ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਭੁੱਖ ਹੜਤਾਲ ਸ਼ੁਰੂ

ਐਸ ਏ ਐਸ ਨਗਰ, 5 ਅਗਸਤ (ਸ.ਬ.) ਪਾਵਰਕਾਮ ਐਂਡ ਟ੍ਰਾਂਸਕੋ                  ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ| ਇਸਦੇ ਨਾਲ ਹੀ ਕਰਮਚਾਰੀਆਂ ਵਲੋਂ ਸਹਾਇਕ ਕਿਰਤ ਕਮਿਸ਼ਨਰ, ਲੇਬਰ ਇੰਸਪੈਕਟਰ ਅਤੇ ਪਾਵਰਕਾਮ ਦੇ ਦਫਤਰਾਂ ਅੱਗੇ ਵੀ ਭੁੱਖ ਹੜਤਾਲ ਕੀਤੀ ਗਈ ਅਤੇ ਐਸ ਡੀ ਐਮ ਮੁਹਾਲੀ ਨੂੰ ਮੰਗ ਪੱਤਰ ਦਿੱਤਾ ਗਿਆ| 
ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਰਕਲ/ਡਿਵੀਜ਼ਨ ਪ੍ਰਧਾਨ ਮਨਜਿੰਦਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਪਾਵਰਕਾਮ ਸੀ.ਐਚ.ਬੀ. ਠੇਕਾ ਕਾਮੇ ਕੋਰੋਨਾ ਕਹਿਰ ਦੌਰਾਨ ਐਮਰਜੈਂਸੀ ਸੇਵਾਵਾਂ ਨਿਭਾ ਕੇ ਲੋਕਾਂ ਅਤੇ ਹਸਪਤਾਲਾਂ ਤੱਕ ਨਿਰਵਿਘਨ ਸਪਲਾਈ ਪਹੁੰਚਾ ਰਹੇ ਹਨ| ਪਰ ਪੰਜਾਬ ਸਰਕਾਰ, ਪਾਵਰਕਾਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਮੰਤਰੀ ਵੱਲੋਂ ਕਾਮਿਆਂ ਦਾ ਹੌਂਸਲਾ ਅਫਜਾਈ ਕਰਨ ਦੀ ਬਜਾਏ ਇਨ੍ਹਾਂ ਠੇਕਾ ਕਾਮਿਆਂ ਦੀਆਂ ਛਾਂਟੀਆਂ ਕਰਕੇ ਉਨ੍ਹਾਂ ਨੂੰ ਘਰਾਂ ਨੂੰ ਤੋਰਿਆ ਜਾ ਰਿਹਾ ਹੈ|
ਉਹਨਾਂ ਦੱਸਿਆ ਕਿ ਮੁਲਾਜਮ 2016 ਤੋਂ ਮੰਗਾਂ ਪ੍ਰਤੀ ਮੰਗ ਪੱਤਰ ਦਿੰਦੇ ਆ ਰਹੇ ਹਨ ਅਤੇ ਇਸ ਦੌਰਾਨ ਕਿਰਤ ਵਿਭਾਗ ਦੇ ਅਧਿਕਾਰੀ, ਪਾਵਰਕਾਮ ਮੈਨੇਜਮੈਂਟ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੰਗਾਂ ਨੂੰ ਲੈ ਕੇ ਅਨੇਕਾਂ ਮੀਟਿੰਗਾਂ ਹੋਈਆਂ ਹਨ ਅਤੇ ਸਰਕਾਰ ਵਲੋਂ ਮੰਗਾਂ ਮੰਨਣ ਦਾ ਭਰੋਸੇ ਦੇਣ ਦੇ ਬਾਵਜੂਦ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਾਰਨ ਸੀ.ਐਚ.ਬੀ. ਠੇਕਾ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮਜਬੂਰ ਹੋ ਕੇ ਭੁੱਖ ਹੜਤਾਲ ਤੇ ਬੈਠਣਾ ਪਿਆ ਹੈ|
ਉਨ੍ਹਾਂ ਪੰਜਾਬ ਸਰਕਾਰ, ਪਾਵਰਕਾਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਨੂੰ  ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਨ੍ਹਾਂ ਵਲੋਂ 10 ਅਗਸਤ ਤੱਕ ਭੁੱਖ ਹੜਤਾਲ ਜਾਰੀ ਰਹੇਗੀ ਅਤੇ 18 ਅਗਸਤ ਨੂੰ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫਤਰ ਵਿਖੇ ਸੰਘਰਸ਼ ਵਿੱਢਿਆ ਜਾਵੇਗਾ|

Leave a Reply

Your email address will not be published. Required fields are marked *