ਪੁਲੀਸ ਦੀ ਕਾਰਗੁਜਾਰੀ ਵਿੱਚ ਸੁਧਾਰ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਜਰੂਰੀ

ਦੋ ਸਾਲ ਪਹਿਲਾਂ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਸੂਬੇ ਦੀ ਜਨਤਾ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਇਸ ਪੱਖੋਂ ਜਨਤਾ ਸਰਕਾਰ ਦੇ ਦਾਅਵਿਆਂ ਨਾਲ ਸੰਤੁਸ਼ਟ ਨਹੀਂ ਦਿਖਦੀ| ਲੋਕ ਆਮ ਇਲਜਾਮ ਲਗਾਉਂਦੇ ਹਨ ਕਿ ਪੰਜਾਬ ਵਿੱਚ ਸੱਤਾ ਦੀ ਤਬਦੀਲੀ ਹੋਣ ਦੇ ਬਾਵਜੂਦ ਰਾਜ ਦੀ ਪੁਲੀਸ ਫੋਰਸ ਦੀ ਕਾਰਗੁਜਾਰੀ ਵਿੱਚ ਕੋਈ ਫਰਕ ਨਹੀਂ ਆਇਆ ਹੈ|
ਇਸ ਦੌਰਾਨ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਜਾਣ ਵਾਲੇ ਦੁਰਵਿਵਹਾਰ ਅਤੇ ਧੱਕੇਸ਼ਾਹੀਆਂ ਦੀਆਂ ਸ਼ਿਕਾਇਤਾਂ ਵੀ ਪਹਿਲਾਂ ਵਾਂਗ ਹੀ ਸਾਮ੍ਹਣੇ ਆ ਰਹੀਆਂ ਹਨ| ਇੰਨਾ ਫਰਕ ਜਰੂਰ ਪਿਆ ਹੈ ਕਿ ਪਿਛਲੀ ਸਰਕਾਰ ਦੌਰਾਨ ਜਿੱਥੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪੁਲੀਸ ਵਲੋਂ ਕੀਤੀ ਜਾਂਦੀ ਧੱਕੇਸ਼ਾਹੀ ਦੀ ਸ਼ਿਕਾਇਤ ਕਰਦੇ ਸਨ ਉੱਥੇ ਹੁਣ ਉਹਨਾਂ ਦੀ ਥਾਂ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਇਹ ਸ਼ਿਕਾਇਤਾਂ ਕਰਦੇ ਦਿਖ ਰਹੇ ਹਨ|
ਇਸ ਗੱਲ ਨਾਲ ਸਾਰੇ ਹੀ ਸਹਿਮਤ ਹਨ ਕਿ ਸੱਤਾ ਤੇ ਕਾਬਿਜ ਸਿਆਸੀ ਆਗੂਆਂ ਵਲੋਂ ਪੁਲੀਸ ਫੋਰਸ ਦੀ ਤਾਕਤ ਨੂੰ ਆਪਣੇ ਫਾਇਦੇ ਲਈ ਵਰਤਣ ਦੇ ਰੁਝਾਨ ਨੇ ਪੁਲੀਸ ਫੋਰਸ ਦੀ ਮਾਨਸਿਕਤਾ ਤੇ ਬਹੁਤ ਗਹਿਰਾ ਅਸਰ ਪਾਇਆ ਹੈ ਅਤੇ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਖੁਦ ਨੂੰ ਜਨਤਾ ਦਾ ਸੇਵਕ ਸਮਝਣ ਦੀ ਥਾਂ ਸ਼ਾਸ਼ਕ ਸਮਝਦੇ ਹਨ| ਸ਼ਾਇਦ ਇਸੇ ਦਾ ਨਤੀਜਾ ਹੈ ਕਿ ਸਾਡੇ ਜਿਆਦਾਤਰ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਪਰ ਇਹ ਇਹ ਮਾਨਸਿਕਤਾ ਕਾਫੀ ਹੱਦ ਤਕ ਹਾਵੀ ਹੋ ਚੁੱਕੀ ਹੈ ਕਿ ਜਨਤਾ ਨੂੰ ਡੰਡੇ ਦੇ ਜੋਰ ਨਾਲ ਜਿੱਧਰ ਮਰਜੀ ਹੱਕਿਆ ਜਾ ਸਕਦਾ ਹੈ|
ਇਸ ਸੰਬੰਧੀ ਆਮ ਲੋਕਾਂ ਦੀ ਇਹ ਸ਼ਿਕਾਇਤ ਬਹੁਤ ਪੁਰਾਣੀ ਹੈ ਕਿ ਪੁਲੀਸ ਫੋਰਸ ਵਲੋਂ ਖੁਦ ਨੂੰ ਕਿਸੇ ਵੀ ਕਾਇਦੇ ਕਾਨੂੰਨ ਤੋਂ ਉੱਪਰ ਸਮਝਦਿਆਂ ਮਨਮਰਜੀ ਨਾਲ ਕਾਰਵਾਈ ਕਰਨ ਵੇਲੇ ਖੁਦ ਹੀ ਕਾਨੂੰਨ ਦੀ ਉਲੰਘਣਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ| ਹਾਲਾਂਕਿ ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਸਾਡੀ ਪੂਰੀ ਪੁਲੀਸ ਫੋਰਸ ਦਾ ਰਵਈਆ ਅਜਿਹਾ ਹੋ ਚੁੱਕਿਆ ਹੈ| ਪੁਲੀਸ ਫੋਰਸ ਵਿੱਚ ਚੰਗੇ ਅਤੇ ਇਮਾਨਦਾਰ ਅਫਸਰ ਅਤੇ ਮੁਲਾਜਮ ਵੀ ਮੌਜੂਦ ਹਨ ਪਰੰਤੂ ਅਸਲੀਅਤ ਇਹੀ ਹੈ ਕਿ ਪੁਲੀਸ ਫੋਰਸ ਦੇ ਵੱਡੀ ਗਿਣਤੀ ਅਧਿਕਾਰੀ ਅਤੇ ਕਰਮਚਾਰੀ ਖੁਦ ਨੂੰ ਕਿਸੇ ਵੀ ਕਾਇਦੇ ਕਾਨੂੰਨ ਤੋਂ ਉੱਪਰ ਸਮਝਦੇ ਹਨ ਅਤੇ ਜਦੋਂ ਕਦੇ ਉਹਨਾਂ ਤੇ ਤਾਕਤ ਦਾ ਇਹ ਨਸ਼ਾ ਹਾਵੀ ਹੁੰਦਾ ਹੈ ਤਾਂ ਇਸਦਾ ਕਹਿਰ ਆਮ ਜਨਤਾ ਨੂੰ ਹੀ ਭੁਗਤਣਾ ਪੈਂਦਾ ਹੈ|
ਸਵਾਲ ਇਹ ਉਠਦਾ ਹੈ ਕਿ ਇਸਦਾ ਦੋਸ਼ ਆਖਿਰ ਕਿਸਨੂੰ ਦਿੱਤਾ ਜਾਵੇ? ਕੀ ਇਹ ਕਿਹਾ ਜਾਵੇ ਕਿ ਪੁਲੀਸ ਦੀ ਮੁੱਢਲੀ ਟ੍ਰੇਨਿੰਗ ਵਿੱਚ ਹੀ ਅਜਿਹੀਆਂ ਖਾਮੀਆਂ ਮੌਜੂਦ ਹਨ ਜਿਸ ਕਾਰਨ ਕਈ ਵਾਰ ਸਾਡੇ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਆਮ ਲੋਕਾਂ ਦੇ ਰਾਖਿਆਂ ਦੀ ਭੂਮਿਕਾ ਵਿੱਚ ਆਊਣ ਦੀ ਥਾਂ ਉਲਟਾ ਜਾਲਮ ਦੀ ਭੂਮਿਕਾ ਵਿੱਚ ਆ ਜਾਂਦੇ ਹਨ ਜਾਂ ਫਿਰ ਇਹ ਕਿਹਾ ਜਾਵੇ ਕਿ ਆਪਣੇ ਫਾਇਦੇ ਲਈ ਪੁਲੀਸ ਫੋਰਸ ਦੀ ਵਰਤੋਂ ਕਰਨ ਵਾਲੇ ਸਾਡੇ ਸਿਆਸਤਦਾਨਾਂ ਨੇ ਸਾਡੀ ਪੁਲੀਸ ਫੋਰਸ ਦੀ ਮਾਨਸਿਕਤਾ ਨੂੰ ਹੀ ਗੰਧਲਾ ਕਰ ਦਿੱਤਾ ਹੈ| ਕਾਰਨ ਭਾਵੇਂ ਕੁੱਝ ਵੀ ਹੋਵੇ ਪਰੰਤੂ ਇਹਨਾਂ ਹਾਲਾਤਾਂ ਵਿੱਚ ਸੁਧਾਰ ਕੀਤਾ ਜਾਣਾ ਬਹੁਤ ਜਰੂਰੀ ਹੈ|
