ਪੂਰੀ ਸ਼ਰਧਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ

ਐਸ ਏ ਐਸ ਨਗਰ, 12 ਜੂਨ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਬਲਵਿੰਦਰ ਕੌਰ ਖਹਿਰਾ ਜਲੰਧਰ ਵਾਲੀਆ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ|
ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਂਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਬੀਬੀ ਰਾਜਵਿੰਦਰ ਕੌਰ ਖਾਲਸਾ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜਥਾ, ਭਾਈ ਜਤਿੰਦਰ ਸਿੰਘ ਸ਼ੋਮਣੀ ਪ੍ਰਚਾਰਕ ਸ਼ੋਮਣੀ ਗੁ ਪ੍ਰਬੰਧਕ ਕਮੇਟੀ, ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਰਵੈਰ ਸਿੰਘ, ਮੀਰੀ ਪੀਰੀ ਪੰਥ ਢਾਡੀ ਜਥਾ, ਭਾਈ ਬਹਾਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਖਦੇਵ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|
ਭਾਈ ਧੰਨਾ ਸਿੰਘ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 15 ਜੂਨ ਨੂੰ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਦਸ਼ਾਹ ਪੁਰਵਕ ਮਨਾਇਆ ਜਾਵੇਗਾ| ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਚ ਕੋਟੀ ਦੇ ਰਾਗੀ ਢਾਡੀ ਕਵੀਸ਼ਰ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਜਿਸ ਸੁਨਾ ਕੇ ਨਿਹਾਲ ਕਰਣਗੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *