ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਣਾ ਜਰੂਰੀ

ਪੰਜਾਬ ਸਰਕਾਰ ਵਲੋਂ ਭਾਵੇਂ ਸਾਡੇ ਸ਼ਹਿਰ ਨੂੰ ਇੱਕ ਅਤਿਆਧੁਨਿਕ ਸ਼ਹਿਰ ਵਜੋਂ ਵਿਕਸਿਤ ਕਰਕੇ ਇੱਥੇ ਵਿਸ਼ਵਪੱਧਰੀ ਸਹੂਲਤਾਂ ਮੁਹਈਆ ਕਰਵਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਨਮਾਨੇ ਤਰੀਕੇ ਨਾਲ ਕੰਮ ਕਰਨ ਅਤੇ ਉਹਨਾਂ ਦੀ ਕੋਈ ਜਵਾਬਦੇਹੀ ਤੈਅ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਅਕਸਰ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ| ਸਰਕਾਰੀ ਅਧਿਕਾਰੀਆਂ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਉਹ ਆਪਣੀ ਮਰਜੀ ਨਾਲ ਹੀ ਕੰਮ ਕਰਦੇ ਹਨ ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਕਾਫੀ ਖੱਜਲਖੁਆਰ ਹੋਣਾ ਪੈਂਦਾ ਹੈ| ਇਹ ਅਧਿਕਾਰੀ ਤਾਂ ਆਮ ਲੋਕਾਂ ਦੀ ਗੱਲ ਤੱਕ ਸੁਣਨ ਲਈ ਤਿਆਰ ਨਹੀਂ ਹੁੰਦੇ ਜਿਸ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਦਾ ਸਿਰਫ ਅੰਦਾਜਾ ਹੀ ਲਗਾਇਆ ਜਾ ਸਕਦਾ ਹੈ|
ਪਿਛਲੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਰਸਾਤ ਦੌਰਾਨ ਜਿਸ ਤਰੀਕੇ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਕਾਰਾ ਸਾਬਿਤ ਹੋਏ ਹਨ ਅਤੇ ਬਰਸਾਤ ਦਾ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਦਾਖਿਲ ਹੋਇਆ ਹੈ ਉਸ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਦੀ ਕਾਰਗੁਜਾਰੀ ਦੀ ਅਸਲੀਅਤ ਸਾਮ੍ਹਣੇ ਆ ਜਾਂਦੀ ਹਨ| ਇਹ ਗੱਲ ਹੋਰ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸ਼ਹਿਰ ਵਿੱਚ ਸਰਗਰਮ ਸਿਆਸੀ ਆਗੂਆਂ ਵਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਕਰਨ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਬਰਸਾਤੀ ਪਾਣ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਨੇ ਨਿਗਮ ਦੀ ਕਾਰਗੁਜਾਰੀ ਦੀ ਅਸਲੀਅਤ ਸਾਮ੍ਹਣੇ ਲਿਆ ਦਿੱਤੀ ਹੈ|
ਸ਼ਹਿਰਵਾਸੀਆਂ ਨੂੰ ਦਰਪੇਸ਼ ਹੋਰਨਾਂ ਸਮੱਸਿਆਵਾਂ ਨੂੰ ਹਲ ਕਰਨ ਵਿੱਚ ਵੀ ਸਾਡੇ ਇਹ ਅਧਿਕਾਰੀ ਨਾਕਾਮ ਦਿਖਦੇ ਹਨ| ਸ਼ਹਿਰ ਦੀ ਇੱਕ ਪ੍ਰਮੁਖ ਸਮੱਸਿਆ ਸਫਾਈ ਵਿਵਸਥਾ ਦੀ ਬਦਹਾਲੀ ਦੀ ਵੀ ਹੈ| ਨਗਰ ਨਿਗਮ ਵਲੋਂ ਇਹ ਕੰਮ ਪ੍ਰਾਈਵੇਟ ਠੇਕੇਦਾਰਾਂ ਤੋਂ ਕਰਵਾਇਆ ਜਾਂਦਾ ਹੈ ਪਰੰਤੂ ਇਹਨਾਂ ਠੇਕੇਦਾਰਾਂ ਦੀ ਕਾਰਗੁਜਾਰੀ ਹਮੇਸ਼ਾ ਸਵਾਲਾਂ ਦੇ ਘੇਰੇ ਵਿੱਚ ਰਹਿੰਦੀ ਆਈ ਹੈ| ਬਰਸਾਤ ਦੇ ਇਸ ਮੌਸਮ ਵਿੱਚ ਜਦੋਂ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਦਾ ਖਤਰਾ ਹੋਰ ਵੀ ਵੱਧ ਜਾਂਦਾ ਹੈ ਸਫਾਈ ਵਿਵਸਥਾ ਨੂੰ ਵਧੇਰੇ ਚੁਸਤ ਦਰੁਸਤ ਰੱਖਣਾ ਜਰੂਰੀ ਹੁੰਦਾ ਹੈ ਪਰੰਤੂ ਸ਼ਹਿਰ ਦੀ ਸਫਾਈ ਵਿਵਸਥਾ ਦੀ ਇਹ ਬਦਹਾਲੀ ਪਹਿਲਾਂ ਵਾਂਗ ਹੀ ਕਾਇਮ ਹੈ| ਇਸੇ ਤਰ੍ਹਾਂ ਸ਼ਹਿਰ ਵਿੱਚ ਲਗਾਤਾਰ ਵੱਧਦੇ ਨਾਜਾਇਜ਼ ਕਬਜਿਆਂ ਦੀ ਸਮੱਸਿਆ ਵੀ ਨਗਰ ਨਿਗਮ ਦੀ ਕਾਰਗੁਜਾਰੀ ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ|
