ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ|
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ| ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ| ਪਾਲਕੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ| ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਭਾਗ ਲਿਆ| ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ| ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ|
ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ| ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ| ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *