ਪਰਚੂਨ ਦੁਕਾਨਦਾਰਾਂ ਦੀ ਮੁਨਾਫਾਖੋਰੀ ਤੇ ਕਾਬੂ  ਕੀਤੇ ਬਿਨਾ ਨਹੀਂ ਲੱਗੇਗੀ ਮਹਿੰਗਾਈ ਤੇ ਲਗਾਮ

ਲਗਾਤਾਰ ਵੱਧਦੀ ਮਹਿੰਗਾਈ ਇਸ ਵੇਲੇ ਦੇਸ਼ ਦੀ ਸਭਤੋਂ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਸਵਾ ਤਿੰਨ ਸਾਲ ਪਹਿਲਾਂ ਮਹਿੰਗਾਈ ਦੇ ਮੁੱਦੇ ਤੇ ਦੇਸ਼ ਦੀ ਜਨਤਾ ਨੂੰ 100 ਦਿਨਾਂ ਵਿੱਚ ਮਹਿੰਗਾਈ ਖਤਮ ਕਰਨ ਦਾ ਸੁਫਨਾ ਵਿਖਾ ਕੇ ਸੱਤਾ ਤੇ ਕਾਬਿਜ ਹੋਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ            ਦੇਸ਼ ਵਾਸੀਆਂ ਦੀ ਇਸ ਸਮੱਸਿਆ ਨੂੰ ਹਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ| ਸਰਕਾਰ ਦੇ ਅੰਕੜਿਆਂ ਵਿੱਚ ਭਾਵੇਂ ਮਹਿੰਗਾਈ ਘੱਟ ਗਈ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਦੀ ਰੋਜਾਨਾ ਜਰੂਰਤ ਦਾ ਜਿਆਦਾਤਰ ਸਾਮਾਨ ਲਗਾਤਾਰ ਮਹਿੰਗਾ ਅਤੇ ਹੋਰ ਮਹਿੰਗਾ ਹੀ ਹੋਇਆ ਹੈ| ਹਾਲਾਤ ਇਹ ਹਨ ਕਿ ਆਮ ਜਨਤਾ ਨੂੰ ਮਹਿੰਗਾਈ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ ਅਤੇ ਲੋਕਾਂ ਦੀ ਆਮ ਵਰਤੋਂ ਵਿੱਚ ਆਉਣ ਵਾਲੇ ਹਰ ਛੋਟੇ ਵੱਡੇ ਸਾਮਾਨ ਜਿਵੇਂ ਕਿਤਾਬਾਂ, ਦਵਾਈਆਂ, ਕਪੜੇ, ਮਿਠਾਈਆਂ, ਮਕਾਨ ਉਸਾਰੀ ਦਾ ਸਮਾਨ ਸਮੇਤ ਅਤੇ ਹਰ ਤਰ੍ਹਾਂ ਦੇ ਸਾਮਾਨ ਦੀ ਕੀਮਤ ਲਗਾਤਾਰ ਵੱਧ ਰਹੀ ਹੈ| ਮਹਿੰਗਾਈ ਦਰ ਤੇ ਕਾਬੂ ਕਰਨ ਦੇ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਸਬਜੀਆਂ ਅਤੇ ਫਲਾਂ ਦੇ ਦਾਮ ਅਸਮਾਨੀ ਚੜ੍ਹ ਗਏ ਹਨ ਅਤੇ ਰਾਸ਼ਨ ਦਾ ਸਾਮਾਨ ਵੀ ਲਗਾਤਾਰ ਮਹਿੰਗਾ ਹੁੰਦਾ ਗਿਆ ਹੈ ਜਿਸ ਕਾਰਣ ਆਮ ਆਦਮੀ ਲਈ ਗੁਜਾਰਾ ਚਲਾਉਣਾ ਵੀ ਔਖਾ ਹੁੰਦਾ ਜਾ ਰਿਹਾ ਹੈ|