ਪੁਲੀਸ ਫੋਰਸ ਦਾ ਗਠਨ ਇਸ ਲਈ ਹੁੰਦਾ ਹੈ ਕਿ ਉਹ ਕਿਸੇ ਮੁਸੀਬਤ ਦੇ ਸਮੇਂ ਆਮ ਲੋਕਾਂ ਦੀ ਮਦਦ ਕਰਨ ਲਈ ਤਿਆਰ ਬਰ ਤਿਆਰ ਰਹੇ ਪਰੰਤੂ ਜੇਕਰ ਖੁਦ ਪੁਲੀਸ ਫੋਰਸ ਹੀ ਆਮ ਲੋਕਾਂ ਲਈ ਇੱਕ ਮੁਸੀਬਤ ਦਾ ਰੂਪ ਧਾਰਨ ਕਰ ਲਵੇ ਤਾਂ ਇਸ ਕਾਰਨ ਆਮ ਲੋਕਾਂ ਨੂੰ ਪੇਸ਼ ਲਾਉਣ ਵਾਲੀਆਂ ਸਮੱਸਿਆਵਾਂ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ| ਪੰਜਾਬ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਪੁਲੀਸ ਫੋਰਸ ਦੀ ਆਪਣੇ ਆਪ ਨੂੰ ਸਾਰੇ ਕੁੱਝ ਤੋਂ ਉੱਪਰ ਸਮਝਣ ਦੀ ਮਾਨਸਿਕਤਾ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਪੁਲੀਸ ਫੋਰਸ ਨੂੰ ਆਮ ਲੋਕਾਂ ਪ੍ਰਤੀ ਵਧੇਰੇ ਜਵਾਬਦੇਹ ਬਣਾਇਆ ਜਾਵੇ| ਜਨਤਾ ਨੂੰ ਪੁਲੀਸ ਦੇ ਰੂਪ ਵਿੱਚ ਵਰਦੀ ਵਾਲੇ ਗੁੰਡਿਆਂ ਦੀ ਨਹੀਂ ਬਲਕਿ ਅਜਿਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੋੜ ਹੈ ਜਿਹੜੇ ਮੁਸੀਬਤ ਵੇਲੇ ਜਨਤਾ ਦੀ ਮਦਦ ਕਰਨ| ਇਸ ਲਈ ਜਰੂਰੀ ਹੈ ਕਿ ਪੁਲੀਸ ਫੋਰਸ ਵਿੱਚ ਮੌਜੂਦ ਅਜਿਹੇ ਅਨਸਰਾਂ ਦੇ ਖਿਲਾਫ ਸਖਤ ਰੁੱਖ ਅਪਣਾਇਆ ਜਾਵੇ ਜਿਹੜੇ ਆਪਣੀਆਂ ਕਾਰਵਾਈਆਂ ਨਾਲ ਪੂਰੀ ਪੁਲੀਸ ਫੋਰਸ ਦਾ ਸਿਰ ਝੁਕਾ ਦਿੰਦੇ ਹਨ| ਪੁਲੀਸ ਫੋਰਸ ਨੂੰ ਦੇਸ਼ ਅਤੇ ਸਮਾਜ ਦੇ ਪ੍ਰਤੀ ਜਵਾਬਦੇਹ ਬਣਾਇਆ ਜਾਣਾ ਬਹੁਤ ਜਰੂਰੀ ਹੈ ਤਾਂ ਜੋ ਜਨਤਾ ਨੂੰ ਪੁਲੀਸ ਦੀਆਂ ਧੱਕੇਸ਼ਾਹੀਆਂ ਤੋਂ ਛੁਟਕਾਰਾ ਮਿਲੇ ਅਤੇ ਇੱਕ ਬਿਹਤਰ, ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸ਼ਨ ਹਾਸਿਲ ਹੋਵੇ|

Leave a Reply

Your email address will not be published. Required fields are marked *