ਪਾਵਰਕਾਮ ਸੀ ਐੱਚ ਬੀ ਠੇਕਾ ਕਾਮਿਆਂ ਦੀ ਜਥੇਬੰਦੀ ਵੱਲੋਂ ਸੂਬਾ ਵਰਕਿੰਗ ਦੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ


ਖਰੜ 28 ਦਸੰਬਰ (ਸ਼ਮਿੰਦਰ ਸਿੰਘ) ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਅਜੇ ਕੁਮਾਰ, ਸੀਨੀਅਰ ਮੀਤ ਪ੍ਰਧਾਨ ਚੋਧਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਹਰਮੀਤ ਸਿੰਘ, ਮਨਮੋਹਨ ਸਿੰਘ, ਚਮਕੌਰ ਸਿੰਘ, ਟੇਕ ਚੰਦ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਸੀ ਐਚ ਬੀ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ, ਕੱਢੇ ਕਾਮੇ ਬਹਾਲ ਕਰਨ, ਛਾਂਟੀ ਦੀ ਨੀਤੀ ਪੱਕੇ ਤੌਰ ਤੇ ਰੱਦ ਕਰਕੇ ਹਾਦਸਾ ਪੀੜਿਤ ਪਰਿਵਾਰਾਂ ਨੂੰ ਮੁਆਵਜਾ, ਨੌਕਰੀ ਦਾ ਪ੍ਰਬੰਧ ਕਰਨ ਅਤੇ ਹੋਰ ਮੰਗਾਂ ਬਾਰੇ ਕਿਰਤ ਮੰਤਰੀ, ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਹੋਏ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਜੱਕੇਬੰਦੀ ਵਲੋਂ ਫੈਸਲਾ ਕੀਤਾ ਹੈ ਕਿ 1 ਜਨਵਰੀ ਤੋਂ 10 ਜਨਵਰੀ ਤਕ ਪੰਜਾਬ ਭਰ ਵਿੱਚ ਪੰਜਾਬ ਸਰਕਾਰ, ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪਾਵਰਕੌਮ ਮੈਨੇਜਮੈਂਟ ਦੇ ਪੁਤਲੇ ਬਣਾ ਕੇ ਫੂਕੇ ਜਾਣਗੇ ਅਤੇ ਕਿਰਤ ਮੰਤਰੀ ਅਤੇ ਬਣੀਆਂ ਸਬ ਕਮੇਟੀ ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 18 ਜਨਵਰੀ ਨੂੰ ਚੀਫ਼ ਇੰਜਨੀਅਰ ਜ਼ੋਨ ਬਠਿੰਡਾ ਵਿਖੇ ਜ਼ੋਨ ਪੱਧਰੀ ਧਰਨਾ ਦਿੱਤਾ ਜਾਵੇਗਾ ਅਤੇ ਚੇਅਰਮੈਨ ਵੇਨੂ ਪ੍ਰਸ਼ਾਦ ਅਤੇ ਡਾਇਰੈਕਟਰਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 2 ਫਰਵਰੀ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਟਿਆਲਾ ਹੈਡ ਆਫਿਸ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
ਉਹਨਾਂ ਦੱਸਿਆ ਕਿ ਸੀ.ਐੱਚ.ਬੀ ਠੇਕਾ ਕਾਮਿਆਂ ਦੀ ਜਥੇਬੰਦੀ ਵੱਲੋਂ 3 ਜਨਵਰੀ ਨੂੰ ਦਿੱਲੀ ਅੰਦੋਲਨ ਵਿਚ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 7-8 ਜਨਵਰੀ ਨੂੰ ਤਹਿਸੀਲ ਪੱਧਰੀ ਧਰਨੇ ਦਿੱਤੇ ਜਾਣਗੇ।

Leave a Reply

Your email address will not be published. Required fields are marked *