ਪੁਲੀਸ ਫੋਰਸ ਦੀ ਕਾਰਗੁਜਾਰੀ ਵਿੱਚ ਲੋੜੀਂਦਾ ਸੁਧਾਰ ਕਰਨ ਲਈ ਕਦਮ ਚੁੱਕੇ ਜਾਣੇ ਜਰੂਰੀ

ਸਾਢੇ ਤਿੰਨ ਸਾਲ ਪਹਿਲਾਂ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਆਪਣੇ ਦਾਅਵਿਆਂ ਵਿੱਚ ਭਾਵੇਂ ਸੂਬੇ ਦੀ ਜਨਤਾ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਇਸ ਪੱਖੋਂ ਜਨਤਾ ਸਰਕਾਰ ਦੇ ਦਾਅਵਿਆਂ ਨਾਲ ਸੰਤੁਸ਼ਟ ਨਹੀਂ ਦਿਖਦੀ| ਸੂਬੇ ਦੀ ਜਨਤਾ ਵਲੋਂ ਆਮ ਇਲਜਾਮ ਲਗਾਇਆ ਜਾਂਦਾ ਹੈ ਕਿ ਪੰਜਾਬ ਵਿੱਚ ਸੱਤਾ ਦੀ ਤਬਦੀਲੀ ਹੋਣ ਦੇ ਬਾਵਜੂਦ ਰਾਜ ਦੀ ਪੁਲੀਸ ਫੋਰਸ ਦੇ ਆਮ ਜਨਤਾ ਨਾਲ ਵਤੀਰੇ ਅਤੇ ਉਸਦੀ ਕਾਰਗੁਜਾਰੀ ਵਿੱਚ ਕੋਈ ਫਰਕ ਨਹੀਂ ਆਇਆ ਹੈ| ਇਸ ਦੌਰਾਨ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਜਾਣ ਵਾਲੇ ਦੁਰਵਿਵਹਾਰ ਅਤੇ ਧੱਕੇਸ਼ਾਹੀਆਂ ਦੀਆਂ ਸ਼ਿਕਾਇਤਾਂ ਵੀ ਪਹਿਲਾਂ ਵਾਂਗ ਹੀ ਸਾਮ੍ਹਣੇ ਆ ਰਹੀਆਂ ਹਨ| ਇਸ ਸਾਰੇ ਕੁੱਝ ਦੌਰਾਨ ਜੇਕਰ ਕੋਈ ਫਰਕ ਪਿਆ ਹੈ ਤਾਂ ਉਹ ਇਹ ਹੈ ਕਿ ਪਿਛਲੀ ਸਰਕਾਰ ਦੌਰਾਨ ਜਿੱਥੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪੁਲੀਸ ਵਲੋਂ ਕੀਤੀ ਜਾਂਦੀ ਧੱਕੇਸ਼ਾਹੀ ਦੀ ਸ਼ਿਕਾਇਤ ਕਰਦੇ ਸਨ ਉੱਥੇ ਹੁਣ ਉਹਨਾਂ ਦੀ ਥਾਂ ਵਿਰੋਧੀ ਪਾਰਟੀਆਂ ਦੇ ਆਗੂ ਇਹ ਸ਼ਿਕਾਇਤਾਂ ਕਰਦੇ ਨਜਰ ਆਉਂਦੇ ਹਨ| 
ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਸਾਡੀ ਪੂਰੀ ਪੁਲੀਸ ਫੋਰਸ ਦਾ ਰਵਈਆ ਅਜਿਹਾ ਹੋ ਚੁੱਕਿਆ ਹੈ ਅਤੇ ਪੁਲੀਸ ਫੋਰਸ ਵਿੱਚ ਚੰਗੇ ਅਤੇ ਇਮਾਨਦਾਰ ਅਫਸਰ ਅਤੇ ਮੁਲਾਜਮ ਵੀ ਮੌਜੂਦ ਹਨ ਪਰੰਤੂ ਅਸਲੀਅਤ ਇਹੀ ਹੈ ਕਿ ਪੁਲੀਸ ਫੋਰਸ ਦੇ ਜਿਆਦਾਤਰ ਅਧਿਕਾਰੀ ਅਤੇ ਕਰਮਚਾਰੀ ਖੁਦ ਨੂੰ ਕਿਸੇ ਵੀ ਕਾਇਦੇ ਕਾਨੂੰਨ ਤੋਂ ਉੱਪਰ ਸਮਝਦੇ ਹਨ ਅਤੇ ਜਦੋਂ ਕਦੇ ਉਹਨਾਂ ਤੇ ਤਾਕਤ ਦਾ ਇਹ ਨਸ਼ਾ ਹਾਵੀ ਹੁੰਦਾ ਹੈ ਤਾਂ ਇਸਦਾ ਕਹਿਰ ਆਮ ਜਨਤਾ ਨੂੰ ਹੀ ਭੁਗਤਣਾ ਪੈਂਦਾ ਹੈ| ਲੋਕਾਂ ਦੀ ਇਹ ਸ਼ਿਕਾਇਤ ਬਹੁਤ ਪੁਰਾਣੀ ਹੈ ਕਿ ਪੁਲੀਸ ਫੋਰਸ ਵਲੋਂ ਖੁਦ ਨੂੰ ਕਿਸੇ ਵੀ ਕਾਇਦੇ ਕਾਨੂੰਨ ਤੋਂ ਉੱਪਰ ਸਮਝਦਿਆਂ ਮਨਮਰਜੀ ਨਾਲ ਕਾਰਵਾਈ ਕਰਨ ਵੇਲੇ ਖੁਦ ਹੀ ਕਾਨੂੰਨ ਦੀ ਉਲੰਘਣਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ| 
ਆਮ ਗੱਲਬਾਤ ਦੌਰਾਨ ਇਹ ਗੱਲ ਆਮ ਆਖੀ ਜਾਂਦੀ ਹੈ ਕਿ ਸੱਤਾ ਤੇ ਕਾਬਿਜ ਸਿਆਸੀ ਆਗੂਆਂ ਵਲੋਂ ਪੁਲੀਸ ਫੋਰਸ ਦੀ ਤਾਕਤ ਨੂੰ ਆਪਣੇ ਫਾਇਦੇ ਲਈ ਵਰਤਣ ਦੇ ਰੁਝਾਨ ਨੇ ਪੁਲੀਸ ਫੋਰਸ ਦੀ ਮਾਨਸਿਕਤਾ ਤੇ ਬਹੁਤ ਗਹਿਰਾ ਅਸਰ ਪਾਇਆ ਹੈ ਅਤੇ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਖੁਦ ਨੂੰ ਜਨਤਾ ਦਾ ਸੇਵਕ ਸਮਝਣ ਦੀ ਥਾਂ ਸ਼ਾਸ਼ਕ ਸਮਝਦੇ ਹਨ| ਸ਼ਾਇਦ ਇਸੇ ਦਾ ਨਤੀਜਾ ਹੈ ਕਿ ਸਾਡੇ ਜਿਆਦਾਤਰ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਪਰ ਇਹ ਮਾਨਸਿਕਤਾ ਵੀ ਕਾਫੀ ਹੱਦ ਤੱਕ ਹਾਵੀ ਹੋ ਚੁੱਕੀ ਹੈ ਕਿ ਉਹ ਕੁੱਝ ਵੀ ਕਰ ਸਕਦੇ ਹਨ ਅਤੇ ਆਮ ਜਨਤਾ ਨੂੰ ਡੰਡੇ ਦੇ ਜੋਰ ਨਾਲ ਜਿੱਧਰ ਮਰਜੀ ਹੱਕਿਆ ਜਾ ਸਕਦਾ ਹੈ|
ਪੁਲੀਸ ਫੋਰਸ ਦਾ ਗਠਨ ਇਸ ਲਈ ਹੁੰਦਾ ਹੈ ਕਿ ਉਹ ਕਿਸੇ ਮੁਸੀਬਤ ਦੇ ਸਮੇਂ ਆਮ ਲੋਕਾਂ ਦੀ ਮਦਦ ਕਰਨ ਲਈ ਤਿਆਰ ਬਰ ਤਿਆਰ ਰਹੇ ਪਰੰਤੂ ਜੇਕਰ ਖੁਦ ਪੁਲੀਸ ਫੋਰਸ ਹੀ ਆਮ ਲੋਕਾਂ ਲਈ ਇੱਕ ਮੁਸੀਬਤ ਦਾ ਰੂਪ ਧਾਰਨ ਕਰ ਲਵੇ ਤਾਂ ਇਸ ਕਾਰਨ ਆਮ ਲੋਕਾਂ ਨੂੰ ਪੇਸ਼ ਲਾਉਣ ਵਾਲੀਆਂ ਸਮੱਸਿਆਵਾਂ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ| ਸਵਾਲ ਇਹ ਵੀ ਉਠਦਾ ਹੈ ਕਿ ਇਸਦਾ ਦੋਸ਼ ਆਖਿਰ ਕਿਸਨੂੰ ਦਿੱਤਾ ਜਾਵੇ? ਕੀ ਇਹ ਕਿਹਾ ਜਾਵੇ ਕਿ ਆਪਣੇ ਫਾਇਦੇ ਲਈ ਪੁਲੀਸ ਫੋਰਸ ਦੀ ਵਰਤੋਂ ਕਰਨ ਵਾਲੇ ਸਾਡੇ ਸਿਆਸਤਦਾਨਾਂ ਨੇ ਸਾਡੀ ਪੁਲੀਸ ਫੋਰਸ ਦੀ ਮਾਨਸਿਕਤਾ ਨੂੰ ਹੀ ਗੰਧਲਾ ਕਰ ਦਿੱਤਾ ਹੈ ਜਾਂ ਫਿਰ ਇਹ ਕਿਹਾ ਜਾਵੇ ਕਿ ਪੁਲੀਸ ਦੀ ਮੁੱਢਲੀ ਟ੍ਰੇਨਿੰਗ ਵਿੱਚ ਹੀ ਅਜਿਹੀਆਂ ਖਾਮੀਆਂ ਮੌਜੂਦ ਹਨ ਜਿਸ ਕਾਰਨ ਕਈ ਵਾਰ ਸਾਡੇ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਆਮ ਲੋਕਾਂ ਦੇ ਰਾਖਿਆਂ ਦੀ ਭੂਮਿਕਾ ਵਿੱਚ ਆਉਣ ਦੀ ਥਾਂ ਉਲਟਾ ਜਾਲਮ ਦੀ ਭੂਮਿਕਾ ਵਿੱਚ ਆ ਜਾਂਦੇ ਹਨ|
ਪੰਜਾਬ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਪੁਲੀਸ ਫੋਰਸ ਦੀ ਆਪਣੇ ਆਪ ਨੂੰ ਸਾਰੇ ਕੁੱਝ ਤੋਂ ਉੱਪਰ ਸਮਝਣ ਦੀ ਮਾਨਸਿਕਤਾ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਪੁਲੀਸ ਫੋਰਸ ਨੂੰ ਆਮ ਲੋਕਾਂ ਪ੍ਰਤੀ ਵਧੇਰੇ ਜਵਾਬਦੇਹ ਬਣਾਇਆ ਜਾਵੇ| ਜਨਤਾ ਨੂੰ ਪੁਲੀਸ ਦੇ ਰੂਪ ਵਿੱਚ ਵਰਦੀ ਵਾਲੇ ਗੁੰਡਿਆਂ ਦੀ ਨਹੀਂ ਬਲਕਿ ਅਜਿਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੋੜ ਹੈ ਜਿਹੜੇ ਮੁਸੀਬਤ ਵੇਲੇ ਜਨਤਾ ਦੀ ਮਦਦ ਕਰਨ| ਇਸ ਲਈ ਜਰੂਰੀ ਹੈ ਕਿ ਪੁਲੀਸ ਫੋਰਸ ਵਿੱਚ ਮੌਜੂਦ ਅਜਿਹੇ ਅਨਸਰਾਂ ਦੇ ਖਿਲਾਫ ਸਖਤ ਰੁੱਖ ਅਪਣਾਇਆ ਜਾਵੇ ਜਿਹੜੇ ਆਪਣੀਆਂ ਕਾਰਵਾਈਆਂ ਨਾਲ ਪੂਰੀ ਪੁਲੀਸ ਫੋਰਸ ਦਾ ਸਿਰ ਝੁਕਾ ਦਿੰਦੇ ਹਨ| ਪੁਲੀਸ ਫੋਰਸ ਨੂੰ ਦੇਸ਼ ਅਤੇ ਸਮਾਜ ਦੇ ਪ੍ਰਤੀ ਜਵਾਬਦੇਹ ਬਣਾਇਆ ਜਾਣਾ ਬਹੁਤ ਜਰੂਰੀ ਹੈ ਤਾਂ ਜੋ ਜਨਤਾ ਨੂੰ ਪੁਲੀਸ ਦੀਆਂ ਧੱਕੇਸ਼ਾਹੀਆਂ ਤੋਂ ਛੁਟਕਾਰਾ ਮਿਲੇ ਅਤੇ ਇੱਕ ਬਿਹਤਰ, ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸ਼ਨ ਹਾਸਿਲ ਹੋਵੇ|

Leave a Reply

Your email address will not be published. Required fields are marked *