ਦਿੱਲੀ ਪੁਲੀਸ ਵਲੋਂ ਕਿਸਾਨਾਂ ਦੇ ਹੱਕ ਵਿੱਚ ਟਵੀਟ ਕਰਨ ਵਾਲੀ ਵਾਤਾਵਰਨ ਪ੍ਰੇਮੀ ਗ੍ਰੇਟਾ ਥਨਬਰਗ ਦੇ ਖਿਲਾਫ ਐਫ ਆਈ ਆਰ ਦਰਜ
ਨਵੀਂ ਦਿੱਲੀ, 4 ਫਰਵਰੀ (ਸ.ਬ.) ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਢਾਈ ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਟਵੀਟ ਕਰਨ ਵਾਲੀ ਸਵੀਡਨ ਦੀ ਵਾਤਾਵਰਨ ਕਾਰਕੁਨ ਗ੍ਰੇਟਾ ਥਨਬਰਗ ਦੇ ਖਿਲਾਫ ਦਿੱਲੀ ਪੁਲੀਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਪੁਲੀਸ ਵਲੋਂ ਗ੍ਰੇਟਾ ਥਨਬਰਗ ਦੇ ਖ਼ਿਲਾਫ਼ ਧਾਰਾ-153ਏ, 120ਬੀ ਦੇ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ।
ਇੱਥੇ ਜਿਕਰਯੋਗ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਗਏ ਅੰਦੋਲਨ ਲਈ ਜਾਣੀ ਜਾਂਦੀ ਗ੍ਰੇਟਾ ਥਨਬਰਗ ਨੇ ਕਿਸਾਨਾਂ ਦੇ ਸਮਰਥਨ ਵਿਚ ਕੀਤੇ ਗਏ ਆਪਣੇ ਟਵੀਟ ਵਿਚ ਭਾਰਤ ਦੀ ਸੱਤਾਧਾਰੀ ਪਾਰਟੀ ਤੇ ਸਵਾਲ ਖੜ੍ਹੇ ਕੀਤੇ ਸਨ। ਗ੍ਰੇਟਾ ਨੇ ਟਵੀਟ ਕਰ ਕੇ ਕਿਹਾ ਸੀ ਕਿ ਭਾਰਤ ਸਰਕਾਰ ਤੇ ਕਿਸ ਤਰ੍ਹਾਂ ਦਬਾਅ ਬਣਾਇਆ ਜਾ ਸਕਦਾ ਹੈ।