ਕੇਂਦਰ ਸਰਕਾਰ ਵਲੋਂ ਮਹਿੰਗਾਈ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੇ ਲੰਬੇ ਚੌੜੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰੰਤੂ ਆਮ ਆਦਮੀ ਨੂੰ ਸਰਕਾਰ ਦੇ ਅੰਕੜਿਆਂ ਅਨੁਸਾਰ ਮਹਿੰਗਾਈ ਵਿੱਚ ਹੋਈ ਕਿਸੇ ਤਰ੍ਹਾਂ ਦੀ ਕਟੌਤੀ ਕਿਤੇ ਨਜਰ ਨਹੀਂ ਆਉਂਦੀ| ਅਸਲੀਅਤ ਇਹੀ ਹੈ ਕਿ ਮਹਿੰਗਾਈ ਤੇ ਕਾਬੂ ਕਰਨ ਸੰਬੰਧੀ ਕੇਂਦਰ ਸਰਕਾਰ ਵਲੋਂ ਕੀਤੇ ਜਾਂਦੇ ਲੰਬੇ ਚੌੜੇ ਦਾਅਵਿਆਂ ਦੇ ਬਾਵਜੂਦ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ  ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਇਹ ਲਗਾਤਾਰ ਵੱਧਦੀ ਹੀ ਜਾ ਰਹੀ ਹੈ|
ਲਗਾਤਾਰ ਵੱਧਦੀ ਮਹਿੰਗਾਈ ਤੇ ਕਾਬੂ ਕਰਨ ਵਿੱਚ ਸਰਕਾਰ ਦੀ ਨਾਕਾਮੀ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਇਸ ਸੰਬੰਧੀ ਸਰਕਾਰ ਵਲੋਂ ਜਿਹੜੀ ਕਾਰਵਾਈ ਕੀਤੀ ਵੀ ਜਾਂਦੀ ਹੈ ਉਹ ਵੀ ਥੋਕ ਬਾਜਾਰ (ਅਤੇ ਕੀਮਤਾਂ ਦੇ ਅੰਕੜੇ) ਤਕ ਹੀ ਸੀਮਿਤ ਰਹਿੰਦੀ ਹੈ| ਖੁਦਰਾ ਬਾਜਾਰ ਵਿੱਚ ਵਿਕਣ ਵਾਲੇ ਸਾਮਾਨ ਦੀ ਕੀਮਤ ਤੈਅ ਕਰਨ ਲਈ ਸਰਕਾਰ ਵਲੋਂ ਕੁੱਝ ਵੀ ਨਹੀਂ ਕੀਤਾ ਜਾਂਦਾ ਜਦੋਂਕਿ ਆਮ ਲੋਕਾਂ ਨੇ ਤਾਂ ਖੁਦਰਾ ਬਾਜਾਰ ਤੋਂ ਹੀ ਖਰੀਦਦਾਰੀ ਕਰਨੀ ਹੁੰਦੀ ਹੈ| ਜੇਕਰ ਸਰਕਾਰ ਦੇ ਅੰਕੜਿਆਂ ਅਨੁਸਾਰ ਲੋਕਾਂ ਦੀ ਨਿੱਤ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀ ਥੋਕ ਕੀਮਤ ਵਿੱਚ ਕੁੱਝ ਕਮੀ ਹੁੰਦੀ ਵੀ ਹੈ ਤਾਂ ਵੀ ਪਰਚੂਨ ਦੁਕਾਨਦਾਰਾਂ ਵਲੋਂ ਇਹਨਾਂ ਵਸਤੂਆਂ ਦੇ ਦਾਮ ਨਹੀਂ ਘਟਾਏ ਜਾਂਦੇ ਅਤੇ ਭਾਰੀ ਮੁਨਾਫੇ ਦੇ ਲਾਲਚ ਵਿੱਚ ਉਹ ਮਹਿੰਗਾਈ ਵਿੱਚ ਵਾਧਾ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਦਿੰਦੇ ਰਹਿੰਦੇ ਹਨ|
ਇਸ ਮੁਨਾਫਾਖੋਰੀ ਵਿੱਚ ਵੱਡੀਆਂ ਕੰਪਨੀਆਂ ਵੀ ਸ਼ਾਮਿਲ ਹਨ ਜਿਹਨਾਂ ਵਲੋਂ ਆਮ ਲੋਕਾਂ ਦੀ ਲੋੜ ਦਾ ਛੋਟਾ ਵੱਡਾ ਸਾਮਾਨ ਪੈਕ ਕਰਕੇ ਵੇਚਿਆ ਜਾਂਦਾ ਹੈ ਅਤੇ ਥੋਕ ਬਾਜਾਰ ਵਿੱਚ ਕੀਮਤਾਂ ਵਿੱਚ ਆਈ ਕਮੀ ਕਾਰਨ ਇਹਨਾਂ ਕੰਪਨੀਆਂ ਵਲੋਂ ਤਿਆਰ ਕੀਤੇ ਜਾਣ ਵਾਲੇ ਸਾਮਾਨ ਦੀ ਲਾਗਤ ਵੀ ਭਾਵੇਂ ਘੱਟ ਜਾਂਦੀ ਹੈ ਪਰੰਤੂ ਉਹਨਾਂ ਵਲੋਂ ਵੇਚੇ ਜਾਂਦੇ ਸਾਮਾਨ ਦੀ ਕੀਮਤ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਂਦੀ| ਕੇਂਦਰ ਸਰਕਾਰ ਜਰੂਰ ਇਹ ਦਾਅਵੇ ਕਰਦੀ ਦਿਖਦੀ ਹੈ ਕਿ ਦੇਸ਼ ਦੀ ਮਹਿੰਗਾਈ ਦਰ ਦਾ ਅੰਕੜਾ ਆਪਣੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ਤੋਂ ਕਾਫੀ ਘੱਟ ਹੈ ਪਰੰਤੂ ਮਹਿੰਗਾਈ ਦਰ ਵਿਚਲੀ ਇਹ ਕਟੌਤੀ ਸਿਰਫ ਅਕੰੜਿਆਂ ਤਕ ਹੀ ਸੀਮਿਤ ਹੈ ਜਿਹੜੀ ਹਕੀਕੀ ਰੂਪ ਵਿੱਚ ਕਿਸੇ ਪਾਸੇ ਨਜਰ ਨਹੀਂ ਆਉਂਦੀ|
ਮਹਿੰਗਾਈ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਲਈ ਇਹ ਜਰੂਰੀ ਹੈ ਕਿ ਸਰਕਾਰ ਪਰਚੂਨ ਬਾਜਾਰ ਦੇ ਦੁਕਾਨਦਾਰਾਂ ਦੀ ਮੁਨਾਫਾਖੋਰੀ ਤੇ ਲਗਾਮ ਲਗਾਏ| ਇਸ ਕਾਰਵਾਈ ਦੇ ਤਹਿਤ ਜਿੱਥੇ ਆਮ ਆਦਮੀ ਨੂੰ ਰਾਹਤ ਦੇਣ ਲਈ ਹਰ ਤਰ੍ਹਾਂ ਦੇ ਸਾਮਾਨ ਦੀਆਂ ਖੁਦਰਾ ਕੀਮਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਪਰਚੂਨ ਦੁਕਾਨਦਾਰਾਂ ਲਈ ਇਹ ਜਰੂਰੀ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਤੈਅ ਕੀਤੀਆਂ ਗਈਆਂ ਜਰੂਰੀ ਸਾਮਾਨ ਦੀਆਂ ਦਰਾਂ ਦੀ ਸੂਚੀ ਵਾਲਾ ਬੋਰਡ ਲਗਾ ਕੇ ਰੱਖਣ| ਇਸਦੇ ਨਾਲ ਨਾਲ ਸਰਕਾਰ ਵਲੋਂ ਆਮ ਜਨਤਾ ਨੂੰ ਵਾਜਿਬ ਕੀਮਤ ਤੇ ਜਰੂਰੀ ਵਸਤੂਆਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਇਆ ਜਾ ਸਕੇ|

Leave a Reply

Your email address will not be published. Required fields are marked *