ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੱਡੇ

ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੱਡੇ 
ਸਰਮਾਏਦਾਰਾਂ ਦੀ ਜੇਬ ਵਿੱਚ ਪਾਉਣ ਦੇ ਰਾਹ ਤੁਰੀ ਸਰਕਾਰ : ਧਨੋਆ
ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਮੰਗ
ਐਸ.ਏ.ਐਸ.ਨਗਰ, 23 ਸਤੰਬਰ (ਸ.ਬ.) ਕੇਂਦਰ ਸਰਕਾਰ ਨੇ ਕੋਰੋਨਾ ਮਾਹਾਂਮਾਰੀ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੇ ਪੂੰਜੀਪਤੀਆਂ ਕੋਲ ਗਿਰਵੀ ਰੱਖਣ ਲਈ ਕਾਨੂੰਨ ਪਾਸ ਕਰਵਾਏ ਹਨ ਅਤੇ ਇਨ੍ਹਾਂ ਕਾਨੂੰਨਾਂ ਦੀ ਆੜ ਵਿੱਚ ਸਰਮਾਏਦਾਰ ਆਪਣੇ ਨਿੱਜੀ ਹਿੱਤਾਂ ਲਈ ਕਿਸਾਨਾਂ ਨੂੰ ਬੰਧੂਆ ਮਜਦੂਰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ| ਇਹ ਗੱਲ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਸ੍ਰ. ਸਤਵੀਰ ਸਿੰਘ ਧਨੋਆ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਆਖੀ| ਉਹਨਾਂ ਕਿਹਾ ਕਿ ਕਿਰਤੀ ਲੋਕ ਪਹਿਲਾਂ ਹੀ ਸਰਕਾਰਾਂ ਅਤੇ ਪੂੰਜੀਪਤੀਆਂ ਦੀਆਂ ਵਧੀਕੀਆਂ ਦਾ ਸ਼ਿਕਾਰ ਹੋ ਕੇ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਹੁਣ ਸਰਕਾਰ ਨੇ ਕਿਸਾਨਾਂ ਨੂੰ ਨਿੱਸਲ ਅਤੇ ਮਜ਼ਦੂਰ ਬਣਾਉਣ ਲਈ ਰਾਹ ਪੱਧਰਾ ਕਰ ਲਿਆ ਹੈ| 
ਸ੍ਰ. ਧਨੋਆ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਦੀ ਗੱਲ ਕਰ ਰਹੀ ਹੈ ਜਦੋਂ ਕਿ ਕਿਸਾਨਾਂ ਨੂੰ ਅਜਿਹੇ ਕਾਨੂੰਨਾਂ ਦੀ ਲੋੜ ਹੀ ਨਹੀਂ ਹੈ ਫਿਰ ਸਰਕਾਰ ਜਬਰਦਸਤੀ ਕਿਉਂ ਕਰ ਰਹੀ ਹੈ| ਉਹਨਾਂ ਕਿਹਾ ਕਿ ਸਭਤੋਂ ਪਹਿਲਾਂ ਕਿਸਾਨਾਂ ਕੋਲੋਂ ਇਸ ਸਬੰਧ ਵਿੱਚ ਰਾਏ ਲਈ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਰਾਇ ਅਨੁਸਾਰ             (ਜਿਵੇਂ ਉਨ੍ਹਾਂ ਦੇ ਹੱਕ ਹਕੂਕ ਸੁਰੱਖਿਅਤ ਰਹਿੰਦੇ ਹਨ) ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ|   
ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਲੋਕਾਂ ਨੂੰ ਕੋਰੋਨਾ ਮਾਹਾਂਮਾਰੀ ਕਾਰਨ ਇਕੱਠੇ ਹੋਣ ਤੋਂ ਰੋਕਿਆ ਜਾਂਦਾ ਹੈ ਦੂਜੇ ਪਾਸੇ ਧੱਕੇ ਨਾਲ ਅਤੇ ਜਬਰਦਸਤੀ ਇਹੋ ਜਿਹੇ ਲੋਕ ਵਿਰੋਧੀ ਕਾਨੂੰਨ ਪਾਸ ਕਰਾਏ ਜਾ ਰਹੇ ਹਨ ਜਿਸ ਕਾਰਨ ਪੂਰੇ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਸੜ੍ਹਕਾਂ ਤੇ ਆਉਣ ਲਈ ਮਜਬੂਰ ਕਰ ਦਿੱਤੇ ਗਏ ਹਨ| ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਹੌਲ ਨੂੰ ਸਮਝਦੇ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਦੀ ਹਰੇਕ ਸ਼ੰਕਾ ਦੂਰ ਕਰਨ ਵਾਲਾ ਇੱਕ ਹੋਰ ਕਾਨੂੰਨ ਪਾਰਲੀਮੈਂਟ ਵਿੱਚ ਬਣਾਇਆ ਜਾਵੇ ਨਾ ਕਿ ਜੁਬਾਨੀ ਕਲਾਮੀ ਗੱਲਾਂ ਕਰਕੇ ਸਾਰਿਆ ਜਾਵੇ|

Leave a Reply

Your email address will not be published. Required fields are marked *