ਪੰਜਾਬ ਅਤੇ ਯੂ.ਕੇ. ਹੁਨਰ ਸਿਖਲਾਈ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨਗੇ: ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 1 ਜੂਨ (ਸ.ਬ.) ਪੰਜਾਬ ਤੇ ਯੂ.ਕੇ. ਹੁਨਰ ਸਿਖਲਾਈ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਆਪਸੀ ਸਹਿਯੋਗ ਨਾਲ ਕੰਮ ਕਰਨਗੇ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਿੱਖਿਆ ਅਤੇ ਰੁਜ਼ਗਾਰ ਹਾਸਲ ਕਰਨ ਲਈ ਸਾਜਗਾਰ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ| ਇਹ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਬ੍ਰਿਟਿਸ਼ (ਯੂ.ਕੇ.) ਹਾਈ ਕਮਿਸ਼ਨ ਦੇ ਚੰਡੀਗੜ੍ਹ ਵਿੱਚ ਡਿਪਟੀ ਹਾਈ ਕਮਿਸ਼ਨਰ ਸ੍ਰੀ ਐਂਡਰਿਓ ਏਰੇ ਨਾਲ ਮੁਲਾਕਾਤ ਮਗਰੋਂ ਕੀਤਾ|
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਅਤੇ ਵਿਦੇਸ਼ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਹਿੱਤ ਕੰਮ ਕਰ ਰਹੀ ਹੈ ਅਤੇ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਪੰਜਾਬ ਅਤੇ ਯੂ.ਕੇ. ਵਿਚਕਾਰ 20 ਜੂਨ ਨੂੰ ਸਕਿਲ ਡਿਵੈਲਪਮੈਂਟ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਆਪਸੀ ਸਹਿਯੋਗ ਕਰਨ ਸਬੰਧੀ ਸਬੰਧੀ ਸਮਝੌਤਾ ਸਹੀਬੱਧ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਪੰਜਾਬ ਅਤੇ ਯੂ.ਕੇ. ਵਿੱਚ ਪੜਨ/ਡਿਗਰੀ ਜਾਂ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਦੋਹਰਾ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਟੀਫਿਕੇਟਾਂ ਦੀ ਅੰਤਰ ਰਾਸ਼ਟਰੀ ਪੱਧਰ ਤੇ ਮਾਨਤਾ ਹੋਵੇਗੀ, ਜਿਸ ਨਾਲ ਵਿਦਿਆਰਥੀ ਪੰਜਾਬ ਦੇ ਨਾਲ-ਨਾਲ ਯੂ.ਕੇ. ਅਤੇ ਹੋਰਨਾਂ ਦੇਸ਼ਾਂ ਵਿੱਚ ਨੌਕਰੀ ਹਾਸਲ ਕਰ ਸਕਣ ਦੇ ਯੋਗ ਹੋ ਜਾਣਗੇ|
ਸ. ਚੰਨੀ ਨੇ ਦੱਸਿਆ ਕਿ ਡਿਪਟੀ ਹਾਈ ਕਮਿਸ਼ਨਰ ਸ੍ਰੀ ਏਰੇ ਨਾਲ ਮੁਲਾਕਾਤ ਮੌਕੇ ਪੰਜਾਬ ਵਿੱਚ ਇੱਕ ਸਕਿਲ ਡਿਵੈਲਪਮੈਂਟ ਯੂਨੀਵਰਸਿਟੀ ਖੋਲਖ਼ਣ ਬਾਰੇ ਵੀ ਚਰਚਾ ਕੀਤੀ ਗਈ, ਜਿਸ ਸਬੰਧੀ ਤਕਨੀਕੀ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਲੋੜੀਂਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ| ਉਨ੍ਹਾਂ ਦੱਸਿਆ ਕਿ ਯੂ.ਕੇ. ਦੀਆਂ ਏਜੰਸੀਆਂ ਸਕਿਲ ਡਿਵੈਲਪਮੈਂਟ ਦੇ ਮਾਹਿਰਾਂ ਨੂੰ ਪੰਜਾਬ ਭੇਜਣਗੀਆਂ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਦੇ ਅਤੀ ਆਧੁਨਿਕ ਢੰਗਾਂ ਦੀ ਸਿਖਲਾਈ ਦੇਣਗੇ| ਉਨ੍ਹਾਂ ਕਿਹਾ ਕਿ ਪੰਜਾਬ ਦੇ ਉਚੇਰੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਦੀ ਵਿਦੇਸ਼ ਵਿੱਚ ਪੜ੍ਹਾਈ ਕਰਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾ ਰਹੀਆਂ ਹਨ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਸਕੱਤਰ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਸ. ਕਾਹਨ ਸਿੰਘ ਪੰਨੂ, ਸ੍ਰੀ ਸੰਦੀਪ ਕੌੜਾ ਅਤੇ ਮਧੂਚੰਦਾ ਮਿਸ਼ਰਾ ਵੀ ਹਾਜ਼ਰ ਸਨ|

Leave a Reply

Your email address will not be published. Required fields are marked *