ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸੋਹਾਣਾ ਵਿਖੇ ਨਗਰ ਕੀਰਤਨ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 3 ਨਵੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ| ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ| ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ| ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ| ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ| ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ| ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ| ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *