ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਹਮਾਇਤ

ਐਸ.ਏ.ਐਸ.ਨਗਰ, 18 ਸਤੰਬਰ (ਸ਼ਮਿੰਦਰ ਸਿੰਘ) ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਖਿਲਾਫ ਲੜ੍ਹ ਰਹੀਆਂ ਕਿਸਾਨ ਮਜਦੂਰ ਜਥੇਬੰਦੀਆਂ ਦੇ ਘੋਲ ਦੀ ਹਿਮਾਇਤ ਕਰਦਿਆਂ ਮੰਗ ਕੀਤੀ ਹੈ ਕਿ ਇਹ ਆਰਡੀਨੈਂਸ ਰੱਦ ਕੀਤੇ ਜਾਣ ਅਤੇ ਬਿਜਲੀ ਸੋਧ ਬਿੱਲ 2020 ਵਾਪਿਸ ਲਿਆ ਜਾਵੇ|
ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ, ਜੁਆਇੰਟ ਸਕੱਤਰ ਅਜੇ ਕੁਮਾਰ, ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਚੋਧਰ ਸਿੰਘ ਅਤੇ ਪ੍ਰੈਸ ਸਕੱਤਰ ਸ਼ਿਵ ਸ਼ੰਕਰ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਦੇ ਗਏ                ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤੇ ਹਨ, ਉਸਦੇ ਵਿਰੁੱਧ ਪੰਜਾਬ ਵਿੱਚ ਜੋਰਦਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ| ਆਗੂਆਂ ਨੇ ਕਿਹਾ ਕਿ ਇਹ ਆਰਡੀਨੈਂਸ ਨਿੱਜੀਕਰਨ ਦੀ ਨੀਤੀ ਦਾ ਹੀ ਹਿੱਸਾ ਹਨ, ਕੇਂਦਰ ਸਰਕਾਰ ਇਹ ਆਰਡੀਨੈਂਸ ਪਾਸ ਕਰਕੇ ਨਿੱਜੀਕਰਨ ਦੀ ਨੀਤੀ ਨੂੰ ਹੀ ਅੱਗੇ ਵਧਾਉਣਾ ਚਾਹੁੰਦੀ ਹੈ| 
ਉਹਨਾਂ ਕਿਹਾ ਕਿ ਸਰਕਾਰ ਇਹ ਆਰਡੀਨੈਂਸ ਪਾਸ ਕਰਕੇ ਪਹਿਲਾਂ ਹੀ ਕਰਜੇ ਦੀ ਮਾਰ ਝੱਲ ਰਹੀ ਕਿਸਾਨੀ ਨੂੰ ਖੇਤੀ ਖੇਤਰ ਵਿਚੋਂ ਬਾਹਰ ਕੱਢ ਕੇ ਜਮੀਨਾਂ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਅਤੇ ਸਰਕਾਰੀ ਮੰਡੀਆਂ ਬੰਦ ਕਰਕੇ ਮੰਡੀਆਂ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ| ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨਾ ਚਾਹੁੰਦੀ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਕਿਸਾਨਾਂ-ਮਜਦੂਰਾਂ ਨੂੰ ਮਿਲਦੀ ਸਬਸਿਡੀ ਅਤੇ ਆਮ ਲੋਕਾਂ ਨੂੰ ਮਿਲਦੀ ਕਰੌਸ ਸਬਸਿਡੀ ਖਤਮ ਹੋ ਜਾਵੇਗੀ|
ਆਗੂਆਂ ਨੇ ਦੱਸਿਆ ਕਿ  ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਦਿੱਤੇ ਜਾ ਰਹੇ ਜਿਲ੍ਹਾ ਪੱਧਰੀ ਧਰਨੇ ਵਿੱਚ ਸੀ.ਐਚ.ਬੀ. ਕਾਮਿਆਂ ਦੀ ਜਥੇਬੰਦੀ  ਵੱਲੋਂ ਅੱਜ ਅਤੇ 20 ਸਤੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ                 ਹੇਠ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ|

Leave a Reply

Your email address will not be published. Required fields are marked *