ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ

ਚੰਡੀਗੜ੍ਹ, 15 ਜਨਵਰੀ (ਸ.ਬ.) ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਸ਼ੁਰੂ ਹੋ ਚੁੱਕਾ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਾਸਤੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ ਵੈਬ ਪੋਰਟਲ ਬਣਾਇਆ ਗਿਆ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਰਾਜ ਦੇ ਹਰੇਕ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਦੇਣ ਲਈ ਸਿਰਫ ਇੱਕ ਹੀ ਵਿਲੱਖਣ ਪਹਿਚਾਣਤਾ ਕਾਰਡ (ਯੂ.ਡੀ.ਆਈ.ਡੀ. ਕਾਰਡ) ਦਿੱਤਾ ਜਾਵੇਗਾ ਜਿਹੜਾ ਇੱਕ ਬਹੁਮੰਤਵੀ ਦਸਤਾਵੇਜ਼ ਦੇ ਤੌਰ ਤੇ ਭਵਿੱਖ ਵਿੱਚ ਦਿਵਿਆਂਗਾਂ ਦੀ ਸ਼ਨਾਖਤ ਕਰੇਗਾ| ਇਹ ਕਾਰਡ ਪੂਰੇ ਦੇਸ਼ ਵਿੱਚ ਮੰਨਣਯੋਗ ਹੋਵੇਗਾ|
ਉਨਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਦਿਵਿਆਂਗਾਂ ਦਾ ਕੇਂਦਰ ਪੱਧਰ ਉਤੇ ਡਾਟਾਬੇਸ ਤਿਆਰ ਕੀਤਾ ਜਾਵੇਗਾ ਤਾਂ ਜੋ ਉਹਨਾਂ ਨੂੰ ਪਿੰਡ, ਬਲਾਕ, ਜਿਲ੍ਹਾ, ਸੂਬਾ ਅਤੇ ਕੌਮੀ ਪੱਧਰ ਉਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ| ਦਿਵਿਆਂਗਾਂ ਦੀ ਸਹੂਲਤ ਲਈ ਉਨ੍ਹਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾ ਵੀ ਇਸ ਪੋਰਟਲ ਤੇ ਉਪਲੱਬਧ ਹਨ| ਸ੍ਰੀਮਤੀ ਚੌਧਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਵਿਲੱਖਣ ਪਹਿਚਾਣਤਾ ਕਾਰਡ ਰਾਹੀਂ ਹੀ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣਗੇ|
ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਜਿਨ੍ਹਾਂ ਕੋਲ ਸਿਹਤ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤਾ ਆਫ ਲਾਇਨ ਸਰਟੀਫਿਕੇਟ ਹੈ ਅਤੇ ਜੋ ਆਪਣਾ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਾਉਣਾ ਚਾਹੁੰਦੇ ਹਨ ਉਹ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ, ਸਿਹਤ ਕੇਂਦਰ, ਸੋਸ਼ਲ ਸਕਿਉਰਿਟੀ ਦਫ਼ਤਰ ਆਦਿ ਤੋਂ ਪੰਜੀਕਰਨ ਕਰ ਸਕਦੇ ਹਨ| ਇਸ ਸੰਬੰਧੀ ਜਾਣਕਾਰੀ ਲਈ ਆਪਣੇ ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ|

Leave a Reply

Your email address will not be published. Required fields are marked *