ਇਹ ਦੋਵੇਂ ਸਮੱਸਿਆਵਾਂ ਸਿੱਧੇ ਰੂਪ ਵਿੱਚ ਨਗਰ ਨਿਗਮ ਦੇ ਅਧੀਨ ਆਉਂਦੀਆਂ ਹਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ (ਖਾਸ ਕਰ ਫੀਲਡ ਸਟਾਫ) ਵਲੋਂ ਆਪਣੀ ਜਿੰਮੇਵਾਰੀ ਨੂੰ ਠੀਕ ਢੰਗ ਨਾਲ ਨਾ ਨਿਭਾਏ ਜਾਣ ਕਾਰਨ ਇਹ ਲਗਾਤਾਰ ਵੱਧਦੀਆਂ ਰਹੀਆਂ ਹਨ| ਗੱਲ ਇੱਥੇ ਹੀ ਖਤਮ ਨਹੀਂ ਹੁੰਦੀ ਬਲਕਿ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੇ ਲਗਣ ਵਾਲੇ ਭ੍ਰਿਸ਼ਟਾਚਾਰ ਦੇ ਇਲਜਾਮਾਂ ਦੀ ਸੂਚੀ ਵੀ ਬਹੁਤ ਲੰਬੀ ਹੈ| ਸ਼ਹਿਰ ਵਾਸੀ ਆਮ ਇਲਜਾਮ ਲਗਾਉਂਦੇ ਹਨ ਕਿ ਇਸ ਪੂਰੇ ਤਾਮਝਾਮ ਦੀ ਆੜ ਵਿੱਚ ਭ੍ਰਿਸ਼ਟਾਚਾਰ ਦੀ ਖੁੱਲੀ ਖੇਡ ਖੇਡੀ ਜਾਂਦੀ ਹੈ| ਨਗਰ ਨਿਗਮ ਦੇ ਨਾਜਾਇਜ ਕਬਜੇ ਹਟਾਉਣ ਵਾਲੇ ਸਟਾਫ ਤੇ ਜਿੱਥੇ ਸ਼ਹਿਰ ਵਿੱਚ ਨਾਜਾਇਜ ਕਬਜੇ ਕਰਕੇ ਰੇਹੜੀਆਂ ਫੜੀਆਂ ਲਗਾਉਣ ਵਾਲਿਆਂ ਤੋਂ ਹਰ ਮਹੀਨੇ ਇੱਕ ਬੱਝਵੀਂ ਰਕਮ ਵਸੂਲਣ ਦਾ ਦੋਸ਼ ਲੱਗਦਾ ਹੈ ਉੱਥੇ ਸਫਾਈ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਵੀ ਸਫਾਈ ਵਿਵਸਥਾ ਦੀ ਬਦਹਾਲੀ ਦੀ ਅਣਦੇਖੀ ਕਰਨ ਦੇ ਇਲਜਾਮ ਲੱਗਦੇ ਹਨ|
ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼ਹਿਰਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਅਤੇ ਨਿਗਮ ਦੇ ਇਸ ਅਮਲੇ ਫੈਲੇ ਨੂੰ ਪ੍ਰਸ਼ਾਸ਼ਨਿਕ ਪੱਧਰ ਤੇ ਜਵਾਬਦੇਹ ਬਣਾਉਣ ਲਈ ਕੋਈ ਕਾਰਵਾਈ ਨਾ ਹੋਣ ਕਾਰਣ ਇਹ ਸਮੱਸਿਆ ਲਗਾਤਾਰ ਵੱਧਦੀ ਰਹੀ ਹੈ| ਇਸ ਸੰਬੰਧੀ ਸ਼ਹਿਰ ਵਾਸੀਆਂ ਵਲੋਂ ਸਮੇਂ ਸਮੇਂ ਤੇ ਇਹਨਾਂ ਕਰਮਚਾਰੀਆਂ ਨੂੰ ਜਵਾਬਦੇਹ ਬਣਾਉਣ ਅਤੇ ਆਪਣੀ ਡਿਊਟੀ ਨੂੰ ਠੀਕ ਢੰਗ ਨਾਲ ਨਾ ਨਿਭਾਉਣ ਵਾਲੇ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹਲ ਲਈ ਇਹ ਜਰੂਰੀ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ (ਖਾਸ ਕਰ ਫੀਲਡ ਸਟਾਫ) ਨੂੰ ਵਧੇਰੇ ਜਵਾਬਦੇਹ ਬਣਾਇਆ ਜਾਵੇ| ਇਹਨਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੇ ਬਿਨਾ ਸ਼ਹਿਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਹਲ ਨਹੀਂ ਕੀਤਾ ਜਾ ਸਕਦਾ ਅਤੇ ਇਸ ਸੰਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ|

Leave a Reply

Your email address will not be published. Required fields are marked *