ਪਰਨੀਤ ਕੌਰ ਨੇ ਲੋੜਵੰਦਾਂ ਨਾਲ ਮਨਾਈ ਲੋਹੜੀ, 500 ਕੰਬਲ ਤੇ ਲੋਹੜੀ ਵੰਡੀ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ


ਪਟਿਆਲਾ, 12 ਜਨਵਰੀ (ਬਿੰਦੂ ਸ਼ਰਮਾ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਇੱਥੇ ਸ਼ਹਿਰ ਦੇ ਗਰੀਬ ਤੇ ਲੋੜਵੰਦ ਲੋਕਾਂ ਨਾਲ ਲੋਹੜੀ ਦਾ ਤਿਉਹਾਰ ਮਨਾਉਂਦਿਆਂ 500 ਵਿਅਕਤੀਆਂ ਨੂੰ ਕੰਬਲ ਅਤੇ ਲੋਹੜੀ ਵੰਡੀ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਹੇਠ ਉਨ੍ਹਾਂ ਕਿਸਾਨਾਂ ਨੂੰ ਖੜ੍ਹੇ ਹੋ ਕੇ ਸ਼ਰਧਾਂਜਲੀ ਦਿੱਤੀ ਗਈ, ਜਿਹੜੇ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਗਏ ਹਨ।
ਸਥਾਨਕ ਸਰਕਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀਮਤੀ ਪਰਨੀਤ ਕੌਰ ਨੇ ਲੋਕਾਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਦੇ ਲੋਕਾਂ ਲਈ ਭਲਾਈ ਸਕੀਮਾਂ ਲਾਗੂ ਕਰਕੇ ਚੋਣ ਮੈਨੀਫੈਸਟੋ ਵਿੱਚ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਮੁੱਖ ਮੰਤਰੀ ਨੇ ਪਟਿਆਲਾ ਦੀਆਂ ਗਰੀਬ ਬਸਤੀਆਂ ਵਿੱਚ ਰਹਿਣ ਵਾਲੇ 300 ਦੇ ਕਰੀਬ ਲੋਕਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਦੇਣ ਦੀ ਸ਼ੁਰੂਆਤ ਕਰਕੇ ਲੋਹੜੀ ਦਾ ਤੋਹਫਾ ਪਹਿਲਾਂ ਹੀ ਦੇ ਦਿੱਤਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਸਾਡੀਆਂ ਧੀਆਂ ਨੂੰ ਨੌਕਰੀਆਂ ਦੇਣ ਲਈ ਵੀ 33 ਫੀਸਦੀ ਰਾਖਵਾਂਕਰਨ ਕੀਤਾ ਹੈ ਜਦਕਿ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ ਵਿੱਚ ਵੀ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੁਨੀਆਂ ਦੇ ਹਾਣ ਦਾ ਬਣਾਉਣ, ਜੋਕਿ ਸਾਡੇ ਵੱਲੋਂ ਸਾਡੀਆਂ ਬੱਚੀਆਂ ਨੂੰ ਸਭ ਤੋਂ ਅਨਮੋਲ ਤੋਹਫਾ ਸਾਬਿਤ ਹੋਵੇਗਾ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮਿ੍ਰਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਐਸ.ਡੀ.ਐਮ. ਚਰਨਜੀਤ ਸਿੰਘ, ਪੰਜਾਬ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ ਦੇ ਸੁਪਤਨੀ ਮਧੂ ਸ਼ਰਮਾ, ਡਿਪਟੀ ਮੇਅਰ ਵਿਨਤੀ ਸੰਗਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਬਲਾਕ ਪ੍ਰਧਾਨ ਅਤੁਲ ਜੋਸ਼ੀ, ਹੈਪੀ ਵਰਮਾ, ਨਰੇਸ਼ ਦੁੱਗਲ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ ਤੇ ਕੌਂਸਲਰ ਅਤੇ ਹੋਰ ਪਤਵੰਤੇ ਮੌਜੂਦ ਸਨ।

Leave a Reply

Your email address will not be published. Required fields are marked *