ਪੰਜਾਬੀ ਗਾਣਿਆਂ ਲਈ ਸੈਂਸਰ ਬੋਰਡ ਦੀ ਸਥਾਪਨਾ ਕਰੇ ਸਰਕਾਰ

ਪਿਛਲੇ ਕੁੱਝ ਸਾਲਾਂ ਤੋਂ ਪੰਜਾਬੀ ਗਾਣਿਆਂ ਵਿੱਚ ਪਰੋਸੇ ਜਾਂਦੇ ਪੰਜਾਬ ਦੇ ਸਭਿਆਚਾਰ ਦੇ ਨਾਮ ਤੇ ਜਿਹੜੀ ਅਸ਼ਲੀਲਤਾ, ਲਚਰਤਾ, ਗੁੰਡਾ ਗਰਦੀ, ਨਸ਼ੇ, ਹਥਿਆਰ ਅਤੇ ਹੋਰ ਗੰਦ ਪਰੋਸਿਆ ਜਾ  ਰਿਹਾ ਹੈ ਉਸ ਨੇ ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਸਭਿਆਚਾਰ ਨੂੰ ਬੁਰੀ ਤਰ੍ਹਾਂ ਸ਼ਰਮਸਾਰ ਕੀਤਾ ਹੈ| ਇਸ ਵੇਲੇ ਹਾਲਾਤ ਇਹ ਹਨ ਆਏ ਦਿਨ ਬਣਨ ਵਾਲੇ ਇਹਨਾਂ ਗਾਣਿਆਂ ਵਿੱਚ ਪੰਜਾਬੀ ਸਭਿਆਚਾਰ ਤਾਂ ਕਿਤੇ ਨਜਰ ਨਹੀਂ ਆਉਂਦਾ ਪਰੰਤੂ ਤੇਜ ਸੰਗੀਤ ਦੇ ਨਾਲ ਲੋਕਾਂ ਨੂੰ ਉਕਸਾਉਣ ਦਾ ਕੰਮ ਜਰੂਰ ਕੀਤਾ ਜਾਂਦਾ ਹੈ| ਇਹਨਾਂ ਗਾਣਿਆਂ ਦੀਆਂ ਜਿਹੜੀਆਂ ਵੀਡੀਓ ਟੀ ਵੀ ਚੈਨਲਾਂ ਤੇ ਪ੍ਰਸਾਰਿਤ ਕੀਤੀਆਂ ਜਾਂਦੀਆਂ ਹਨ ਉਹਨਾਂ ਵਿੱਚ ਜਿਸ ਤਰੀਕੇ ਨਾਲ ਕਾਮੁਕ ਦ੍ਰਿਸ਼ ਭਰੇ ਜਾਂਦੇ ਹਨ ਅਤੇ ਅਸ਼ਲੀਲਤਾ ਪਰੋਸੀ ਜਾਂਦੀ ਹੈ ਉਹਨੂੰ ਪਰਿਵਾਰ ਵਿੱਚ ਇਕੱਠਿਆਂ ਬੈਠ ਕੇ  ਸੁਣਿਆ ਅਤੇ                  ਦੇਖਿਆ ਤਕ ਨਹੀਂ ਜਾ ਸਕਦਾ| ਇਹਨਾਂ ਵੀਡਿਓ ਫਿਲਮਾਂ ਵਿੱਚੋਂ ਜਿਆਦਾਤਰ ਵਿੱਚ ਅਧਨੰਗੀਆਂ ਕੁੜੀਆਂ ਨੂੰ ਨਚਾਇਆ ਜਾਂਦਾ ਹੈ ਅਤੇ ਬਾਕੀ ਦੀ ਕਸਰ ਗਾਣਿਆਂ ਦੇ ਦੋ ਅਰਥੀ ਬੋਲ ਪੂਰੇ ਕਰ ਦਿੰਦੇ ਹਨ ਜਿਹਨਾਂ ਰਾਂਹੀ ਦਰਸ਼ਕਾਂ ਨੂੰ ਭਰਪੂਰ ਅਸ਼ਲੀਲਤਾ ਪਰੋਸੀ ਜਾਂਦੀ ਹੈ| 
ਪੰਜਾਬੀ ਗਾਇਕੀ ਵਿੱਚ ਆਏ ਇਸ ਨਿਘਾਰ ਦਾ ਮੁੱਖ ਕਾਰਨ ਇਹ ਵੀ ਹੈ ਕਿ ਸੰਗੀਤ ਅਤੇ ਗਾਇਕੀ ਦੇ ਖੇਤਰ ਵਿੱਚ ਕਲਾ ਦੇ ਕਦਰਦਾਨਾਂ ਦੀ ਥਾਂ ਹੁਣ ਵਪਾਰੀਆਂ ਦੀ ਤੂਤੀ ਬੋਲਦੀ ਹੈ ਜਿਹੜੇ ਆਪਣਾ ਮਾਲ ਵੇਚਣ ਲਈ ਹਰ ਹੱਥਕੰਡਾ ਅਪਣਾਉਣ ਲਈ ਤਿਆਰ ਰਹਿੰਦੇ ਹਨ| ਇਹੀ ਕਾਰਨ ਹੈ ਕਿ ਪੰਜਾਬੀ ਗਾਣਿਆਂ ਵਿੱਚ ਲੱਚਰਤਾ ਵੱਧਦੀ ਜਾ ਰਹੀ ਹੈ| ਜਿਆਦਾਤਰ ਗਾਣਿਆਂ ਦੇ ਸ਼ਬਦ ਦੋਹਰੇ ਅਰਥਾਂ ਵਾਲੇ ਹੁੰਦੇ ਹਨ ਅਤੇ ਲਗਭਗ ਹਰ ਗਾਣੇ ਵਿੱਚ ਹੀ ਕੁੜੀਆਂ, ਨਸ਼ਿਆਂ ਅਤੇ ਹਥਿਆਰਾਂ ਦੀ ਗੱਲ ਕੀਤੀ ਜਾਂਦੀ ਹੈ| ਜਿਸ ਤਰ੍ਹਾਂ ਦੀ ਗੁੰਡਾਗਰਦੀ ਅਤੇ ਅਸ਼ਲੀਲਤਾ ਅੱਜ ਕੱਲ ਪੰਜਾਬੀ ਗਾਣਿਆਂ ਵਿੱਚ ਪੇਸ਼ ਕੀਤੀ ਜਾ ਰਹੀ ਹੈ, ਉਹ ਕੁਝ ਤਾਂ ਹਿੰਦੀ ਫਿਲਮਾਂ ਵਿੱਚ ਵੀ ਨਹੀਂ ਹੁੰਦਾ|
ਪੰਜਾਬੀ ਗਾਣਿਆਂ ਦੀਆਂ ਵੀਡੀਓ ਫਿਲਮਾਂ ਵਿੱਚ ਪਰੋਸਿਆ ਜਾਣਾ ਵਾਲਾ ਅਸ਼ਲੀਲਤਾ ਦਾ ਇਹ ਨਾਚ ਇਹਨਾਂ ਗਾਇਕਾਂ ਦੇ ਸਫਲ ਹੋਣ ਦੀ ਗਾਰੰਟੀ ਮੰਨਿਆ ਜਾਂਦਾ ਹੈ ਅਤੇ ਜਿਆਦਾਤਰ ਗਾਇਕ (ਜਿਹੜੇ ਕਾਫੀ ਹੱਦ ਤੱਕ ਬੇਸੁਰੇ ਵੀ ਹੁੰਦੇ ਹਨ) ਆਪਣਾ ਗਾਣਾ ਹਿਟ ਕਰਵਾਉਣ ਲਈ ਇਸੇ ਫਾਰਮੂਲੇ ਦਾ ਸਹਾਰਾ ਲੈਂਦੇ ਹਨ| ਅਜਿਹੇ ਗਾਇਕਾਂ ਦੇ ਗੀਤਾਂ ਲਈ ਬਣੀ ਵੀਡੀਓ ਵਿੱਚ ਨੱਚਦੀਆਂ ਅਧਨੰਗੀਆਂ ਕੁੜੀਆਂ ਵਲੋਂ ਕੀਤੀਆਂ ਜਾਂਦੀਆਂ ਹਰਕਤਾਂ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦੀਆਂ ਹਨ ਅਤੇ ਇਸ ਦੌਰਾਨ ਗਾਇਕ ਦੀ ਬੇਸੁਰੀ ਆਵਾਜ ਵੱਲ ਕਿਸੇ ਦਾ ਧਿਆਨ ਨਹੀਂ ਜਾਂਦਾ| ਸਿਤਮ ਇਹ ਹੈ ਕਿ ਇਹ ਗਾਇਕ ਇਹਨਾਂ ਗਾਣਿਆਂ ਨੂੰ ਸਭਿਆਚਾਰਕ ਗੀਤਾਂ ਦਾ ਦਰਜਾ ਦਿੰਦੇ ਹਨ ਅਤੇ ਜਦੋਂ ਕਦੇ ਉਹਨਾਂ ਨੂੰ ਇਸ ਤਰੀਕੇ ਨਾਲ ਫੈਲਾਈ ਜਾ ਰਹੀ ਅਸ਼ਲੀਲਤਾ ਬਾਰੇ ਸਵਾਲ ਕੀਤਾ ਜਾਂਦਾ ਹੈ ਤਾਂ ਉਹਨਾਂ ਦਾ ਜਵਾਬ ਹੁੰਦਾ ਹੈ ਕਿ ਲੋਕ ਇਸ ਤਰਾਂ ਦੇ ਹੀ ਗਾਣੇ ਪਸੰਦ ਕਰਦੇ ਹਨ|
ਹਾਲਾਂਕਿ ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਸਾਰੇ ਗਾਇਕ ਹੀ ਅਜਿਹੇ ਹਨ ਪਰੰਤੂ ਜਿਆਦਾਤਰ ਬਾਰੇ ਇਹ ਗੱਲ ਆਖੀ ਜਾ ਸਕਦੀ ਹੈ ਕਿ ਉਹ ਇਸੇ ਰਾਹ ਤੇ ਚਲ ਰਹੇ ਹਨ| ਇਸ ਤਰੀਕੇ ਨਾਲ ਪਰੋਸੀ ਜਾਣ ਵਾਲੀ ਅਸ਼ਲੀਲਤਾ ਦੀ ਇਸ ਕਾਰਵਾਈ ਦਾ ਵਿਰੋਧ ਵੀ ਹੁੰਦਾ ਹੈ ਅਤੇ ਅਜਿਹੀਆਂ ਕਈ ਸੰਸਥਾਵਾਂ ਹਨ ਜਿਹੜੀਆਂ ਪੰਜਾਬੀ ਗਾਣਿਆਂ ਵਿੱਚ ਪਰੋਸੀ ਜਾਣ ਵਾਲੀ ਇਸ ਅਸ਼ਲੀਲਤਾ ਦੇ ਖਿਲਾਫ ਲੰਬੇ ਸਮੇਂ ਤੋਂ ਮੁਹਿੰਮ ਚਲਾ ਰਹੀਆਂ ਹਨ| ਪੰਜਾਬੀ ਸਭਿਆਚਾਰ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ, ਸਾਫ ਸੁਥਰੀ ਗਾਇਕੀ ਗਾਉਣ ਵਾਲੇ ਕਲਾਕਾਰਾਂ ਅਤੇ ਉਹਨਾਂ ਦੇ ਸਰੋਤਿਆਂ ਵਲੋਂ ਇਸ ਲਚਰ ਗਾਇਕੀ ਦੇ ਖਿਲਾਫ ਆਵਾਜ ਵੀ ਬੁਲੰਦ ਕੀਤੀ ਜਾਂਦੀ ਹੈ ਅਤੇ ਇਹਨਾਂ ਸਾਰਿਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਪੰਜਾਬੀ ਗਾਇਕੀ ਦੇ ਨਾਮ ਤੇ ਪਰੋਸੀ ਜਾਣ ਵਾਲੀ ਲਚਰਤਾ ਅਤੇ ਅਸ਼ਲੀਲਤਾ ਤੇ ਕਾਬੂ ਕਰਨ ਲਈ ਇੱਕ ਵਿਸ਼ੇਸ਼ ਸੈਂਸਰ ਬੋਰਡ ਦਾ ਗਠਨ ਕੀਤਾ ਜਾਵੇ ਪਰੰਤੂ ਸਰਕਾਰ ਵਲੋਂ ਹੁਣ ਤਕ ਇਸ ਮੰਗ ਨੂੰ ਅਣਸੁਣਿਆ ਕੀਤਾ ਜਾਂਦਾ ਰਿਹਾ ਹੈ| 
ਇਸ ਤਰੀਕੇ ਨਾਲ ਪੰਜਾਬੀ ਸਭਿਆਚਾਰ ਨੂੰ ਹੋ ਰਹੇ ਨੁਕਸਾਨ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸੂਬਾ ਸਰਕਾਰ ਵਲੋਂ ਇਸ ਸੰਬੰਧੀ ਸੈਂਸਰ ਬੋਰਡ ਦਾ ਗਠਨ ਕੀਤਾ ਜਾਵੇ ਜਿਸ ਵਲੋਂ ਅਜਿਹੇ ਤਮਾਮ ਗਾਣਿਆਂ ਅਤੇ ਉਹਨਾਂ ਵਾਸਤੇ ਬਣਾਈਆਂ ਜਾਣ ਵਾਲੀਆਂ ਵੀਡੀਓ ਫਿਲਮਾਂ ਦੀ ਜਾਂਚ ਕਰਨ ਉਪਰੰਤ ਉਹਨਾਂ ਦੇ ਪ੍ਰਸਾਰਨ ਦੀ ਮੰਜੂਰੀ ਦਿੱਤੀ ਜਾਵੇ| ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਗਾਣਿਆਂ ਲਈ ਸੈਂਸਰ ਬੋਰਡ ਬਣਾਉਣ ਦੀ ਕਾਰਵਾਈ ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਪੰਜਾਬੀ ਗਾਣਿਆਂ ਲਈ ਤੁਰੰਤ ਸੈਂਸਰ ਬੋਰਡ ਬਣਾਇਆ ਜਾਵੇ ਤਾਂ ਜੋ ਅਜਿਹੇ ਅਸ਼ਲੀਲ ਗਾਣਿਆਂ ਦੇ ਪ੍ਰਸਾਰਨ ਤੇ ਰੋਕ ਲਗਾਈ ਜਾ ਸਕੇ|

Leave a Reply

Your email address will not be published. Required fields are marked *