ਪੰਜਾਬ ਕੈਬਨਿਟ ਦਾ ਫੈਸਲਾ, 24 ਅਗਸਤ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ

ਚੰਡੀਗੜ੍ਹ, 16 ਅਗਸਤ (ਸ.ਬ.) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਉਨ੍ਹਾਂ ਦੀ ਰਿਹਾਇਸ਼ ਵਿਖੇ ਹੋਈ| ਇਸ ਦੌਰਾਨ ਸਭ ਤੋਂ ਪਹਿਲਾਂ ਛੱਤੀਸਗੜ੍ਹ ਦੇ ਰਾਜਪਾਲ ਤੇ ਪੰਜਾਬ ਦੇ ਸਾਬਕਾ ਮੰਤਰੀ ਬਲਰਾਮ ਜੀ ਦਾਸ ਟੰਡਨ ਨੂੰ ਸ਼ਰਧਾਂਜਲੀ ਦਿੱਤੀ ਹੈ| ਇਸ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਰਗਾੜੀ ਕਾਂਡ ਤੇ ਬੇਅਦਬੀ ਮਾਮਲਿਆਂ ਬਾਰੇ ਫਾਈਨਲ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਗਈ| ਮੀਟਿੰਗ ਦੌਰਾਨ ਕੈਬਨਿਟ ਨੇ ਫੈਸਲਾ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਤੋਂ ਸ਼ੁਰੂ ਹੋ ਕੇ 28 ਅਗਸਤ ਤੱਕ ਚੱਲੇਗਾ|
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਨੂੰ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ| ਜ਼ਿਕਰਯੋਗ ਹੈ ਕਿ 15ਵੀਂ ਵਿਧਾਨ ਸਭਾ ਦਾ ਇਹ 5ਵਾਂ ਸੈਸ਼ਨ ਹੈ| ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਬ੍ਰਹਮ ਮੋਹਿੰਦਰਾ ਅਤੇ ਅਰੁਣਾ ਚੌਧਰੀ ਵੀ ਸ਼ਾਮਲ ਸਨ| ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਿਰਫ ਇਕ ਹੀ ਏਜੰਡਾ ਸੀ ਕਿਉਂਕਿ ਅੱਗੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣਾ ਹੈ|
ਉਨ੍ਹਾਂ ਕਿਹਾ ਕਿ 6 ਮਹੀਨਿਆਂ ਅੰਦਰ ਸੈਸ਼ਨ ਹੋਣਾ ਜ਼ਰੂਰੀ ਹੈ| ਉਨ੍ਹਾਂ ਕਿਹਾ ਕਿ ਇਹ ਪੂਰਾ ਪ੍ਰੋਗਰਾਮ 3 ਦਿਨਾਂ ਲਈ ਰੱਖਿਆ ਗਿਆ ਹੈ| ਇਸ ਮੌਕੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਛੱਤੀਸਗੜ੍ਹ ਦੇ ਰਾਜਪਾਲ ਬਲਰਾਮ ਜੀ ਦਾਸ ਟੰਡਨ ਸਾਡੇ ਵਿਚਕਾਰ ਨਹੀਂ ਰਹੇ, ਇਸ ਲਈ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ 2 ਮਿੰਟਾਂ ਦਾ ਮੌਨ ਰੱਖਿਆ ਗਿਆ ਹੈ| ਜਸਟਿਸ ਰਣਜੀਤ ਸਿੰਘ ਰਿਪੋਰਟ ਬਾਰੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ| ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਬਾਰੇ ਵੀ ਦੁਆ ਕੀਤੀ ਗਈ|

Leave a Reply

Your email address will not be published. Required fields are marked *