ਦਿੱਲੀ ਦੀ ਸਰਹੱਦ ਤੇ ਤਣਾਅਪੂਰਨ ਸਥਿਤੀ ਨਾਲ ਨਜਿੱਠਣ ਲਈ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰੇ ਕੇਂਦਰ ਸਰਕਾਰ : ਮੁੱਖ ਮੰਤਰੀ
ਚੰਡੀਗੜ੍ਹ, 27 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ ਤਾਂ ਜੋ ਉਸ ਤਣਾਅਪੂਰਨ ਸਥਿਤੀ ਨਾਲ ਨਜਿੱਠਿਆ ਜਾ ਸਕੇ ਜੋ ਕਿ ਹਰਿਆਣਾ ਵੱਲੋਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਰੋਕਣ ਦੀ ਕੋਸ਼ਿਸ਼ ਵਜੋਂ ਪੈਦਾ ਹੋਈ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਹਮੇਸ਼ਾ ਲਈ ਨਹੀਂ ਦਬਾਈ ਜਾ ਸਕਦੀ ਅਤੇ ਕੇਂਦਰ ਸਰਕਾਰ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਪੈਦਾ ਹੋਈ ਤਣਾਅਪੂਰਨ ਸਥਿਤੀ ਨਾਲ ਨਜਿੱਠਣ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ| ਉਹਨਾਂ ਕਿਹਾ ਕਿ ਹੁਣ ਜਦੋਂ ਕਿ ਸਥਿਤੀ ਹੱਥੋਂ ਨਿਕਲ ਰਹੀ ਹੈ ਫਿਰ 3 ਦਸੰਬਰ ਤੱਕ ਉਡੀਕ ਕਿਉਂ ਕੀਤੀ ਜਾਵੇ| ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਕਿਸਾਨਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਤੁਰੰਤ ਦਖਲ ਦੇਣਾ ਚਾਹੀਦਾ ਹੈ ਕਿਉਂਜੋ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਬੀਤੇ ਤਿੰਨ ਮਹੀਨਿਆਂ ਤੋਂ ਕੀਤੇ ਜਾ ਰਹੇ ਆਪਣੇ ਰੋਸ ਮੁਜ਼ਾਹਰਿਆਂ ਦੌਰਾਨ ਕਦੀ ਵੀ ਅਮਨ ਕਾਨੂੰਨ ਦੀ ਸਥਿਤੀ ਲਈ ਕੋਈ ਸਮੱਸਿਆ ਖੜ੍ਹੀ ਨਹੀਂ ਕੀਤੀ ਅਤੇ ਨਾ ਹੀ ਕੋਈ ਹਿੰਸਕ ਵਾਰਦਾਤ ਹੀ ਕੀਤੀ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ (ਜਿਨ੍ਹਾਂ ਵਿੱਚ ਬਜ਼ੁਰਗ, ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ) ਉੱਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਜੋ ਕਿ ਮੁਲਕ ਦੇ ਅੰਨਦਾਤੇ ਪ੍ਰਤੀ ਹਰਿਆਣਾ ਸਰਕਾਰ ਦੇ ਬੇਕਿਰਕ ਰਵੱਈਏ ਨੂੰ ਉਜਾਗਰ ਕਰਦਾ ਹੈ| ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਤੇ ਸਿਰਫ ਪੰਜਾਬ ਤੋਂ ਹੀ ਨਹੀਂ ਸਗੋਂ ਭਾਰਤ ਦੇ ਹੋਰਨਾਂ ਖੇਤੀਬਾੜੀ ਪ੍ਰਧਾਨ ਸੂਬਿਆਂ ਤੋਂ ਵੀ ਕਿਸਾਨ ਪਹੁੰਚ ਰਹੇ ਹਨ| ਇਹ ਉਨ੍ਹਾਂ ਦੀਆਂ ਜ਼ਿੰਦਗੀਆਂ ਅਤੇ ਰੋਜ਼ੀ-ਰੋਟੀ ਦੀ ਲੜਾਈ ਹੈ ਅਤੇ ਉਨ੍ਹਾਂ ਨੂੰ ਕਿਸੇ ਭੜਕਾਹਟ ਦੀ ਲੋੜ ਨਹੀਂ ਹੈ|