ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਸੰਸਦ ਭਵਨ ਵਿੱਚ ਹੰਗਾਮਾ


ਨਵੀਂ ਦਿੱਲੀ, 25 ਦਸੰਬਰ (ਸ.ਬ.) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਸਣੇ ਆਪ ਆਗੂ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਦਰਅਸਲ ਸੰਸਦ ਭਵਨ ਵਿੱਚ ਹਿੰਦੂਤਵ ਦੇ ਆਦਰਸ਼ ਮਦਨ ਮੋਹਨ ਮਾਲਵੀ ਦੀ ਜੈਯੰਤੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਮੋਦੀ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਹਾ।
ਆਪ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਸਾਰ ਲੈ ਲੈਣ, ਜਿਹੜੇ ਦਿੱਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਠੰਡ ਦੌਰਾਨ ਧਰਨੇ ਤੇ ਬੈਠੇ ਹੋਏ ਹਨ।
ਉਨ੍ਹਾਂ ਕਿਹਾ ਕਿ ਕੜਾਕੇ ਦੇ ਠੰਡ ਦੌਰਾਨ ਕਿਸਾਨ ਠੁਰ-ਠੁਰ ਕਰਦੇ ਸੜਕਾਂ ਤੇ ਬੈਠੇ ਹੋਏ ਹਨ, ਇਸ ਲਈ ਉਨ੍ਹਾਂ ਦੀ ਮੰਗ ਪੂਰੀ ਕਰਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

Leave a Reply

Your email address will not be published. Required fields are marked *