਚ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਤ  ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਵਿੱਦਿਅਕ ਸੰਸਥਾਵਾਂ, ਦਾਖ਼ਲਿਆਂ ਸਮੇਂ ਸਬੰਧਤ ਅਨੁਸੂਚਿਤ ਜਾਤੀ ਵਿਦਿਆਰਥੀ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਹਾਸਲ ਕਰਨ ਸਬੰਧੀ ਯੋਗਤਾ ਦੀ ਜਾਂਚ ਕਰ ਸਕਦੀਆਂ ਹਨ ਅਤੇ ਜੇ ਉਹ ਯੋਗ ਪਾਏ ਜਾਂਦੇ ਹਨ ਤਾਂ ਅਜਿਹੇ ਵਿਦਿਆਰਥੀਆਂ ਦੀ ਫੀਸ ਭਰਨ ਦੀ ਮਿਤੀ, ਵਜ਼ੀਫੇ ਦਾ ਭੁਗਤਾਨ ਸਬੰਧਤ ਵਿਦਿਆਰਥੀ ਦੇ ਖਾਤੇ ਵਿੱਚ ਜਮ੍ਹਾਂ ਹੋਣ ਤੱਕ ਵਧਾਈ ਜਾ ਸਕਦੀ ਹੈ|
ਉਨ੍ਹਾਂ ਦੱਸਿਆ ਕਿ ਜੇ ਲੋੜ ਪਵੇ ਤਾਂ ਪ੍ਰਾਈਵੇਟ ਵਿੱਦਿਅਕ ਸੰਸਥਾ ਦਾਖ਼ਲਾ ਲੈਣ ਵਾਲੇ ਅਨੁਸੂਚਿਤ ਜਾਤੀ ਵਿਦਿਆਰਥੀ ਤੋਂ ਇਹ ਭਰੋਸਾ ਵੀ ਲੈ ਸਕਦੀ ਹੈ ਕਿ ਉਹ (ਵਿਦਿਆਰਥੀ) ਵਜ਼ੀਫਾ ਰਾਸ਼ੀ ਪ੍ਰਾਪਤ ਹੋਣ ਤੋਂ ਬਾਅਦ ਫੀਸ ਸਬੰਧਤ ਸੰਸਥਾ ਕੋਲ ਜਮ੍ਹਾਂ ਕਰਵਾ ਦੇਵੇਗਾ|
ਸ. ਧਰਮਸੋਤ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਐਸ.ਸੀ. ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਅਤੇ ਫੀਸ ਨਾ ਲੈਣ ਸਬੰਧੀ ਪੰਜਾਬ ਦੇ ਸਬੰਧਤ ਵਿਭਾਗਾਂ ਦੇ ਮੁਖੀਆਂ ਡਾਇਰੈਕਟਰ, ਤਕਨੀਕੀ ਸਿੱਖਿਆਅਤੇ ਉਦਯੋਗਿਕ ਸਿਖਲਾਈ ਵਿਭਾਗ (ਪੋਲੀਟੈਕਨਿਕ ਅਤੇ ਇੰਜੀਨੀਅਰ ਵਿੰਗ), ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਆਈ.ਟੀ. ਆਈ. ਵਿੰਗ), ਮੈਨੇਜਿੰਗ ਡਾਇਰੈਕਟਰ,  ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ, ਰਾਜ ਸਿਹਤ ਤੇ ਪਰਿਵਾਰ ਭਲਾਈ ਸੰਸਥਾ, ਡੀ.ਪੀ.ਆਈ. (ਕਾਲਜਾਂ), ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਡਾਇਰੈਕਟਰ, ਖੋਜ ਤੇ ਮੈਡੀਕਲ ਸਿੱਖਿਆ, ਡਾਇਰੈਕਟਰ, ਪਸ਼ੂ ਪਾਲਣ ਅਤੇ ਡਾਇਰੈਕਟਰ, ਐਸ.ਸੀ.ਈ. ਆਰ.ਟੀ. ਆਦਿ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ|

Leave a Reply

Your email address will not be published. Required fields are marked *